ਢੀਂਡਸਾ ਨੇ ਕਿਹਾ ਕਿ ਉਹਨਾਂ ਨੂੰ ਉਮੀਦ ਹੈ ਕਿ ਕੇਂਦਰੀ ਗ੍ਰਹਿ ਮੰਤਰੀ ਨਾਲ ਉਹਨਾਂ ਦੀ ਮੁਲਾਕਾਤ ਕਾਫੀ ਸਕਾਰਾਤਮਕ ਰਹੇਗੀ
ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਸੀਨੀਅਰ ਆਗੂ ਸੁਖਦੇਵ ਸਿੰਘ ਢੀਂਡਸਾ ਨੇ ਚੰਡੀਗੜ੍ਹ ਸਮੇਤ ਸੂਬੇ ਦੇ ਬੁਨਿਆਦੀ ਮੁੱਦਿਆਂ ਦੇ ਹੱਲ ਲਈ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਤੋਂ ਮੁਲਾਕਾਤ ਲਈ ਸਮਾਂ ਮੰਗਿਆ ਹੈ। ਇਸ ਦੌਰਾਨ ਢੀਂਡਸਾ ਨੇ ਕਿਹਾ ਕਿ ਉਹਨਾਂ ਨੂੰ ਉਮੀਦ ਹੈ ਕਿ ਕੇਂਦਰੀ ਗ੍ਰਹਿ ਮੰਤਰੀ ਨਾਲ ਉਹਨਾਂ ਦੀ ਮੁਲਾਕਾਤ ਕਾਫੀ ਸਕਾਰਾਤਮਕ ਰਹੇਗੀ ਅਤੇ ਉਹ ਪੰਜਾਬ ਨਾਲ ਸਬੰਧਤ ਹੋਰ ਮੁੱਦਿਆਂ 'ਤੇ ਵੀ ਚਰਚਾ ਕਰਨਗੇ।
ਉਹਨਾਂ ਕਿਹਾ ਕਿ ਚੰਡੀਗੜ੍ਹ ਪੰਜਾਬ ਦਾ ਹਿੱਸਾ ਹੈ ਅਤੇ ਇਹ ਪੰਜਾਬ ਨੂੰ ਹੀ ਦਿੱਤਾ ਜਾਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਚੰਡੀਗੜ੍ਹ ਦੇ ਮੁੱਦੇ ’ਤੇ ਸਾਰੇ ਪੰਜਾਬੀ ਇਕਜੁੱਟ ਹਨ। ਸੁਖਦੇਵ ਢੀਂਡਸਾ ਨੇ ਅੱਗੇ ਕਿਹਾ ਕਿ ਚੰਡੀਗੜ੍ਹ ਪੰਜਾਬ ਦੇ ਖੇਤਰ ਉੱਤੇ ਬਣਿਆ ਹੈ। ਆਜ਼ਾਦੀ ਤੋਂ ਬਾਅਦ ਦੇਸ਼ ਦੇ ਹਰ ਸੂਬੇ ਨੂੰ ਰਾਜਧਾਨੀ ਮਿਲੀ ਪਰ ਪੰਜਾਬ ਨੂੰ ਉਸ ਦੀ ਰਾਜਧਾਨੀ ਨਹੀਂ ਦਿੱਤੀ ਗਈ। ਇਸ ਲਈ ਕੇਂਦਰ ਸਰਕਾਰ ਚੰਡੀਗੜ੍ਹ ਪੰਜਾਬ ਨੂੰ ਦੇਵੇ, ਇਸ ’ਤੇ ਸਾਡਾ ਹੱਕ ਬਣਦਾ ਹੈ।
ਮਾਮਲੇ ਦੀ ਗੰਭੀਰਤਾ ਨੂੰ ਸਮਝਦੇ ਹੋਏ ਢੀਂਡਸਾ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਮਿਲਣ ਲਈ ਦਿੱਲੀ ਵਿਚ ਮੌਜੂਦ ਹਨ। ਉਹਨਾਂ ਕਿਹਾ ਕਿ ਉਹ ਹਮੇਸ਼ਾ ਸੂਬੇ ਦੇ ਹੱਕਾਂ ਦੇ ਹਿੱਤ ਵਿਚ ਰਹੇ ਹਨ ਅਤੇ ਦੇਸ਼ ਦੇ ਸੰਘੀ ਢਾਂਚੇ ਨੂੰ ਕਮਜ਼ੋਰ ਕਰਨ ਵਾਲੇ ਹਰ ਫੈਸਲੇ ਦਾ ਵਿਰੋਧ ਕਰਦੇ ਰਹੇ ਹਨ। ਦੱਸ ਦੇਈਏ ਕਿ ਹਾਲ ਹੀ ਵਿਚ ਹੋਈਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਸੁਖਦੇਵ ਸਿੰਘ ਢੀਂਡਸਾ ਦੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਨੇ ਭਾਜਪਾ ਨਾਲ ਗਠਜੋੜ ਕੀਤਾ ਸੀ।