
ਟਰਾਂਸਪੋਰਟ ਮੰਤਰੀ ਵਲੋਂ ਪੰਜਾਬ ਵਿਚ ਏਕੀਕਿ੍ਰਤ ਸੜਕ ਦੁਰਘਟਨਾ ਡੇਟਾਬੇਸ ਪ੍ਰਾਜੈਕਟ ਦੀ ਸ਼ੁਰੂਆਤ
ਚੰਡੀਗੜ੍ਹ, 1 ਅਪ੍ਰੈਲ (ਸ.ਸ.ਸ.) : ਪੰਜਾਬ ਵਿਚ ਸੜਕ ਹਾਦਸਿਆਂ ਅਤੇ ਮੌਤ ਦਰ ਨੂੰ ਬਿਲਕੁਲ ਘਟਾਉਣ ਦੇ ਉਦੇਸ਼ ਨਾਲ ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਸੂਬੇ ਵਿਚ ਏਕੀਕਿ੍ਰਤ ਸੜਕ ਦੁਰਘਟਨਾ ਡੇਟਾਬੇਸ (ਆਈ.ਆਰ.ਏ.ਡੀ.) ਪ੍ਰਾਜੈਕਟ ਦੀ ਸ਼ੁਰੂਆਤ ਕੀਤੀ ਜਿਸ ਨਾਲ ਪੰਜਾਬ ਦੇਸ਼ ਦਾ ਪਹਿਲਾ ਅਜਿਹਾ ਸੂਬਾ ਬਣ ਗਿਆ ਹੈ, ਜਿਥੇ ਸੜਕੀ ਹਾਦਸਿਆਂ ਨੂੰ ਘਟਾਉਣ, ਸੜਕੀ ਬਣਤਰ ਵਿਚ ਸੁਧਾਰ ਕਰਨ ਅਤੇ ਜ਼ਿਆਦਾ ਹਾਦਸੇ ਵਾਲੀਆਂ ਥਾਵਾਂ ਦੀ ਸ਼ਨਾਖ਼ਤ ਕਰਨ ਲਈ ਜੀ.ਆਈ.ਐਸ. ਆਧਾਰਤ ਤਕਨਾਲੌਜੀ ਨਾਲ ਲੈਸ ਆਈ.ਆਰ.ਏ.ਡੀ. ਸ਼ੁਰੂ ਕੀਤਾ ਗਿਆ ਹੈ।
ਪੰਜਾਬ ਭਵਨ ਵਿਚ ਕਰਵਾਏ ਗਏ ਸੰਖੇਪ ਸਮਾਗਮ ਦੌਰਾਨ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਸੂਬੇ ਦੇ ਲੋਕ ਨਿਰਮਾਣ ਵਿਭਾਗ (ਬੀ.ਐਂਡ.ਆਰ), ਨੈਸ਼ਨਲ ਹਾਈਵੇਜ਼, ਸਿਹਤ ਤੇ ਪਰਵਾਰ ਭਲਾਈ, ਨੈਸ਼ਨਲ ਹਾਈਵੇਜ਼ ਅਥਾਰਟੀ ਆਫ਼ ਇੰਡੀਆ ਅਤੇ ਪੰਜਾਬ ਮੰਡੀ ਬੋਰਡ ਨਾਲ ਸਬੰਧਤ ਅੰਤਰ-ਵਿਭਾਗੀ ਮੋਬਾਈਲ ਐਪਲੀਕੇਸ਼ਨ ਆਧਾਰਤ ਪ੍ਰਾਜੈਕਟ ਦੀ ਸ਼ੁਰੂਆਤ ਕਰਨ ਉਪਰੰਤ ਕਿਹਾ ਕਿ ਸੂਬੇ ਵਿਚ ਪ੍ਰਤੀ ਦਿਨ 10 ਤੋਂ 12 ਮੌਤਾਂ ਹੋ ਰਹੀਆਂ ਹਨ। ਇਹ ਦਰ ਦੇਸ਼ ਵਿਚ ਪ੍ਰਤੀ ਦਿਨ ਹੋ ਰਹੀਆਂ 8 ਤੋਂ 9 ਮੌਤਾਂ ਤੋਂ ਵੱਧ ਹੈ। ਉਨ੍ਹਾਂ ਕਿਹਾ ਕਿ ਸੜਕ ਹਾਦਸੇ ਵਿਚ ਅਜਾਈਂ ਜਾ ਰਹੀ ਇਕ-ਇਕ ਮੌਤ ਦੁਖਦਾਈ ਹੈ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਸੜਕੀ ਮੌਤ ਦਰ ਨੂੰ ਬਿਲਕੁਲ ਘਟਾਉਣ ਲਈ ਵਚਨਬੱਧ ਹੈ।
ਸ. ਭੁੱਲਰ ਨੇ ਦਸਿਆ ਕਿ ਸੱਤ ਪ੍ਰਮੁੱਖ ਸੂਬਿਆਂ ਪੰਜਾਬ, ਤਾਮਿਲਨਾਡੂ, ਕਰਨਾਟਕ, ਮਹਾਰਾਸ਼ਟਰ, ਮੱਧ ਪ੍ਰਦੇਸ਼, ਉੱਤਰ ਪ੍ਰਦੇਸ਼ ਅਤੇ ਰਾਜਸਥਾਨ ਵਿਚ ਆਈ.ਆਰ.ਏ.ਡੀ. ਪ੍ਰਾਜੈਕਟ ਦੀ ਸ਼ੁਰੂਆਤ ਕੀਤੀ ਗਈ ਹੈ ਪਰ ਪੰਜਾਬ ਇਸ ਪ੍ਰਾਜੈਕਟ ਵਿਚ ਐਡਵਾਂਸ ਤਕਨਾਲੌਜੀ ਵਰਤਣ ਵਾਲਾ ਪਹਿਲਾ ਸੂਬਾ ਬਣ ਗਿਆ ਹੈ, ਜਿੱਥੇ ਆਈ.ਆਰ.ਏ.ਡੀ. ਨੂੰ ਪੁਲਿਸ ਸਟੇਸਨ ਦੀਆਂ ਹੱਦਾਂ ਨਾਲ ਜੀ.ਆਈ.ਐਸ. ਮੈਪਸ ਰਾਹੀਂ ਜੋੜਿਆ ਗਿਆ ਹੈ।
ਉਨ੍ਹਾਂ ਦਸਿਆ ਕਿ ਇਸ ਪ੍ਰਾਜੈਕਟ ਦਾ ਮੁੱਖ ਉਦੇਸ਼ ਸੂਬਿਆਂ ਅਤੇ ਦੇਸ਼ ਦੇ ਹਰ ਹਿੱਸੇ ਤੋਂ ਦੁਰਘਟਨਾ ਡੇਟਾਬੇਸ ਤਿਆਰ ਕਰਨ ਲਈ ਇੰਟੀਗ੍ਰੇਟਿਡ ਰੋਡ ਐਕਸੀਡੈਂਟ ਡੇਟਾਬੇਸ (ਆਈ.ਆਰ.ਏ.ਡੀ.) ਤਿਆਰ ਕਰਨਾ ਹੈ। ਇਸ ਪ੍ਰਾਜੈਕਟ ਤਹਿਤ ਡੇਟਾ ਵਿਸ਼ਲੇਸ਼ਣ ਤਕਨੀਕਾਂ ਨੂੰ ਲਾਗੂ ਕਰ ਕੇ ਦੇਸ਼ ਭਰ ਵਿਚ ਇਕੱਠੇ ਕੀਤੇ ਸੜਕ ਦੁਰਘਟਨਾਵਾਂ ਦੇ ਅੰਕੜਿਆਂ ਦਾ ਵਿਸ਼ਲੇਸ਼ਣ ਕਰ ਕੇ ਵੱਖ-ਵੱਖ ਕਿਸਮਾਂ ਦੇ ਸੁਝਾਅ ਦਿਤੇ ਜਾਣਗੇ।
ਸਮਾਗਮ ਦੌਰਾਨ ਪ੍ਰਮੁੱਖ ਸਕੱਤਰ ਟਰਾਂਸਪੋਰਟ ਸ੍ਰੀ ਕੇ. ਸਿਵਾ ਪ੍ਰਸਾਦ, ਡਾਇਰੈਕਟਰ ਜਨਰਲ ਲੀਡ ਏਜੰਸੀ ਸ੍ਰੀ ਆਰ. ਵੈਂਕਟ ਰਤਨਮ ਅਤੇ ਏ.ਡੀ.ਜੀ.ਪੀ. (ਟ੍ਰੈਫ਼ਿਕ) ਸ੍ਰੀ ਏ.ਐਸ. ਰਾਏ ਸਮੇਤ ਕਈ ਅਧਿਕਾਰੀ ਮੌਜੂਦ ਸਨ।