
ਪਰਿਵਾਰ ਨੇ ਮੰਗ ਕੀਤੀ ਕਿ ਨਸ਼ੇ ’ਤੇ ਰੋਕ ਲਗਾਈ ਜਾਵੇ ਅਤੇ ਜੋ ਲੋਕ ਨਸ਼ਾ ਵੇਚ ਰਹੇ ਨੇ ਉਨ੍ਹਾਂ ’ਤੇ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ
ਫਿਰੋਜ਼ਪੁਰ : ਫਿਰੋਜ਼ਪੁਰ ਵਿਚ ਚਿੱਟੇ ਦਾ ਕਹਿਰ ਰੁਕਣ ਦਾ ਨਾਮ ਨਹੀਂ ਲੈ ਰਿਹਾ। ਲਗਾਤਾਰ ਨਸ਼ੇ ਕਾਰਨ ਹੋ ਰਹੀਆਂ ਮੌਤਾਂ ਦਾ ਅੰਕੜਾ ਵਧਦਾ ਜਾ ਰਿਹਾ ਹੈ। ਬੇਸ਼ਕ ਪੁਲਿਸ ਵੱਲੋਂ ਨਸ਼ੇ ’ਤੇ ਨਕੇਲ ਕੱਸਣ ਦੇ ਦਾਅਵੇ ਕੀਤੇ ਜਾ ਰਹੇ ਹਨ। ਪਰ ਨਸ਼ਾ ਅੱਜ ਵੀ ਧੜੱਲੇ ਨਾਲ ਵਿਕਦਾ ਨਜਰ ਆ ਰਿਹਾ ਹੈ। ਜਿਸ ਦੀ ਤਾਜਾ ਉਦਾਹਰਣ ਫਿਰੋਜ਼ਪੁਰ ਦੀ ਬਸਤੀ ਗੋਲਬਾਗ ਵਿੱਚ ਦੇਖੀ ਜਾ ਸਕਦੀ ਹੈ। ਜਿਥੇ ਨਸ਼ੇ ਨੇ ਇੱਕ ਹੋਰ ਘਰ ਉਜਾੜ ਕੇ ਰੱਖ ਦਿੱਤਾ ਹੈ।
ਫਿਰੋਜ਼ਪੁਰ ਵਿਚ ਇੱਕ ਹੋਰ ਨੌਜਵਾਨ ਦੀ ਨਸ਼ੇ ਕਾਰਨ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕ ਦੀ ਮਾਂ ਕਿੰਦਰ ਨੇ ਦੱਸਿਆ ਕਿ ਉਸ ਦਾ ਪੁੱਤਰ ਸ਼ੇਰ ਸਿੰਘ ਉਮਰ ਕਰੀਬ 28 ਸਾਲ ਜੋ ਨਸ਼ੇ ਕਰਨ ਦਾ ਆਦੀ ਸੀ ਅਤੇ ਪਿਛਲੇ ਲੰਮੇ ਸਮੇਂ ਤੋਂ ਨਸ਼ਾ ਕਰਦਾ ਆ ਰਿਹਾ ਸੀ। ਜੋ ਨਸ਼ੇ ਦੇ ਟੀਕੇ ਵੀ ਲਗਾਉਂਦਾ ਸੀ। ਜਿਸਦੀ ਸਿਹਤ ਵਿਗੜਨ ’ਤੇ ਉਸ ਨੂੰ ਇਲਾਜ ਲਈ ਸਿਵਲ ਹਸਪਤਾਲ ਵਿਚ ਲਿਆਂਦਾ ਗਿਆ ਸੀ ਪਰ ਇਥੇ ਉਸ ਦੀ ਮੌਤ ਹੋ ਗਈ ਹੈ।
ਪਰਿਵਾਰ ਨੇ ਦੱਸਿਆ ਕਿ ਮ੍ਰਿਤਕ ਨੌਜਵਾਨ ਉਨ੍ਹਾਂ ਦਾ ਇਕੋਂ ਇੱਕ ਪੁੱਤਰ ਸੀ ਜਿਸਨੂੰ ਨਸ਼ੇ ਨੇ ਖਾ ਲਿਆ ਹੈ। ਉਨ੍ਹਾਂ ਕਿਹਾ ਉਨ੍ਹਾਂ ਦੇ ਇਲਾਕੇ ਵਿਚ ਸ਼ਰੇਆਮ ਨਸ਼ਾ ਵਿਕ ਰਿਹਾ ਹੈ। ਉਨ੍ਹਾਂ ਮੰਗ ਕੀਤੀ ਕਿ ਨਸ਼ੇ ’ਤੇ ਰੋਕ ਲਗਾਈ ਜਾਵੇ ਅਤੇ ਜੋ ਲੋਕ ਨਸ਼ਾ ਵੇਚ ਰਹੇ ਨੇ ਉਨ੍ਹਾਂ ’ਤੇ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ ਤਾਂ ਜੋ ਉਨ੍ਹਾਂ ਦੀ ਤਰ੍ਹਾਂ ਕਿਸੇ ਹੋਰ ਦਾ ਘਰ ਇਸ ਤਰ੍ਹਾਂ ਨਾ ਉਜੜ ਸਕੇ।