
ਸਾਹਿਬਜਾਦਾ ਅਜੀਤ ਸਿੰਘ ਨਗਰ ਅਧੀਨ ਪੈਂਦੇ ਖੇਤਰ ਚ ਵਸਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ.............
ਐਸ.ਏ.ਐਸ. ਨਗਰ : ਸਾਹਿਬਜਾਦਾ ਅਜੀਤ ਸਿੰਘ ਨਗਰ ਅਧੀਨ ਪੈਂਦੇ ਖੇਤਰ ਚ ਵਸਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ ਅਤੇ ਨਗਰ ਨਿਗਮ ਅਧੀਨ ਪੈਂਦੇ ਪਿੰਡਾਂ ਦੇ ਵਿਕਾਸ ਕਾਰਜਾਂ ਸਮੇਤ ਸਫਾਈ ਕਾਰਜਾਂ ਨੂੰ ਵੀ ਪਹਿਲ ਦੇ ਆਧਾਰ ਤੇ ਕੀਤਾ ਜਾਵੇਗਾ। ਇਸ ਗੱਲ ਦੀ ਜਾਣਕਾਰੀ ਨਗਰ ਨਿਗਮ ਦੇ ਕਮਿਸ਼ਨਰ ਸ੍ਰੀ: ਭੁਪਿੰਦਰ ਪਾਲ ਸਿੰਘ ਜਿਨ੍ਹਾਂ ਨੇ, ਕਿ ਹਾਲ ਹੀ ਵਿੱਚ ਆਪਣੇ ਆਹੁਦੇ ਦਾ ਕਾਰਜਭਾਰ ਸੰਭਾਲਿਆ ਹੈ, ਨੇ ਵਿਸ਼ੇਸ਼ ਗੱਲਬਾਤ ਦੌਰਾਨ ਦਿੱਤੀ।
ਕਮਿਸ਼ਨਰ ਨਗਰ ਨਿਗਮ ਨੇ ਦੱਸਿਆ ਕਿ ਸ਼ਹਿਰ ਵਿੱਚ ਸੜਕੀ ਦੁਰਘਟਨਾਵਾਂ ਜਿਹੜੀਆਂ ਕਿ ਆਵਾਰਾ ਪਸ਼ੂਆਂ ਕਾਰਨ ਵਾਪਰਦੀਆਂ ਹਨ, ਨੂੰ ਠੱਲ੍ਹ ਪਾਉਣ ਲਈ ਆਵਾਰਾ ਪਸ਼ੂਆਂ ਨੂੰ ਫੜ ਕੇ ਲਾਲੜੂ ਸਥਿੱਤ ਸਰਕਾਰੀ ਗਊਸ਼ਾਲਾ ਵਿੱਚ ਭੇਜਿਆ ਜਾਵੇਗਾ ਅਤੇ ਆਵਾਰਾ ਪਸ਼ੂਆਂ ਦੇ ਮਾਲਕਾਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ। ਇਸ ਤੋਂ ਇਲਾਵਾ ਸ਼ਹਿਰ ਨਿਵਾਸੀਆਂ ਲਈ ਸਿਰਦਰਦੀ ਬਣੇ ਆਵਾਰਾ ਕੁੱਤਿਆਂ ਨੂੰ ਵੀ ਠੱਲ ਪਾਈ ਜਾਵੇਗੀ ਅਤੇ ਆਵਾਰਾ ਕੁੱਤਿਆਂ ਦੀ ਨਸਬੰਦੀ ਵਿੱਚ ਤੇਜ਼ੀ ਲਿਆਂਦੀ ਜਾਵੇਗੀ।
ਕਮਿਸ਼ਨਰ ਨਗਰ ਨਿਗਮ ਨੇ ਗੱਲਬਾਤ ਦੌਰਾਨ ਦੱਸਿਆ ਕਿ ਸੈਕਟਰ 76 ਅਤੇ 80 ਦੇ ਅਧੂਰੇ ਵਿਕਾਸ ਕਾਰਜਾਂ ਨੂੰ ਪਹਿਲ ਦੇ ਆਧਾਰ ਤੇ ਮੁਕੰਮਲ ਕੀਤਾ ਜਾਵੇਗਾ ਅਤੇ ਸੜਕਾਂ ਦੇ ਕੰਮ ਵਿੱਚ ਤੇਜ਼ੀ ਲਿਆ ਕੇ ਉਸ ਨੂ ੰਜਲਦੀ ਤੋਂ ਜਲਦੀ ਪੂਰਾ ਕੀਤਾ ਜਾਵੇਗਾ ਅਤੇ ਇਸ ਖੇਤਰ ਵਿੱਚ ਪੈਂਦੇ ਪਾਰਕਾਂ ਦੀ ਦਸ਼ਾ ਸੁਧਾਰਨ ਲਈ ਉਚੇਚੇ ਯਤਨ ਕੀਤੇ ਜਾਣਗੇ ਤਾਂ ਜੋ ਇਸ ਇਲਾਕੇ ਦੇ ਪਾਰਕ ਵੀ ਲੋਕਾਂ ਲਈ ਸੈਰਗਾਹ ਬਣ ਸਕਣ।
ਉਨ੍ਹਾਂ ਹੋਰ ਦੱਸਿਆ ਕਿ ਸ਼ਹਿਰ ਵਿੱਚ ਜਿੱਥੇ ਪਲਾਸਟਿਕ ਦੇ ਲਿਫਾਫਿਆਂ ਦੀ ਵਰਤੋਂ ਤੇ ਵੀ ਮੁਕੰਮਲ ਪਾਬੰਧੀ ਲਗਾਈ ਗਈ ਹੈ ਉੱਥੇ ਲੋਕਾਂ ਨੂੰ ਆਪਣੇ ਆਲੇ-ਦੁਆਲੇ ਦੀ ਸਫਾਈ ਪ੍ਰਤੀ ਵੀ ਜਾਗਰੂਕ ਕੀਤਾ ਜਾਵੇਗਾ ਅਤੇ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਸ਼ਹਿਰ ਨਿਵਾਸੀਆਂ ਨੂੰ ਮਲੇਰੀਆ/ਡੇਂਗੂ ਅਤੇ ਹੋਰਨਾਂ ਬਿਮਾਰੀਆਂ ਪ੍ਰਤੀ ਜਾਗਰੂਕ ਕਰਨ ਲਈ ਵਾਰਡ ਪੱਧਰ ਤੇ ਕੈਂਪ ਲਗਾਏ ਜਾਣਗੇ। ਉਨ੍ਹਾਂ ਸ਼ਹਿਰ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਸ਼ਹਿਰ ਦੀ ਸਫਾਈ ਲਈ ਨਗਰ ਨਿਗਮ ਨੂੰ ਆਪਣਾ ਪੂਰਾ-ਪੂਰਾ ਸਹਿਯੋਗ ਦੇਣ।