
ਮਾਮਲੇ ਦੀ ਜਾਂਚ ਹਾਈ ਕੋਰਟ ਦੇ ਜੱਜ ਤੋਂ ਕਰਵਾਉਣ ਦੀ ਮੰਗ
ਚੰਡੀਗੜ੍ਹ : ਜ਼ਹਿਰੀਲੀ ਸ਼ਰਾਬ ਨਾਲ ਜਾਨ ਗੁਆਉਣ ਵਾਲਿਆਂ ਦੀ ਗਿਣਤੀ ਦਾ ਅੰਕੜਾ 100 ਦੇ ਨੇੜੇ-ਤੇੜੇ ਪਹੁੰਚ ਚੁੱਕਾ ਹੈ। ਲੋਕਾਂ ਅੰਦਰ ਸ਼ਰਾਬ ਮਾਫੀਏ ਦੇ ਨਾਲ ਨਾਲ ਸਰਕਾਰ ਖਿਲਾਫ਼ ਵੀ ਗੁੱਸਾ ਵਧਦਾ ਜਾ ਰਿਹਾ ਹੈ। ਵਿਰੋਧੀ ਧਿਰਾਂ ਵੀ ਸਰਕਾਰ ਨੂੰ ਕਟਹਿਰੇ 'ਚ ਖੜ੍ਹਾ ਕਰ ਰਹੀਆਂ ਹਨ। ਆਮ ਆਦਮੀ ਪਾਰਟੀ, ਅਕਾਲੀ ਦਲ ਤੋਂ ਬਾਅਦ ਹੁਣ ਸ਼੍ਰੋਮਣੀ ਅਕਾਲੀ ਦਲ (ਡ) ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਨੇ ਵੀ ਜ਼ਹਿਰੀਲ ਸ਼ਰਾਬ ਨਾਲ ਹੋਈਆਂ ਮੌਤਾਂ ਲਈ ਕੈਪਟਨ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਇਆ ਹੈ।
Sukhdev Singh Dhindsa
ਸੀਨੀਅਰ ਅਕਾਲੀ ਆਗੂ ਤੇ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਨੇ ਮਾਝਾ ਖੇਤਰ 'ਚ ਜ਼ਹਿਰੀਲੀ ਸ਼ਰਾਬ ਵਲੋਂ ਵਰਤਾਏ ਕਹਿਰ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਨੂੰ ਸਿੱਧੇ ਤੌਰ 'ਤੇ ਠਹਿਰਾਉਂਦਿਆਂ ਮਾਮਲੇ ਦੀ ਜਾਂਚ ਹਾਈਕੋਰਟ ਦੇ ਮੌਜੂਦਾ ਜੱਜ ਤੋਂ ਕਰਵਾਉਣ ਦੀ ਮੰਗ ਕੀਤੀ ਹੈ । ਉਨ੍ਹਾਂ ਇਸ ਮਾਮਲੇ ਦੀ ਜਾਂਚ ਲਈ ਕੈਪਟਨ ਸਰਕਾਰ ਵਲੋਂ ਗਠਿਤ ਕੀਤੀ ਗਈ ਮੈਜਿਸਟ੍ਰੇਟੀ ਇਨਕੁਆਰੀ ਨੂੰ ਰੱਦ ਕਰਦਿਆਂ ਇਸ ਨੂੰ ਕੇਵਲ ਖ਼ਾਨਾਪੂਰਤੀ ਕਰਾਰ ਦਿਤਾ। ਉਨ੍ਹਾਂ ਕਿਹਾ ਕਿ ਅਜਿਹੀਆਂ ਪੜਤਾਲਾਂ ਕੇਵਲ ਲੋਕਾਂ ਦੇ ਅੱਖੀਂ ਘੱਟਾ ਪਾਉਣ ਬਰਾਬਰ ਹਨ।
Sukhdev Singh Dhindsa
ਉਨ੍ਹਾਂ ਸਪੱਸ਼ਟ ਕੀਤਾ ਕਿ 3-4 ਮਹੀਨੇ ਪਹਿਲਾਂ ਖੰਨਾ, ਰਾਜਪੁਰਾ ਤੇ ਲੁਧਿਆਣਾ ਵਿਖੇ ਫੜੀਆਂ ਗਈਆਂ ਨਕਲੀ ਸ਼ਰਾਬ ਦੀਆਂ ਫੈਕਟਰੀਆਂ ਦੇ ਅਸਲ ਮਾਲਕਾਂ ਵਿਰੁੱਧ ਢੁਕਵੀਂ ਕਾਰਵਾਈ ਕੀਤੀ ਹੁੰਦੀ ਤਾਂ ਅੱਜ ਇਹ ਦੁਖਾਂਤ ਨਹੀਂ ਸੀ ਵਾਪਰਨਾ। ਉਨ੍ਹਾਂ ਕਿਹਾ ਕਿ ਸਬੰਧਤ ਇਲਾਕਿਆਂ ਦੇ ਐਸਐਚਓ, ਡੀਐਸਪੀ ਤੇ ਐਕਸਾਈਜ਼ ਵਿਭਾਗ ਦੇ ਇੰਸਪੈਕਟਰਾਂ ਨੂੰ ਸਸਪੈਂਡ ਕਰਨਾ ਕੋਈ ਕਾਰਵਾਈ ਨਹੀਂ, ਸਗੋਂ ਇਨ੍ਹਾਂ ਨੂੰ ਤੁਰੰਤ ਡਿਸਮਿਸ ਕਰਨ ਤੋਂ ਇਲਾਵਾ ਸਬੰਧਤ ਹਲਕੇ ਦੇ ਕਾਂਗਰਸੀ ਵਿਧਾਇਕਾਂ, ਜਿਨ੍ਹਾਂ ਦੀ ਸਿਫਾਰਸ਼ ਨਾਲ ਇਸ ਗੋਰਖਧੰਦੇ ਨੂੰ ਚਲਾਉਣ ਲਈ ਸਿਫ਼ਾਰਸ਼ਾਂ ਸਬੰਧਤ ਥਾਣਾਂ 'ਚ ਹੁੰਦੀਆਂ ਸਨ, ਖਿਲਾਫ਼ ਵੀ ਮੁਕੱਦਮਾ ਦਰਜ ਕਰਨਾ ਚਾਹੀਦਾ ਹੈ।
Capt Amrinder Singh
ਸ. ਢੀਂਡਸਾ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਸਵਾਲ ਕੀਤਾ ਕਿ ਜਦੋਂ ਪੰਜਾਬ ਦੇ ਗੱਭਰੂ ਚਿੱਟੇ ਦੇ ਨਸ਼ੇ 'ਚ ਫੱਸ ਕੇ ਰੋਜ਼ਾਨਾ ਦਰਜਨਾਂ ਦੀ ਗਿਣਤੀ 'ਚ ਮਰ ਰਹੇ ਸਨ ਤਾਂ ਤੁਸੀਂ ਗੁਟਕਾ ਸਾਹਿਬ ਦੀ ਸਹੁੰ ਖਾ ਕੇ ਨਸ਼ਿਆਂ ਨੂੰ ਖ਼ਤਮ ਕਰਨ ਦੀ ਗੱਲ ਕਹਿ ਕੇ ਸਰਕਾਰ ਬਣਾਈ ਸੀ, ਹੁਣ ਤੁਹਾਡੇ ਉਹ ਵਾਅਦੇ ਕਿੱਥੇ ਹਨ?
Sukhdev Singh Dhindsa
ਉਨ੍ਹਾਂ ਕਿਹਾ ਕਿ ਹੁਣ ਕਾਂਗਰਸ ਦੀ ਸਰਕਾਰ 'ਚ ਨਕਲੀ ਸ਼ਰਾਬ ਦੀਆਂ ਫੈਕਟਰੀਆਂ ਦਾ ਪਰਦਾਫਾਸ਼ ਹੋ ਜਾਣ ਤੋਂ ਬਾਅਦ ਨਕਲੀ ਸ਼ਰਾਬ ਨਾਲ ਮਰਨ ਵਾਲਿਆਂ ਦੀ ਗਿਣਤੀ ਦੇ ਵਧੇ ਅੰਕੜੇ ਤੋਂ ਇਹ ਗੱਲ ਸਾਫ਼ ਹੋ ਗਈ ਕਿ ਕੈਪਟਨ ਸਰਕਾਰ ਲੋਕਾਂ ਦੇ ਹਿੱਤਾਂ ਲਈ ਪੂਰੀ ਤਰ੍ਹਾਂ ਫ਼ੇਲ ਹੋ ਚੁੱਕੀ ਹੈ। ਉਨ੍ਹਾਂ ਸਰਕਾਰ ਤੋਂ ਮ੍ਰਿਤਕਾਂ ਦੇ ਪਰਿਵਾਰ ਨੂੰ 20-20 ਲੱਖ ਰੁਪਏ ਮੁਆਵਜ਼ਾ ਦੇਣ ਦੀ ਮੰਗ ਵੀ ਕੀਤੀ ਹੈ।
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।