
ਰਸੋਈ ਗੈਸ ਸਿਲੰਡਰ ਦੀ ਕੀਮਤ ਵਧਣ ਕਾਰਨ ਉੱਜਵਲਾ ਯੋਜਨਾ ਦੇ 4 ਕਰੋੜ ਤੋਂ ਵੱਧ ਲਾਭਪਾਤਰੀਆਂ ਨੇ ਸਿਲੰਡਰਾਂ ਨੂੰ ਦੁਬਾਰਾ ਨਹੀਂ ਭਰਵਾਇਆ
ਆਪ ਦੀ ਕੇਂਦਰ ਸਰਕਾਰ ਨੂੰ ਅਪੀਲ: ਪੈਟਰੋਲ ਤੇ ਡੀਜ਼ਲ ਨੂੰ ਤੁਰੰਤ ਜੀਐਸਟੀ ਦੇ ਦਾਇਰੇ 'ਚ ਲਿਆਂਦਾ ਜਾਵੇ
ਚੰਡੀਗੜ੍ਹ - ਆਮ ਆਦਮੀ ਪਾਰਟੀ (ਆਪ) ਨੇ ਵਧਦੀ ਮਹਿੰਗਾਈ ਦੇ ਮੁੱਦੇ 'ਤੇ ਕੇਂਦਰ ਦੀ ਭਾਜਪਾ ਸਰਕਾਰ ਨੂੰ ਘੇਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ 'ਤੇ ਜਾਣਬੁੱਝ ਕੇ ਮਹਿੰਗਾਈ ਵਧਾਉਣ ਦਾ ਦੋਸ਼ ਲਗਾਇਆ ਹੈ। ਮੰਗਲਵਾਰ ਨੂੰ ਪ੍ਰੈੱਸ ਕਾਨਫਰੰਸ ਦੌਰਾਨ ‘ਆਪ’ ਪੰਜਾਬ ਦੇ ਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਅਸਮਾਨ ਛੂਹ ਰਹੀ ਮਹਿੰਗਾਈ ਨੇ ਆਮ ਲੋਕਾਂ ਦਾ ਜਿਉਣਾ ਦੁੱਭਰ ਕਰ ਦਿੱਤਾ ਹੈ। ਦੇਸ਼ ਦੇ ਕਰੋੜਾਂ ਲੋਕਾਂ ਨੂੰ ਦੋ ਵਕਤ ਦੀ ਰੋਟੀ ਵੀ ਨਹੀਂ ਮਿਲ ਰਹੀ। ਲੱਖਾਂ ਲੋਕ ਭੁੱਖਮਰੀ ਅਤੇ ਕੁਪੋਸ਼ਣ ਦਾ ਸ਼ਿਕਾਰ ਹੋ ਰਹੇ ਹਨ। ਇਸ ਦੇ ਨਾਲ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਮ ਲੋਕਾਂ ਨੂੰ ਮਹਿੰਗਾਈ ਤੋਂ ਰਾਹਤ ਦੇਣ ਦੀ ਬਜਾਏ ਆਪਣੇ ਪੂੰਜੀਵਾਦੀ ਮਿੱਤਰਾਂ ਦੇ ਕਰਜ਼ੇ ਮੁਆਫ਼ ਕਰਕੇ ਉਨ੍ਹਾਂ ਨੂੰ ਫਾਇਦਾ ਪਹੁੰਚਾਉਣ ਵਿੱਚ ਲੱਗੇ ਹੋਏ ਹਨ।
Malwinder Singh Kang
ਉੱਜਵਲਾ ਸਕੀਮ ਦੀ ਉਦਾਹਰਣ ਦਿੰਦਿਆਂ ਕੰਗ ਨੇ ਕਿਹਾ ਕਿ ਮਹਿੰਗਾਈ ਨੇ ਗਰੀਬ ਲੋਕਾਂ ਦੀ ਜ਼ਿੰਦਗੀ ਨੂੰ ਇਸ ਹੱਦ ਤੱਕ ਪ੍ਰਭਾਵਿਤ ਕੀਤਾ ਹੈ ਕਿ ਇਸ ਸਕੀਮ ਤਹਿਤ ਕਰੀਬ 9 ਕਰੋੜ ਲੋਕਾਂ ਨੂੰ ਮਿਲੇ ਗੈਸ ਸਿਲੰਡਰਾਂ ਵਿੱਚੋਂ 4 ਕਰੋੜ ਤੋਂ ਵੱਧ ਲਾਭਪਾਤਰੀ ਆਪਣੇ ਸਿਲੰਡਰਾਂ ਨੂੰ ਰੀਫਿਲ ਨਹੀਂ ਕਰਵਾਉਂਦੇ। LPG ਗੈਸ ਸਿਲੰਡਰ ਦੀ ਕੀਮਤ 8 ਸਾਲ ਪਹਿਲਾਂ 350 ਰੁਪਏ ਦੇ ਮੁਕਾਬਲੇ ਅੱਜ ਲਗਭਗ 1150 ਰੁਪਏ ਹੋ ਗਈ ਹੈ। ਪਰ ਕਿੰਨੀ ਸ਼ਰਮ ਦੀ ਗੱਲ ਹੈ ਕਿ ਮੋਦੀ ਸਰਕਾਰ ਨੇ ਗੈਸ ਸਿਲੰਡਰਾਂ ਦੀਆਂ ਕੀਮਤਾਂ ਘਟਾਉਣ ਦੀ ਬਜਾਏ ਖਾਣ-ਪੀਣ ਦੀਆਂ ਜ਼ਰੂਰੀ ਵਸਤਾਂ 'ਤੇ ਜੀਐਸਟੀ ਲਗਾ ਦਿੱਤਾ ਅਤੇ ਗੈਸ ਸਿਲੰਡਰਾਂ ਦੀਆਂ ਕੀਮਤਾਂ ਹੋਰ ਵਧਾ ਦਿੱਤੀਆਂ ਹਨ।
Malwinder Singh Kang
ਕੰਗ ਨੇ ਆਮ ਆਦਮੀ ਪਾਰਟੀ ਦੀ ਤਰਫੋਂ ਕੇਂਦਰ ਸਰਕਾਰ ਨੂੰ ਪੈਟਰੋਲ ਅਤੇ ਡੀਜ਼ਲ ਨੂੰ ਜੀਐਸਟੀ ਦੇ ਦਾਇਰੇ ਵਿੱਚ ਲਿਆਉਣ ਦੀ ਅਪੀਲ ਕਰਦਿਆਂ ਕਿਹਾ ਕਿ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧੇ ਕਾਰਨ ਆਵਾਜਾਈ ਅਤੇ ਹੋਰ ਖਰਚੇ ਵੱਧ ਜਾਂਦੇ ਹਨ, ਜਿਸਦਾ ਮਹਿੰਗਾਈ 'ਤੇ ਸਿੱਧਾ ਅਸਰ ਪੈਂਦਾ ਹੈ| ਇਸ ਲਈ ਕੇਂਦਰ ਸਰਕਾਰ ਤੁਰੰਤ ਪੈਟਰੋਲ ਅਤੇ ਡੀਜ਼ਲ ਨੂੰ ਜੀਐਸਟੀ ਦੇ ਦਾਇਰੇ ਵਿੱਚ ਲਿਆ ਕੇ ਆਮ ਆਦਮੀ ਨੂੰ ਮਹਿੰਗਾਈ ਤੋਂ ਰਾਹਤ ਦੇਵੇ।