
ਚਸ਼ਮਦੀਦ ਗਵਾਹਾਂ ਦੀ ਗਵਾਹੀ ਪੂਰੀ ਹੋਣ ਤਕ ਉਡੀਕ ਕਰੋ : ਹਾਈ ਕੋਰਟ
ਚੰਡੀਗੜ੍ਹ : ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਸਿੱਧੂ ਮੂਸੇਵਾਲਾ ਕਤਲ ਕੇਸ ਦੇ 7 ਮੁਲਜ਼ਮਾਂ ਦੀਆਂ ਜ਼ਮਾਨਤ ਪਟੀਸ਼ਨਾਂ ਖਾਰਜ ਕਰ ਦਿਤੀ ਆਂ ਹਨ। ਪ੍ਰਭਦੀਪ ਸਿੰਘ ਉਰਫ ਪੱਬੀ, ਜਗਤਾਰ ਸਿੰਘ, ਮਨਪ੍ਰੀਤ ਸਿੰਘ ਉਰਫ ਭਾਊ, ਨਸੀਬ ਦੀਨ, ਰਜਿੰਦਰ ਉਰਫ ਜੋਕਰ, ਪਵਨ ਕੁਮਾਰ ਬਿਸ਼ਨੋਈ ਅਤੇ ਸਰਾਜ ਸਿੰਘ ਉਰਫ ਮਿੰਟੂ ਨੇ ਵੱਖ-ਵੱਖ ਆਧਾਰਾਂ ਉਤੇ ਨਿਯਮਤ ਜ਼ਮਾਨਤ ਲਈ ਹਾਈ ਕੋਰਟ ਵਿਚ ਪਟੀਸ਼ਨ ਦਾਇਰ ਕੀਤੀ ਸੀ।
ਪਟੀਸ਼ਨਕਰਤਾਵਾਂ ਦੇ ਵਕੀਲ ਨੇ ਦਲੀਲ ਦਿਤੀ ਕਿ ਉਹ ਪਿਛਲੇ ਦੋ ਸਾਲਾਂ ਤੋਂ ਹਿਰਾਸਤ ਵਿਚ ਹਨ ਅਤੇ ਮੁਕੱਦਮੇ ਦੀ ਗਤੀ ਬਹੁਤ ਹੌਲੀ ਹੈ। ਪੰਜਾਬ ਸਰਕਾਰ ਨੇ ਇਸ ਮਾਮਲੇ ਵਿਚ ਜ਼ਮਾਨਤ ਦਾ ਵਿਰੋਧ ਕਰਦਿਆਂ ਕਿਹਾ ਕਿ ਤਿੰਨ ਚਸ਼ਮਦੀਦ ਗਵਾਹਾਂ ਸਮੇਤ ਕੁਲ 180 ਗਵਾਹ ਹਨ। ਹੁਣ ਤਕ , ਸਿਰਫ ਇਕ ਗਵਾਹੀ ਹੋਈ ਹੈ।
ਅਦਾਲਤ ਨੇ ਕਿਹਾ ਕਿ ਅਪਰਾਧ ਦੀ ਗੰਭੀਰਤਾ ਨੂੰ ਵੇਖਦੇ ਹੋਏ ਗਵਾਹਾਂ ਦੀ ਸੁਰੱਖਿਆ ਅਤੇ ਨਿਰਪੱਖਤਾ ਨੂੰ ਤਰਜੀਹ ਦੇਣਾ ਜ਼ਰੂਰੀ ਹੈ। ਇਸ ਲਈ ਅਦਾਲਤ ਨੇ ਸਪੱਸ਼ਟ ਕੀਤਾ ਕਿ ਸਾਰੇ ਚਸ਼ਮਦੀਦਗਵਾਹਾਂ ਦੀ ਗਵਾਹੀ ਪੂਰੀ ਹੋਣ ਤਕ ਨਿਯਮਤ ਜ਼ਮਾਨਤ ਅਰਜ਼ੀਆਂ ਉਤੇ ਵਿਚਾਰ ਨਹੀਂ ਕੀਤਾ ਜਾ ਸਕਦਾ।
ਅਦਾਲਤ ਨੇ ਕਿਹਾ ਕਿ ਚਸ਼ਮਦੀਦ ਗਵਾਹਾਂ ਦੀ ਗਵਾਹੀ ਬਹੁਤ ਮਹੱਤਵਪੂਰਨ ਹੈ। ਜੇ ਦੋਸ਼ੀ ਹਿਰਾਸਤ ਤੋਂ ਬਾਹਰ ਆ ਜਾਂਦੇ ਹਨ, ਤਾਂ ਚਸ਼ਮਦੀਦ ਗਵਾਹਾਂ ਲਈ ਅਸੁਰੱਖਿਆ ਦਾ ਮਾਹੌਲ ਪੈਦਾ ਹੋ ਜਾਂਦਾ ਹੈ, ਜਿਸ ਨਾਲ ਨਿਰਪੱਖ ਸੁਣਵਾਈ ਦੇ ਅਧਿਕਾਰਾਂ ਦੀ ਉਲੰਘਣਾ ਹੋ ਸਕਦੀ ਹੈ। ਇਸ ਦੇ ਨਾਲ ਹੀ ਹਾਈ ਕੋਰਟ ਨੇ ਇਨ੍ਹਾਂ ਸਾਰੀਆਂ ਪਟੀਸ਼ਨਾਂ ਨੂੰ ਇਕੋ ਸਮੇਂ ਖਾਰਜ ਕਰ ਦਿਤਾ।