
ਅਗਾਊਂ ਜ਼ਮਾਨਤ ਦੀ ਅਰਜ਼ੀ ਮੁੱਢੋਂ ਰੱਦ
to
ਐਸ.ਏ.ਐਸ. ਨਗਰ, 1 ਸਤੰਬਰ (ਗੁਰਮੁਖ ਵਾਲੀਆ) : ਮੁਹਾਲੀ ਅਦਾਲਤ ਨੇ ਪੰਜਾਬ ਦੇ ਸਾਬਕਾ ਆਈਏਐਸ ਅਧਿਕਾਰੀ ਦੇ ਬੇਟੇ ਅਤੇ ਸਿਟਕੋ ਦੇ ਜੂਨੀਅਰ ਇੰਜਨੀਅਰ (ਜੇਈ) ਬਲਵੰਤ ਸਿੰਘ ਮੁਲਤਾਨੀ ਨੂੰ 29 ਸਾਲ ਪਹਿਲਾਂ ਅਗ਼ਵਾ ਕਰਨ ਮਗਰੋਂ ਭੇਤਭਰੀ ਹਾਲਤ ਵਿਚ ਲਾਪਤਾ ਕਰਨ ਦੇ ਗੰਭੀਰ ਦੋਸ਼ਾਂ ਦਾ ਸਾਹਮਣਾ ਕਰ ਰਹੇ ਸਾਬਕਾ ਡੀਜੀਪੀ ਸੁਮੇਧ ਸੈਣੀ ਨੂੰ ਵੱਡਾ ਝਟਕਾ ਦਿੰਦਿਆਂ ਉਸ ਦੀ ਅਗਾਊਂ ਜ਼ਮਾਨਤ ਦੀ ਅਰਜ਼ੀ ਨੂੰ ਰੱਦ ਕਰ ਦਿਤਾ ਹੈ। ਕੁੱਝ ਦਿਨ ਪਹਿਲਾਂ ਸੈਣੀ ਨੇ ਅਪਣੇ ਵਕੀਲ ਏਪੀਐਸ ਦਿਓਲ ਰਾਹੀਂ ਅਦਾਲਤ ਵਿਚ ਅਰਜ਼ੀ ਦਾਇਰ ਕਰਕੇ ਧਾਰਾ 302 ਵਿੱਚ ਅਗਾਊਂ ਜ਼ਮਾਨਤ ਦੇਣ ਦੀ ਗੁਹਾਰ ਲਗਾਈ ਸੀ।
ਵਿਸ਼ੇਸ਼ ਸਰਕਾਰੀ ਵਕੀਲ ਈਧਰ, ਸਪੈਸ਼ਲ ਪਬਲਿਕ ਪ੍ਰਾਸੀਕਿਊਟਰ ਸਰਤੇਜ ਸਿੰਘ ਨਰੂਲਾ, ਸਰਕਾਰੀ ਵਕੀਲ ਸੰਜੀਵ ਬੱਤਰਾ ਅਤੇ ਪੀੜਤ ਪਰਵਾਰ ਦੇ ਵਕੀਲ ਪਰਦੀਪ ਸਿੰਘ ਵਿਰਕ ਨੇ ਸੈਣੀ ਦੀ ਜ਼ਮਾਨਤ ਅਰਜ਼ੀ ਦਾ ਵਿਰੋਧ ਕਰਦਿਆਂ ਅਦਾਲਤ ਨੂੰ ਦਸਿਆ ਕਿ ਸੈਣੀ ਵਿਰੁਧ ਗੰਭੀਰ ਦੋਸ਼ ਹਨ। ਉਨ੍ਹਾਂ ਕਿਹਾ ਕਿ ਸੁਮੇਧ ਸੈਣੀ ਇਕ ਪ੍ਰਭਾਵਸ਼ਾਲੀ ਹੋਣ ਕਾਰਨ ਸਥਿਤੀ ਦਾ ਫਾਇਦਾ ਉਠਾ ਸਕਦੇ ਹਨ ਅਤੇ ਸਹੀ ਜਾਂਚ ਵਿਚ ਰੁਕਾਵਟ ਪੈਦਾ ਕਰ ਸਕਦੇ ਹਨ। ਲਿਹਾਜ਼ਾ ਕਿਸੇ ਵੀ ਸੂਰਤ ਵਿਚ ਮੁਲਜ਼ਮ ਨੂੰ ਜ਼ਮਾਨਤ ਨਾ ਦਿਤੀ ਜਾਵੇ।
ਅਦਾਲਤ ਨੇ ਅਪਣਾ ਫ਼ੈਸਲਾ ਸੁਣਾਉਂਦੇ ਹੋਏ ਦਸਿਆ ਕਿ ਉਪਰੋਕਤ ਵਿਚਾਰਾਂ ਨੂੰ ਧਿਆਨ ਵਿਚ ਰਖਦਿਆਂ ਦੋਸ਼ੀ ਸੁਮੇਧ ਸਿੰਘ ਸੈਣੀ ਇਕ ਗੁੰਝਲਦਾਰ ਅਪਰਾਧ ਲਈ ਦੋਸ਼ੀ ਹੈ ਅਤੇ ਅਗਾਊਂ ਜ਼ਮਾਨਤ ਤੋਂ ਵਾਧੂ ਸਧਾਰਣ ਰਾਹਤ ਦਾ ਹੱਕਦਾਰ ਨਹੀਂ ਹੈ। ਇਸ ਮਾਮਲੇ ਦੀ ਹੋਰ ਜਾਂਚ ਲਈ ਉਸ ਦੀ ਹਿਰਾਸਤ ਵਿਚ ਪੁੱਛਗਿੱਛ ਜ਼ਰੂਰੀ ਹੈ। ਇਸ ਲਈ, ਕੇਸ ਦੇ ਹੋਰ ਤੱਥਾਂ ਬਾਰੇ ਉਸ ਦੀ ਜ਼ਮਾਨਤ ਦੀ ਅਰਜ਼ੀ ਨੂੰ ਖ਼ਾਰਜ ਕਰਨਾ ਬਣਦਾ ਹੈ।
ਅਦਾਲਤ ਨੇ ਦੋਵਾਂ ਧਿਰਾਂ ਦੀਆਂ ਦਲੀਲਾਂ 'ਤੇ ਗੌਰ ਕਰਦਿਆਂ ਸਾਬਕਾ ਡੀਜੀਪੀ ਸੈਣੀ ਦੀ ਜ਼ਮਾਨਤ ਅਰਜ਼ੀ ਮੁੱਢੋਂ ਰੱਦ ਕਰ ਦਿਤੀ। ਹੁਣ ਸੈਣੀ ਦੀ ਕਿਸੇ ਵੀ ਸਮੇਂ ਗ੍ਰਿਫ਼ਤਾਰੀ ਹੋ ਸਕਦੀ ਹੈ। ਅਦਾਲਤ ਦੇ ਫ਼ੈਸਲੇ ਤੋਂimage ਬਾਅਦ ਮੁਹਾਲੀ ਅਤੇ ਸਿੱਟ ਦੇ ਮੈਂਬਰਾਂ ਨੇ ਸੈਣੀ ਦੀ ਗ੍ਰਿਫ਼ਤਾਰੀ ਲਈ ਸਿਰਜੋੜ ਕੇ ਸਾਂਝੇ ਯਤਨ ਕਰਨ ਲਈ ਵਿਊਂਤਬੰਦੀ ਕੀਤੀ ਗਈ। ਜਲਦੀ ਦੀ ਛਾਪੇਮਾਰੀ ਕੀਤੀ ਜਾ ਸਕਦੀ ਹੈ।