
ਕਿਸਾਨਾਂ ਦੇ ਮੁੱਦਿਆਂ ਨੂੰ ਮੁੱਖ ਮੰਤਰੀ ਨਾਲ ਵਿਚਾਰ ਕਰਾਂਗਾ- ਖੇਤੀਬਾੜੀ ਮੰਤਰੀ ਖੁੱਡੀਆਂ
ਚੰਡੀਗੜ੍ਹ: ਚੰਡੀਗੜ੍ਹ ਦੇ ਮਟਕਾ ਚੌਂਕ ਵਿਖੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ )ਤੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਕੋਲੋਂ ਮੰਗ ਪੱਤਰ ਲੈਂਦਿਆਂ ਇਹ ਐਲਾਨ ਕੀਤਾ ਕਿ, ਮੈਂ ਕਿਸਾਨਾਂ ਦਾ ਵਕੀਲ ਬਣ ਕੇ ਸਰਕਾਰ ਤੱਕ ਗੱਲ ਪਹੁੰਚਾਊਗਾ।
ਮੰਗ ਪੱਤਰ ਲੈਣ ਮਗਰੋਂ ਮੰਤਰੀ ਖੁੱਡੀਆਂ ਨੇ ਕਿਹਾ ਕਿ ਕਿਸਾਨਾਂ-ਮਜ਼ਦੂਰਾਂ ਦਾ ਉਨ੍ਹਾਂ ਨੂੰ ਮੰਗ ਪੱਤਰ ਮਿਲਿਆ ਹੈ, ਜੋ ਉਹ ਪੰਜਾਬ ਦੇ ਸੀਐੱਮ ਭਗਵੰਤ ਮਾਨ ਤੱਕ ਪਹੁੰਚਾਉਣਗੇ। ਉਨ੍ਹਾਂ ਨੇ ਕਿਹਾ ਹੈ ਕਿ ਇਨ੍ਹਾਂ ਮੰਗਾਂ ਤੇ ਨਜ਼ਰਸਾਨੀ ਕਰਕੇ, ਇਨ੍ਹਾਂ ਦਾ ਵਾਰੋਂ ਵਾਰੀ ਹੱਲ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ, ਕਿਸਾਨ ਸਾਡੇ ਪੰਜਾਬ ਦੇ ਹਨ, ਸਾਡੇ ਭਰਾ ਹਨ ਅਤੇ ਖੇਤੀ ਖਾਤਰ ਲੜ ਰਹੇ ਹਨ, ਸਾਡੀ ਸਰਕਾਰ ਇਨ੍ਹਾਂ ਦੀਆਂ ਮੰਗਾਂ ਨੂੰ ਪੂਰਾ ਕਰਾਂਗੇ। ਖੁੱਡੀਆਂ ਨੇ ਕਿਸਾਨਾਂ ਨਾਲ ਵਾਅਦਾ ਕੀਤਾ ਕਿ, ਉਹ ਕਿਸਾਨਾਂ ਦਾ ਵਕੀਲ ਬਣ ਕੇ ਉਨ੍ਹਾਂ ਦੀਆਂ ਮੰਗਾਂ ਸਰਕਾਰ ਤੱਕ ਪਹੁੰਚਾਉਣਗੇ।
ਸ਼ਾਮ 3 ਵਜੇ ਸੈਕਟਰ 34 ਤੋਂ ਮਟਕਾ ਚੌਕ ਲਈ ਕਿਸਾਨਾਂ, ਮਜ਼ਦੂਰਾਂ ਅਤੇ ਮਹਿਲਾਵਾਂ ਵੱਲੋਂ ਖੇਤੀਬਾੜੀ ਨੀਤੀ ਬਣਾਉਣ ਨੂੰ ਲੈ ਕੇ ਮਾਰਚ ਕੀਤਾ ਗਿਆ। ਇਸ ਮੌਕੇ ਕਿਸਾਨਾਂ ਦਾ ਵੱਡਾ ਇਕੱਠ ਸੀ। ਕਿਸਾਨਾਂ ਦਾ ਕਹਿਣਾ ਹੈ ਕਿ ਅਸੀਂ ਸਰਕਾਰ ਨੂੰ ਅਪੀਲ ਕਰਦੇ ਹਾਂ ਕਿ ਖੇਤੀ ਨੀਤੀ ਬਣਾਈ ਜਾਵੇਂ ਤਾਂ ਕਿ ਕਿਸਾਨ ਦਾ ਜੀਵਨ ਖੁਸ਼ਹਾਲ ਹੋ ਸਕੇ।