
ਕੈਪਟਨ ਅਮਰਿੰਦਰ ਸਿੰਘ ਵਲੋਂ ਕਾਨੂੰਨੀ ਮਾਹਰਾਂ ਨਾਲ ਮਸ਼ਵਰਾ ਕਰ ਕੇ ਕੇਂਦਰੀ ਕਾਨੂੰਨੀ ਵਿਰੁਧ ਲਿਆ ਜਾਵੇਗਾ ਫ਼ੈਸਲਾ : ਲਾਲ ਸਿੰਘ
ਪਟਿਆਲਾ, 1 ਅਕਤੂਬਰ (ਤੇਜਿੰਦਰ ਫ਼ਤਿਹਪੁਰ) : ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਲਾਲ ਸਿੰਘ ਨੇ ਕਿਹਾ ਹੈ ਕਿ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਕਿਸਾਨ ਵਿਰੋਧੀ ਖੇਤੀਬਾੜੀ ਕਾਨੂੰਨਾਂ ਖ਼ਿਲਾਫ਼ ਜਿੱਥੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਸਰਕਾਰ ਕਿਸਾਨਾਂ ਦੇ ਰੋਸ ਵਿੱਚ ਸ਼ਾਮਲ ਹੈ, ਉਥੇ ਹੀ ਕਾਂਗਰਸ ਦੇ ਸਾਬਕਾ ਪ੍ਰਧਾਨ ਸ੍ਰੀ ਰਾਹੁਲ ਗਾਂਧੀ ਵੀ ਕਿਸਾਨਾਂ ਵੱਲੋਂ ਕੀਤੇ ਜਾ ਰਹੇ ਰੋਸ ਵਿਖਾਵਿਆਂ ਦੀ ਹਮਾਇਤ 'ਚ ਪੰਜਾਬ ਪੁੱਜ ਰਹੇ ਹਨ। ਸ. ਲਾਲ ਸਿੰਘ ਅੱਜ ਸਮਾਣਾ ਦੀ ਅਨਾਜ ਮੰਡੀ ਵਿਖੇ ਆੜਤੀਆ ਐਸੋਸੀਏਸ਼ਨ ਵੱਲੋਂ ਕਰਵਾਏ ਇੱਕ ਵਿਸ਼ੇਸ਼ ਸਮਾਗਮ ਵਿੱਚ ਹਿੱਸਾ ਲੈਣ ਪੁੱਜੇ ਹੋਏ ਸਨ। ਉਨ੍ਹਾਂ ਨੇ ਅਨਾਜ ਮੰਡੀ 'ਚ ਝੋਨੇ ਦੀ ਚੱਲ ਰਹੀ ਖਰੀਦ ਦੌਰਾਨ ਇੱਕ ਢੇਰੀ ਦੀ ਬੋਲੀ ਵੀ ਕਰਵਾਈ। ਇਸ ਮੌਕੇ ਉਨ੍ਹਾਂ ਦੇ ਨਾਲ ਮੌਜੂਦ ਐਮ.ਐਲ.ਏ. ਸ. ਰਾਜਿੰਦਰ ਸਿੰਘ ਨੇ ਦੱਸਿਆ ਕਿ ਲੋਕ ਸਭਾ ਮੈਂਬਰ ਸ੍ਰੀ ਰਾਹੁਲ ਗਾਂਧੀ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 4 ਅਕਤੂਬਰ ਨੂੰ ਸਮਾਣਾ ਵਿਖੇ ਪੁੱਜਣਗੇ ਤੇ ਕਿਸਾਨਾਂ ਦੀ ਹਮਾਇਤ 'ਚ ਵਿਸ਼ਾਲ ਟ੍ਰੈਕਟਰ ਰੈਲੀ 'ਚ ਸ਼ਮੂਲੀਅਤ ਕਰਨਗੇ।