
ਕਿਸੇ ਵੀ ਤਰ੍ਹਾਂ ਦੀ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ - DGP ਗੌਰਵ ਯਾਦਵ
ਅਣਗਹਿਲੀ ਕਰਨ ਵਾਲੇ ਪੁਲਿਸ ਮੁਲਾਜ਼ਮ ਖ਼ਿਲਾਫ਼ FIR ਦਰਜ
ਧਾਰਾ 311 ਤਹਿਤ CIA ਇੰਚਾਰਜ ਮਾਨਸਾ ਪ੍ਰਿਤਪਾਲ ਸਿੰਘ ਨੂੰ ਕੀਤਾ ਮੁਅੱਤਲ
CIA ਇੰਚਾਰਜ ਨੂੰ ਪੁਲਿਸ ਨੇ ਹਿਰਾਸਤ ਵਿਚ ਲਿਆ
ਚੰਡੀਗੜ੍ਹ : ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਗ੍ਰਿਫ਼ਤਾਰ ਕੀਤੇ ਗਏ ਦੀਪਕ ਟੀਨੂੰ ਦੇ ਪੁਲਿਸ ਹਿਰਾਸਤ ਵਿੱਚੋਂ ਫਰਾਰ ਹੋਣ ਤੋਂ ਬਾਅਦ ਪੰਜਾਬ ਪੁਲਿਸ ਦੀ ਕਾਰਵਾਈ ’ਤੇ ਸਵਾਲ ਖੜ੍ਹੇ ਹੋ ਰਹੇ ਹਨ। ਹਾਲਾਂਕਿ ਇਸ ਦੌਰਾਨ ਵੱਡੀ ਕਾਰਵਾਈ ਕਰਦੇ ਹੋਏ ਡੀਜੀਪੀ ਗੌਰਵ ਯਾਦਵ ਨੇ ਸੀਆਈਏ ਇੰਚਾਰਜ ਨੂੰ ਮੁਅੱਤਲ ਕਰਨ ਦੇ ਨਾਲ-ਨਾਲ ਦੋਸ਼ੀ ਪੁਲਿਸ ਅਧਿਕਾਰੀ ਖ਼ਿਲਾਫ਼ ਐਫਆਈਆਰ ਦਰਜ ਕਰ ਦਿੱਤੀ ਹੈ।
ਇਸ ਕਾਰਵਾਈ ਤੋਂ ਬਾਅਦ ਡੀਜੀਪੀ ਨੇ ਕਿਹਾ ਕਿ ਸੂਬੇ ਵਿੱਚ ਕਾਨੂੰਨ ਵਿਵਸਥਾ ਨੂੰ ਲੈ ਕੇ ਕਿਸੇ ਵੀ ਤਰ੍ਹਾਂ ਦੀ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਪੁਲਿਸ ਟੀਮਾਂ ਨੇ ਘੇਰਾਬੰਦੀ ਕਰ ਕੇ ਮੁਲਜ਼ਮਾਂ ਦੀ ਮੁੜ ਗ੍ਰਿਫ਼ਤਾਰੀ ਲਈ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਦੱਸ ਦੇਈਏ ਕਿ ਪੁਲਿਸ ਦੀਪਕ ਟੀਨੂੰ ਨੂੰ ਕਪੂਰਥਲਾ ਤੋਂ ਮਾਨਸਾ ਲਿਆ ਰਹੀ ਸੀ। ਇਸ ਦੌਰਾਨ ਹੱਥਕੜੀ ਨਾ ਲੱਗਣ ਦਾ ਫਾਇਦਾ ਉਠਾਉਂਦੇ ਹੋਏ ਟੀਨੂੰ ਪੁਲਿਸ ਨੂੰ ਚਕਮਾ ਦੇ ਕੇ ਉਥੋਂ ਫਰਾਰ ਹੋ ਗਿਆ।
ਉਹ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਵੀ ਕਰੀਬੀ ਹੈ। ਮੂਸੇਵਾਲਾ ਕਤਲੇਆਮ ਤੋਂ ਪਹਿਲਾਂ ਲਾਰੈਂਸ ਅਤੇ ਟੀਨੂੰ ਵਿਚਕਾਰ ਕਾਨਫਰੰਸ ਕਾਲ ਵੀ ਹੋਈ ਸੀ, ਜਿਸ ਤੋਂ ਬਾਅਦ ਮੂਸੇਵਾਲਾ ਨੂੰ 29 ਮਈ ਨੂੰ ਮਾਰ ਦਿੱਤਾ ਗਿਆ ਸੀ। ਦੀਪਕ ਟੀਨੂੰ ਦੇ ਫਰਾਰ ਹੋਣ ਤੋਂ ਬਾਅਦ ਪੂਰੇ ਪੰਜਾਬ 'ਚ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਪੁਲਿਸ ਨੇ ਰਾਜਸਥਾਨ ਅਤੇ ਹਰਿਆਣਾ ਦੀ ਸਰਹੱਦ ਨੂੰ ਸੀਲ ਕਰ ਦਿੱਤਾ ਹੈ।