
ਝੋਨੇ ਦੀ ਨਿਰਵਿਘਨ ਅਤੇ ਸਚਾਰੂ ਖਰੀਦ ਯਕੀਨੀ ਬਨਾਉਣ ਲਈ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼
ਚੰਡੀਗੜ: ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਮਾਲਵਾ ਪੱਟੀ ਦੀਆਂ ਵੱਖ ਵੱਖ ਅਨਾਜ ਮੰਡੀਆਂ ਦਾ ਅਚਨਚੇਤ ਦੌਰਾ ਕਰਕੇ ਝੋਨੇ ਦੀ ਸਰਕਾਰੀ ਖਰੀਦ ਦਾ ਜਾਇਜਾ ਲਿਆ ਅਤੇ ਅਧਿਕਾਰੀਆਂ ਨੂੰ ਨਿਰਵਿਘਨ ਅਤੇ ਸਚਾਰੂ ਖਰੀਦ ਯਕੀਨੀ ਬਨਾਉਣ ਦੇ ਨਿਰਦੇਸ਼ ਦਿੱਤੇ। ਮੰਡੀਆਂ ਦੇ ਦੌਰੇ ਤੋਂ ਬਾਅਦ ਸੰਧਵਾਂ ਨੇ ਖਰੀਦ ਪ੍ਰਬੰਧਾਂ ’ਤੇ ਤਸੱਲੀ ਦਾ ਪ੍ਰਗਟਾਵਾ ਕੀਤਾ ਅਤੇ ਜਿੱਥੇ ਵੀ ਕੋਈ ਉਣਤਾਈ ਦਿਸੀ ਉਸ ਨੂੰ ਹੱਲ ਕਰਨ ਦੇ ਹੁਕਮ ਦਿੱਤੇ।
ਉਨਾਂ ਦੱਸਿਆ ਕਿ ਪੰਜਾਬ ਸਰਕਾਰ ਕਿਸਾਨ ਨੂੰ ਮੰਡੀਆਂ ਵਿੱਚ ਹਰ ਸਹੂਲਤ ਉਪਲੱਬਧ ਕਰਵਾਉਣ ਲਈ ਵਚਨਬੱਧ ਹੈ ਅਤੇ ਇਸ ਸਬੰਧ ਵਿੱਚ ਸਰਕਾਰ ਵੱਲੋਂ ਪਹਿਲਾਂ ਹੀ ਨਿਰਦੇਸ਼ ਜਾਰੀ ਕੀਤੇ ਜਾ ਚੁੱਕੇ ਹਨ। ਉਨਾਂ ਕਿਹਾ ਕਿ ਮੌਜੂਦਾ ਸੀਜਨ ਦੌਰਾਨ ਕਿਸਾਨਾਂ ਨੂੰ ਮੰਡੀਆਂ ਵਿੱਚ ਕੋਈ ਮੁਸਕਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਮੰਡੀਆਂ ਵਿੱਚ ਝੋਨੇ ਦੀ ਆਮਦ ਉਤੇ ਨਜ਼ਰ ਰੱਖਣ ਲਈ ਉੱਡਣ ਦਸਤੇ ਬਣਾਏ ਗਏ ਹਨ ਅਤੇ ਸੀਜਨ ਦੌਰਾਨ ਕਿਸੇ ਵੀ ਤਰਾਂ ਦੀ ਗੈਰ ਕਾਨੂੰਨੀ ਖਰੀਦ ਤੋਂ ਬਚਾਅ ਲਈ ਅੰਤਰਰਾਜੀ ਹੱਦਾਂ ਉਤੇ ਨਾਕੇ ਲਗਾਉਣ ਦੀ ਹਦਾਇਤ ਕੀਤੀ ਗਈ ਹੈ। ਇਸ ਤੋਂ ਇਲਾਵਾ ਸਾਰੇ ਕਿਸਾਨਾਂ ਨੂੰ 24 ਘੰਟੇ ਅੰਦਰ ਅਦਾਇਗੀ ਯਕੀਨੀ ਬਨਾਉਣ ਲਈ ਕਿਹਾ ਗਿਆ ਹੈ।
ਵਿਧਾਨ ਸਭਾ ਸਪੀਕਰ ਨੇ ਕਿਹਾ ਕਿ ਪੰਜਾਬ ਸਰਕਾਰ ਝੋਨੇ ਦੇ ਦਾਣੇ ਦਾਣੇ ਦੀ ਖਰੀਦ ਅਤੇ ਚੁਕਾਈ ਕਰਨ ਲਈ ਵਚਨਬੱਧ ਹੈ। ਝੋਨੇ ਦੀ ਖਰੀਦ, ਲਿਫਟਿੰਗ, ਬਾਰਦਾਨੇ ਦੀ ਉਪਲਬਧਤਾ, ਟਰਾਂਸਪੋਰਟੇਸਨ, ਲੇਬਰ, ਬਿਜਲੀ, ਪੀਣ ਵਾਲੇ ਪਾਣੀ, ਸਾਫ ਸਫਾਈ, ਪਖਾਨਿਆਂ ਦੀ ਸੁਵਿਧਾ ਸਬੰਧੀ ਕੋਈ ਵੀ ਲਾਪਰਵਾਹੀ ਨਾ ਵਰਤਣ ਲਈ ਸਪਸ਼ਟ ਨਿਰਦੇਸ਼ ਦਿੱਤੇ ਗਏ ਹਨ। ਸਮੂਹ ਅਨਾਜ ਮੰਡੀਆਂ ਦੀ ਨਿਗਰਾਨੀ ਉਪ ਮੰਡਲ ਮੈਜਿਸਟਰੇਟ ਕਰ ਰਹੇ ਹਨ ਅਤੇ ਸਾਰੀਆਂ ਸਰਕਾਰੀ ਖਰੀਦ ਏਜੰਸੀਆਂ ਨੂੰ ਸਰਕਾਰ ਦੀਆਂ ਹਦਾਇਤਾਂ ਦੀ ਪਾਲਣਾ ਕਰਨ ਦੇ ਹੁਕਮ ਦਿੱਤੇ ਗਏ ਹਨ।