
ਕਿਸਾਨਾਂ ਨੂੰ ਸਬਸਿਡੀ 'ਤੇ ਕਣਕ ਦੇ ਬੀਜ ਦੇਣ ਦੀ ਨੀਤੀ ਨੂੰ ਮਨਜ਼ੂਰੀ
ਚੰਡੀਗੜ੍ਹ, 1 ਨਵੰਬਰ (ਸਪੋਕਸਮੈਨ ਸਮਾਚਾਰ ਸੇਵਾ): ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਹਾੜ੍ਹੀ ਸੀਜ਼ਨ ਦੌਰਾਨ ਕਿਸਾਨਾਂ ਨੂੰ 50 ਫ਼ੀ ਸਦੀ ਸਬਸਿਡੀ 'ਤੇ ਕਣਕ ਦਾ ਪ੍ਰਮਾਣਿਤ ਬੀਜ ਮੁਹਈਆ ਕਰਵਾਉਣ ਲਈ ਖੇਤੀਬਾੜੀ ਵਿਭਾਗ ਦੀ ਕਣਕ ਦੇ ਬੀਜ ਸਬੰਧੀ ਸਬਸਿਡੀ ਨੀਤੀ-2020-21 ਨੂੰ ਮਨਜ਼ੂਰੀ ਦੇ ਦਿਤੀ ਹੈ। ਇਸ ਨੀਤੀ ਤਹਿਤ ਕਿਸਾਨਾਂ ਨੂੰ 18.50 ਕਰੋੜ ਰੁਪਏ ਦੀ ਸਬਸਿਡੀ ਦੇ ਨਾਲ ਕੁਲ 1.85 ਲੱਖ ਕੁਇੰਟਲ ਪ੍ਰਮਾਣਿਤ ਬੀਜ ਮੁਹਈਆ ਕਰਵਾਇਆ ਜਾਵੇਗਾ ਜਿਸ ਨਾਲ ਸਿੱਧੇ ਤੌਰ 'ਤੇ ਲਗਭਗ 2.5 ਲੱਖ ਕਿਸਾਨਾਂ ਨੂੰ ਲਾਭ ਮਿਲੇਗਾ। ਮੁੱਖ ਮੰਤਰੀ ਨੇ ਵਿਭਾਗ ਨੂੰ ਨਿਰਦੇਸ਼ ਦਿਤੇ ਹਨ ਕਿ ਛੋਟੇ ਅਤੇ ਦਰਮਿਆਨੇ ਕਿਸਾਨਾਂ ਨੂੰ ਸਬਸਿਡੀ ਵਾਲਾ ਬੀਜ ਮੁਹਈਆ ਕਰਵਾਉਣ ਨੂੰ ਪਹਿਲ ਦਿਤੀ ਜਾਵੇ। ਉਨ੍ਹਾਂ ਕਿਹਾ ਕਿ ਸਬਸਿਡੀ ਸਿਰਫ਼ ਯੋਗ ਕਿਸਾਨਾਂ ਨੂੰ ਦਿਤੀ ਜਾਵੇ ਅਤੇ ਸਬਸਿਡੀ ਦੀ ਰਕਮ ਸਿੱਧੇ ਲਾਭਪਾਤਰੀਆਂ ਦੇ ਖ਼ਾਤਿਆਂ ਵਿਚ ਟਰਾਂਸਫ਼ਰ ਕੀਤੀ ਜਾਵੇ। ਮੁੱਖ ਮੰਤਰੀ ਨੇ ਵਧੀਕ ਮੁੱਖ ਸਕੱਤਰ (ਵਿਕਾਸ) ਅਨਿਰੁਧ ਤਿਵਾੜੀ ਨੂੰ ਨਿਰਦੇਸ਼ ਦਿਤੇ ਹਨ ਕਿ ਉਹ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ/ਸਟਾਫ਼ ਨੂੰ ਅਪਣੇ ਖੇਤਰ ਵਿਚ ਵੇਚੇ ਜਾ ਰਹੇ ਬੀਜਾਂ 'ਤੇ ਨੇੜੇ ਤੋਂ ਨਜ਼ਰ ਰੱਖਣ ਲਈ ਵਿਸਥਾਰਤ ਨਿਰਦੇਸ਼ ਜਾਰੀ ਕਰਨ।
ਉਨ੍ਹਾਂ ਵਧੀਕ ਮੁੱਖ ਸਕੱਤਰ (ਵਿਕਾਸ) ਨੂੰ ਇਹ ਯਕੀਨੀ ਬਣਾਉਣ ਲਈ ਕਿਹਾ ਕਿ ਕਿਸਾਨਾਂ ਤਕ ਸਿਰਫ਼ ਮਿਆਰੀ ਬੀਜ ਹੀ ਪਹੁੰਚਣ। ਮੁੱਖ ਮੰਤਰੀ ਨੇ ਚੇਤਾਵਨੀ ਦਿਤੀ ਕਿ ਜੇਕਰ ਇਸ ਸਬੰਧ ਵਿਚ ਕੋਈ ਸ਼ਿਕਾਇਤ ਮਿਲਦੀ ਹੈ ਜਾਂ ਕੋਈ ਗ਼ਲਤ ਕਾਰਵਾਈ ਸਾਹਮਣੇ ਆਉਂਦੀ ਹੈ ਤਾਂ ਬੀਜ ਏਜੰਸੀਆਂ ਦੇ ਸਬੰਧਤ ਅਧਿਕਾਰੀ/ਕਰਮਚਾਰੀਆਂ ਦੇ ਨਾਲ-ਨਾਲ ਜ਼ਿਲ੍ਹਾ ਅਤੇ ਬਲਾਕ ਪਧਰੀ ਖੇਤੀਬਾੜੀ ਅਧਿਕਾਰੀਆਂ ਨੂੰ ਵੀ ਇਸ ਲਈ ਸਿੱਧੇ ਤੌਰ ਉਤੇ ਜ਼ਿੰਮੇਵਾਰ ਮੰਨਿਆ ਜਾਵੇਗਾ। ਸਬਸਿਡੀ ਲੈਣ ਦੇ ਚਾਹਵਾਨ ਕਿਸਾਨ 1 ਨਵੰਬਰ ਤੋਂ ਅਪਣੇ ਖੇਤਰਾਂ ਵਿਚਲੇ ਖੇਤੀਬਾੜੀ ਵਿਭਾਗ ਦੇ ਦਫ਼ਤਰਾਂ 'ਚ ਅਰਜ਼ੀਆਂ ਜਮ੍ਹਾਂ ਕਰਵਾ ਸਕਦੇ ਹਨ।
ਇਸ ਦੌਰਾਨ ਵਧੀਕ ਮੁੱਖ ਸਕੱਤਰ (ਵਿਕਾਸ) ਨੇ ਕਿਹਾ ਕਿ ਖੇਤੀਬਾੜੀ ਵਿਭਾਗ ਨੇ ਕਿਸਾਨਾਂ ਨੂੰ ਸਬਸਿਡੀ ਦਰਾਂ ਉਤੇ ਕਣਕ ਦਾ ਬੀਜ ਮੁਹਈਆ ਕਰਵਾਉਣ ਲਈ ਲੋੜੀਂਦੇ ਪ੍ਰਬੰਧਾਂ ਨੂੰ ਯਕੀਨੀ ਬਣਾਇਆ ਹੈ। ਸਬਸਿਡੀ ਬੀਜਾਂ ਦੀ ਕੁਲ ਕੀਮਤ ਦੇ 50 ਫ਼ੀ ਸਦੀ ਦੇ ਬਰਾਬਰ ਜਾਂ ਵੱਧ ਤੋਂ ਵੱਧ 1000 ਰੁਪਏ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਯੋਗ ਕਿਸਾਨਾਂ ਦੇ ਬੈਂਕ ਖਾਤਿਆਂ ਵਿਚ ਸਿੱਧੇ ਟਰਾਂਸਫ਼ਰ ਕੀਤੀ ਜਾਵੇਗੀ ਅਤੇ ਕਣਕ ਦੇ ਬੀਜ 'ਤੇ ਸਬਸਿਡੀ ਵੱਧ ਤੋਂ ਵੱਧ 5 ਏਕੜ ਰਕਬੇ ਲਈ ਦਿਤੀ ਜਾਵੇਗੀ।
ਗੌਰਤਲਬ ਹੈ ਕਿ ਹਾੜ੍ਹੀ ਸੀਜ਼ਨ 2020-21 ਦੌਰਾਨ ਸੂਬੇ ਦੇ ਲਗਭਗ 35 ਲੱਖ ਹੈਕਟੇਅਰ ਰਕਬੇ ਵਿਚ ਕਣਕ ਦੀ ਕਾਸ਼ਤ ਹੋਣ ਦੀ ਉਮੀਦ ਹੈ।