
ਪੰਜਾਬੀ ਸਪਤਾਹ-2020 ਮਨਾਉਣ ਲਈ ਮਹੀਨਾ ਭਰ ਚਲਣ ਵਾਲੇ ਸਮਾਗਮ ਸ਼ੁਰੂ
ਚੰਡੀਗੜ੍ਹ, 1 ਨਵੰਬਰ (ਸਪੋਕਸਮੈਨ ਸਮਾਚਾਰ ਸੇਵਾ): ਪੰਜਾਬ ਸਰਕਾਰ ਵਲੋਂ ਹਰ ਸਾਲ ਨਵੰਬਰ ਮਹੀਨੇ ਦੌਰਾਨ ਪੰਜਾਬੀ ਸਪਤਾਹ/ਮਾਹ ਦਾ ਆਯੋਜਨ ਕੀਤਾ ਜਾਂਦਾ ਹੈ। ਇਸ ਸਾਲ ਇਨ੍ਹਾਂ ਸਮਾਗਮਾਂ ਦੌਰਾਨ ਸੱਤ ਪ੍ਰੋਗਰਾਮ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿਚ ਕਰਵਾਏ ਜਾਣਗੇ। ਅੱਜ ਜਾਰੀ ਬਿਆਨ ਵਿਚ ਸੂਬੇ ਦੇ ਉਚੇਰੀ ਸਿਖਿਆ ਅਤੇ ਭਾਸ਼ਾਵਾਂ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਦਸਿਆ ਕਿ ਪੰਜਾਬ ਭਾਸ਼ਾ ਵਿਭਾਗ ਵਲੋਂ ਇਹ ਸਮਾਗਮ ਕਰਵਾਏ ਜਾਣਗੇ। ਉਨ੍ਹਾਂ ਦਸਿਆ ਕਿ ਇਨ੍ਹਾਂ ਸਮਾਗਮਾਂ ਦੀ ਸ਼ੁਰੂਆਤ ਅੱਜ ਪਟਿਆਲਾ ਵਿਖੇ ਪੰਜਾਬੀ ਦਿਵਸ ਨੂੰ ਸਮਰਪਿਤ ਸਾਹਿਤਕ ਸਮਾਗਮ ਤੋਂ ਹੋ ਗਈ ਹੈ। ਬਾਜਵਾ ਨੇ ਦਸਿਆ ਕਿ ਇਸ ਸਾਲ ਕੋਵਿਡ-19 ਮਹਾਂਮਾਰੀ ਤੋਂ ਬਚਾਅ ਦੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ ਪੰਜਾਬੀ ਸਪਤਾਹ-2020 ਦੌਰਾਨ ਸੱਤ ਸਮਾਗਮ ਕਰਵਾਏ ਜਾਣਗੇ। ਭਾਸ਼ਾਵਾਂ ਮੰਤਰੀ ਨੇ ਕਿਹਾ ਕਿ ਇਨ੍ਹਾਂ ਸਮਾਗਮਾਂ ਦੌਰਾਨ ਪੰਜਾਬੀ ਭਾਸ਼ਾ ਅਤੇ ਸਭਿਆਚਾਰ ਨੂੰ ਪ੍ਰਫ਼ੁੱਲਤ ਕਰਨ ਲਈ ਵਿਚਾਰਾਂ ਕੀਤੀਆਂ ਜਾਣਗੀਆਂ। ਉਨ੍ਹਾਂ ਨਾਲ ਹੀ ਕਿਹਾ ਕਿ ਇਨ੍ਹਾਂ ਸਮਾਗਮਾਂ ਦੌਰਾਨ ਵਿਦਵਾਨਾਂ ਵਲੋਂ ਪੰਜਾਬੀ ਭਾਸ਼ਾ ਅਤੇ ਸਭਿਆਚਾਰ ਦੇ ਵਿਕਾਸ ਲਈ ਪ੍ਰਗਟਾਏ ਵਿਚਾਰਾਂ ਨੂੰ ਭਾਸ਼ਾ ਵਿਭਾਗ ਵਲੋਂ ਇਕ ਕਿਤਾਬਚੇ ਦੇ ਰੂਪ ਵਿਚ ਲੋਕਾਂ ਸਾਹਮਣੇ ਰਖਿਆ ਜਾਵੇਗਾ।image