
ਸਸਤੀ ਬਿਜਲੀ ਦੇ ਨਾਂ ਤੇ ਅਪਣੇ ਕਾਰਜਕਾਲ 'ਚ ਕੀਤੇ ਵਾਧੇ ਹੀ ਵਾਪਸ ਲਏ: ਡਾ. ਚੀਮਾ
ਚੰਡੀਗੜ੍ਹ, 1 ਨਵੰਬਰ (ਨਰਿੰਦਰ ਸਿੰਘ ਝਾਂਮਪੁਰ): ਸ਼੍ਰੋਮਣੀ ਅਕਾਲੀ ਦਲ ਨੇ ਅੱਜ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਕਿਹਾ ਕਿ ਉਹ ਕਾਂਗਰਸ ਸਰਕਾਰ ਦੇ ਕਾਰਜਕਾਲ ਦੌਰਾਨ ਬਿਜਲੀ ਦਰਾਂ ਵਿਚ ਕੀਤੇ 35 ਫ਼ੀ ਸਦੀ ਵਾਧੇ ਨੂੰ ਵਾਪਸ ਲੈਣ ਨਾਲ ਪੰਜਾਬ ਦੇ ਲੋਕਾਂ ਨਾਲ ਧੋਖਾ ਕਰ ਰਹੇ ਹਨ ਜਦਕਿ ਪਾਰਟੀ ਨੇ ਜ਼ੋਰ ਦੇ ਕੇ ਕਿਹਾ ਕਿ ਸਰਕਾਰ ਬਿਜਲੀ ਖਪਤਕਾਰਾਂ ਲਈ 3 ਰੁਪਏ ਪ੍ਰਤੀ ਯੂਨਿਟ ਬਿਜਲੀ ਸਸਤੀ ਕਰਨ ਦੇ ਬਾਵਜੂਦ ਅਕਾਲੀ ਦਲ ਤੇ ਬਸਪਾ ਗਠਜੋੜ ਦੇ 800 ਯੂਨਿਟ ਮੁਫ਼ਤ ਬਿਜਲੀ ਦੇ ਮੁਕਾਬਲੇ 3791 ਕਰੋੜ ਰੁਪਏ ਵੱਧ ਵਸੂਲੇਗੀ | ਇਥੇ ਇਕ ਪ੍ਰੈਸ ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ ਅਕਾਲੀ ਦਲ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਅੱਜ ਪੰਜਾਬ ਭਵਨ ਵਿਖ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੇ ਪੰਜਾਬ
ਕਾਂਗਰਸ ਭਵਨ ਵਿਚ ਪ੍ਰਦੇਸ਼ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਨੇ ਵੱਖੋ ਵੱਖ ਸਮਾਗਮਾਂ ਨੂੰ ਸੰਬੋਧਨ ਕੀਤਾ ਹੈ ਜਿਨ੍ਹਾਂ ਨੇ ਕਾਂਗਰਸ ਸਰਕਾਰ ਦੇ ਅਸਲ ਮਨਸ਼ੇ ਸਾਬਤ ਕਰ ਦਿਤੇ ਹਨ | ਉਨ੍ਹਾਂ ਕਿਹਾ ਕਿ ਨਵਜੋਤ ਸਿੱਧੂ ਨੇ ਇਹ ਕਹਿ ਕੇ ਕਾਂਗਰਸ ਸਰਕਾਰ ਨੂੰ ਬੇਨਕਾਬ ਕੀਤਾ ਹੈ ਕਿ ਉਹ ਅਪਣੇ ਕਾਰਜਕਾਲ ਦੇ ਆਖ਼ਰੀ ਦੋ ਮਹੀਨਿਆਂ ਵਿਚ ਲੋਕਾਂ ਨੂੰ ਮੂਰਖ ਬਣਾਉਣਾ ਚਾਹੁੰਦੀ ਹੈ ਤੇ ਉਹਨਾਂ ਨੇ ਸਰਕਾਰ ਨੂੰ ਸਪਸ਼ਟ ਪੁੱਛਿਆ ਹੈ ਕਿ ਉਹ ਆਪਣਾ ਵਾਅਦਾ ਨਿਭਾਉਣ ਲਈ ਪੈਸਾ ਕਿਥੋਂ ਲਿਆਵੇਗੀ |