ਅਣਪਛਾਤੇ ਵਿਅਕਤੀ ਵੱਲੋਂ ਸੰਤੋਸ਼ ਯਾਦਵ ’ਤੇ ਕੀਤਾ ਗਿਆ ਸੀ ਹਮਲਾ
ਪਟਿਆਲਾ : ਪਟਿਆਲਾ ਸ਼ਹਿਰ ਦੇ ਪੋਲੋ ਗਰਾਊਂਡ ਦੇ ਸਾਹਮਣੇ ਸਥਿਤ ਕੋਹਲੀ ਢਾਬੇ ਦੇ ਬਾਹਰ ਉਸ ਸਮੇਂ ਸਨਸਨੀ ਫੈਲ ਗਈ ਜਦੋਂ ਇੱਕ ਨੌਜਵਾਨ ਦੀ ਤੇਜਧਾਰ ਹਥਿਆਰ ਨਾਲ ਹੱਤਿਆ ਕਰ ਦਿੱਤੀ ਗਈ। ਘਟਨਾ ਦੀ ਜਾਣਕਾਰੀ ਮਿਲਦੇ ਹੀ ਪੁਲਿਸ ਮੌਕੇ ’ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕਰ ਦਿੱਤੀ।
ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਦੀ ਪਹਿਚਾਣ ਸੰਤੋਸ਼ ਯਾਦਵ ਵਜੋਂ ਹੋਈ ਹੈ, ਜੋ ਪਿਛਲੇ ਕਾਫ਼ੀ ਸਮੇਂ ਤੋਂ ਕੋਹਲੀ ਢਾਬੇ ’ਤੇ ਕੰਮ ਕਰ ਰਿਹਾ ਸੀ। ਘਟਨਾ ਮੌਕੇ ਮੌਜੂਦ ਪ੍ਰਤੱਖਦਰਸ਼ੀਆਂ ਅਨੁਸਾਰ ਕਿਸੇ ਅਣਪਛਾਤੇ ਵਿਅਕਤੀ ਨੇ ਅਚਾਨਕ ਸੰਤੋਸ਼ ’ਤੇ ਹਮਲਾ ਕਰ ਦਿੱਤਾ ਅਤੇ ਉਹ ਤੇਜ਼ਧਾਰ ਹਥਿਆਰ ਨਾਲ ਹਮਲਾ ਕਰਕੇ ਮੌਕੇ ਤੋਂ ਫਰਾਰ ਹੋ ਗਿਆ।
ਪੁਲਿਸ ਨੇ ਦੱਸਿਆ ਕਿ ਹੱਤਿਆ ਦੇ ਕਾਰਨਾਂ ਬਾਰੇ ਅਜੇ ਪਤਾ ਨਹੀਂ ਚਲ ਸਕਿਆ। ਪੁਲਿਸ ਵੱਲੋਂ ਆਸੇ-ਪਾਸੇ ਲੱਗੇ ਸੀ.ਸੀ.ਟੀ.ਵੀ. ਕੈਮਰਿਆਂ ਨੂੰ ਖੰਗਾਲਿਆ ਜਾ ਰਿਹਾ ਹੈ ਤਾਂ ਜੋ ਆਰੋਪੀਆਂ ਦੀ ਪਛਾਣ ਕੀਤੀ ਜਾ ਸਕੇ। ਘਟਨਾ ਤੋਂ ਬਾਅਦ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਹੈ। ਪੁਲਿਸ ਨੇ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ ਅਤੇ ਮਾਮਲੇ ਦੀ ਗਹਿਰਾਈ ਨਾਲ ਜਾਂਚ ਜਾਰੀ ਹੈ। ਅਧਿਕਾਰੀਆਂ ਦਾ ਕਹਿਣਾ ਹੈ ਕਿ ਜਲਦੀ ਹੀ ਆਰੋਪੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ।
