
ਅੰਦੋਲਨ ਦੌਰਾਨ ਮਰਨ ਵਾਲੇ ਕਿਸਾਨਾਂ ਦਾ ਕੋਈ ਅੰਕੜਾ ਨਹੀਂ, ਇਸ ਲਈ ਮੁਆਵਜ਼ੇ ਦਾ ਕੋਈ ਸਵਾਲ ਨਹੀਂ : ਤੋਮਰ
ਨਵੀਂ ਦਿੱਲੀ, 1 ਦਸੰਬਰ : ਕੇਂਦਰ ਸਰਕਾਰ ਨੇ ਕਿਹਾ ਹੈ ਕਿ ਤਿੰਨ ਵਿਵਾਦਪੂਰਨ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਨੂੰ ਲੈ ਕੇ ਸਾਲ ਭਰ ਤੋਂ ਚੱਲ ਰਹੇ ਕਿਸਾਨ ਅੰਦੋਲਨ ਦੌਰਾਨ ਕਿੰਨੇ ਕਿਸਾਨਾਂ ਦੀ ਮੌਤ ਹੋਈ ਹੈ, ਇਸ ਦਾ ਕੋਈ ਅੰਕੜਾ ਨਹੀਂ ਹੈ | ਇਸ ਲਈ ਵਿੱਤੀ ਮਦਦ ਯਾਨੀ ਕਿ ਮੁਆਵਜ਼ਾ ਦੇਣ ਦਾ ਕੋਈ ਸਵਾਲ ਹੀ ਨਹੀਂ ਉਠਦਾ | ਕੇਂਦਰੀ ਖੇਤੀਬਾੜੀ ਮੰਤਰੀ ਨਰੇਂਦਰ ਸਿੰਘ ਤੋਮਰ ਨੇ ਲੋਕ ਸਭਾ 'ਚ ਸੰਸਦ ਮੈਂਬਰਾਂ ਦੇ ਇਕ ਸਮੂਹ ਵਲੋਂ ਖੇਤੀ ਕਾਨੂੰਨਾਂ ਦੇ ਅੰਦੋਲਨ 'ਤੇ ਚੁੱਕੇ ਗਏ ਸਵਾਲਾਂ ਦੇ ਜਵਾਬ ਵਿਚ ਇਹ ਗੱਲ ਆਖੀ |
ਸੰਸਦ 'ਚ ਸਵਾਲ ਪੁਛਿਆ ਗਿਆ ਸੀ ਕਿ ਕੀ ਸਰਕਾਰ ਕੋਲ ਅੰਦੋਲਨ ਦੌਰਾਨ ਮਰਨ ਵਾਲੇ ਕਿਸਾਨਾਂ ਦਾ ਕੋਈ ਅੰਕੜਾ ਹੈ ਅਤੇ ਕੀ ਸਰਕਾਰ ਉਨ੍ਹਾਂ ਦੇ ਪ੍ਰਵਾਰਾਂ ਨੂੰ ਵਿੱਤੀ ਮਦਦ ਦੇਣ ਬਾਰੇ ਸੋਚ ਰਹੀ ਹੈ? ਇਸ ਸਵਾਲ ਦਾ ਖੇਤੀਬਾੜੀ ਮੰਤਰੀ ਵਲੋਂ ਇਹ ਜਵਾਬ ਆਇਆ ਹੈ | ਸੰਸਦ ਮੈਂਬਰ ਅੰਦੋਲਨ ਦੇ ਸਬੰਧ ਵਿਚ ਕਿਸਾਨਾਂ ਖ਼ਿਲਾਫ਼ ਦਰਜ ਮਾਮਲਿਆਂ ਦੀ ਗਿਣਤੀ ਵੀ ਜਾਣਨਾ ਚਾਹੁੰਦੇ ਸਨ | ਇਸ ਨਾਲ ਹੀ ਰਾਸ਼ਟਰੀ ਰਾਜਧਾਨੀ ਦੀਆਂ ਸਰਹੱਦਾਂ 'ਤੇ ਚਲ ਰਹੇ ਅੰਦੋਲਨ ਦੌਰਾਨ ਮਾਰੇ ਗਏ ਕਿਸਾਨਾਂ ਦੀ ਗਿਣਤੀ ਬਾਰੇ ਸਰਕਾਰ ਦਾ ਕੀ ਵਿਚਾਰ ਹੈ, ਇਸ ਦੀ ਜਾਣਕਾਰੀ ਮੰਗੀ ਗਈ ਸੀ |
ਮੰਤਰੀ ਨੇ ਇਸ 'ਤੇ ਸਪੱਸ਼ਟ ਉੱਤਰ ਦਿਤਾ ਕਿ ਇਸ ਮਾਮਲੇ ਵਿਚ ਉਨ੍ਹਾਂ ਕੋਲ ਕੋਈ ਰਿਕਾਰਡ ਨਹੀਂ ਹੈ, ਇਸ ਲਈ ਵਿੱਤੀ ਮਦਦ ਪ੍ਰਦਾਨ ਕਰਨ ਦਾ ਪ੍ਰਸ਼ਨ ਹੀ ਨਹੀਂ ਉਠਦਾ | ਤੋਮਰ ਨੇ ਸਦਨ ਨੂੰ ਦਸਿਆ ਕਿ ਕੇਂਦਰ, ਕਿਸਾਨ ਆਗੂਆਂ ਨਾਲ 11 ਦੌਰ ਦੀ ਗੱਲਬਾਤ ਕੀਤੀ ਸੀ ਪਰ ਕੋਈ ਗੱਲ ਨਹੀਂ ਬਣੀ | ਉਧਰ ਕਿਸਾਨ ਜਥੇਬੰਦੀਆਂ ਦਾ ਦਾਅਵਾ ਹੈ ਕਿ ਅੰਦੋਲਨ ਦੌਰਾਨ ਲਗਭਗ 700 ਕਿਸਾਨ ਅਪਣੀ ਜਾਨ ਗੁਆ ਚੁੱਕੇ ਹਨ | (ਏਜੰਸੀ)