ਜਲੰਧਰ ਵਿੱਚ 13 ਸਾਲਾਂ ਦੀ ਮਾਸੂਮ ਬੱਚੀ ਨਾਲ ਜਬਰ-ਜਨਾਹ ਅਤੇ ਕਤਲ ਦਾ ਮਾਮਲਾ, ਮੁਲਜ਼ਮ ਨੂੰ ਫਾਂਸੀ ਦੀ ਮੰਗ
ਜ਼ੀਰਾ: ਪੰਜਾਬ ਵਿੱਚ ਲੜਕੀਆਂ ਦੀ ਸੁਰੱਖਿਆ ਨੂੰ ਲੈ ਕੇ ਮਾਪੇ ਬੇਹੱਦ ਚਿੰਤਤ ਹਨ, ਧੀਆਂ-ਭੈਣਾਂ ਦੀ ਸੁਰੱਖਿਆ ਨੂੰ ਲੈ ਕੇ ਇੱਕ ਵਾਰ ਫਿਰ ਵੱਡਾ ਸਵਾਲ ਖੜ੍ਹਾ ਹੋ ਗਿਆ ਹੈ। ਜਲੰਧਰ ਵਿੱਚ 13 ਸਾਲਾਂ ਮਾਸੂਮ ਬੱਚੀ ਨਾਲ ਵਾਪਰੇ ਜਬਰ-ਜਨਾਹ ਅਤੇ ਕਤਲ ਦੀ ਦਰਦਨਾਕ ਘਟਨਾ ਨੇ ਪੂਰੇ ਪੰਜਾਬ ਨੂੰ ਹਿਲਾ ਕੇ ਰੱਖ ਦਿੱਤਾ ਹੈ। ਜਿੱਥੇ ਇਸ ਘਿਨਾਉਣੇ ਅਪਰਾਧ ਦੇ ਮੁਲਜ਼ਮ ਨੂੰ ਤੁਰੰਤ ਫਾਂਸੀ ਦੀ ਸਜ਼ਾ ਦੇਣ ਦੀ ਮੰਗ ਤੇਜ਼ ਹੋ ਗਈ ਹੈ, ਲੋਕਾਂ ਦਾ ਗੁੱਸਾ ਸੜਕਾਂ 'ਤੇ ਉੱਤਰ ਆਇਆ ਹੈ। ਜ਼ੀਰਾ ਸ਼ਹਿਰ ਵਿੱਚ ਵੱਖ-ਵੱਖ ਧਾਰਮਿਕ ਅਤੇ ਸਮਾਜਿਕ ਸੰਗਠਨਾਂ ਵੱਲੋਂ ਅੱਜ ਬੱਚੀ ਨੂੰ ਇਨਸਾਫ ਦਵਾਉਣ ਲਈ ਸ਼ਹਿਰ ਵਿੱਚ ਕੈਂਡਲ ਮਾਰਚ ਕੱਢ ਕੇ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਵਿਰੁੱਧ ਜੰਮ ਕੇ ਨਾਅਰੇਬਾਜੀ ਕੀਤੀ ਗਈ। ਇਹ ਕੈਂਡਲ ਮਾਰਚ ਘੰਟਾ ਘਰ ਮੁੱਖ ਚੌਂਕ ਤੋਂ ਸ਼ੁਰੂ ਹੋ ਕੇ ਕੇ ਸ਼ਹਿਰ ਦੇ ਵੱਖ -ਵੱਖ ਬਜਾਰਾਂ ਵਿੱਚੋਂ ਹੁੰਦਾ ਹੋਇਆ ਸ਼ੇਰਾਂਵਾਲਾ ਚੌਂਕ ਵਿਖੇ ਸਮਾਪਤ ਕੀਤਾ ਗਿਆ। ਇਸ ਮੌਕੇ ਆਗੂਆਂ ਨੇ ਇਸ ਘਟਨਾ ਨੂੰ 'ਇਨਸਾਨੀਅਤ ਲਈ ਸ਼ਰਮ ਦੀ ਗੱਲ' ਦੱਸਿਆ। ਉਨ੍ਹਾਂ ਨੇ ਸਰਕਾਰ ਤੋਂ ਜਬਰ-ਜਨਾਹ ਅਤੇ ਕਤਲ ਦੇ ਮੁਲਜ਼ਮ ਨੂੰ ਫਾਂਸੀ ਦੀ ਸਜਾ ਦੇਣ ਦੀ ਮੰਗ ਕੀਤੀ। ਉਨ੍ਹਾਂ ਪੁਲਿਸ ਦੀ ਕਾਰਵਾਈ 'ਤੇ ਗੰਭੀਰ ਸਵਾਲ ਚੁੱਕਦਿਆਂ ਕਿਹਾ ਕਿ ਇਸ ਮਾਮਲੇ ਨੂੰ ਜਿਸ ਤਰ੍ਹਾਂ ਗੰਭੀਰਤਾ ਨਾਲ ਲੈਣਾ ਚਾਹੀਦਾ ਸੀ, ਉਸ ਤਰੀਕੇ ਨਾਲ ਨਹੀਂ ਲਿਆ ਗਿਆ। ਉਨ੍ਹਾਂ ਕਿਹਾ ਕਿ ਦੋਸ਼ੀ ਨੂੰ ਫਾਂਸੀ ਦੀ ਸਜਾ ਦਵਾ ਕੇ ਲੜਕੀ ਨੂੰ ਇਨਸਾਫ ਦਵਾਇਆ ਜਾਵੇ ਅਤੇ ਪਰਿਵਾਰ ਲਈ ਸੁਰੱਖਿਆ ਦੇ ਪ੍ਰਬੰਧ ਕੀਤੇ ਜਾਣ।
