
-ਭਾਜਪਾ ਵਲੋਂ ਅੱਜ ਗੁਰਦਾਸਪੁਰ ਵਿਖੇ ਰੱਖੀ ਗਈ ਰੈਲੀ ਵਿਚ ਸ਼ਿਰਕਤ ਕਰਨ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ...
ਗੁਰਦਾਸਪੁਰ : ਅਕਾਲੀ-ਭਾਜਪਾ ਵਲੋਂ ਅੱਜ ਗੁਰਦਾਸਪੁਰ ਵਿਖੇ ਰੱਖੀ ਗਈ ਰੈਲੀ ਵਿਚ ਸ਼ਿਰਕਤ ਕਰਨ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪਹੁੰਚੇ ਸਨ। ਮੋਦੀ ਨੇ ਰੈਲੀ ਨੂੰ ਸੰਬੋਧਿਤ ਕਰਦੇ ਹੋਏ ਕਾਂਗਰਸ ‘ਤੇ ਕਈ ਤਰ੍ਹਾਂ ਦੇ ਨਿਸ਼ਾਨੇ ਸਾਧੇ ਅਤੇ ਕਿਸਾਨਾਂ ਦੇ ਵਿਕਾਸ ਬਾਰੇ ਗੱਲਾਂ ਕੀਤੀਆਂ। ਇਸ ਰੈਲੀ ਵਿਚ ਨਰਿੰਦਰ ਮੋਦੀ ਸਿਰਫ਼ ਭਾਸ਼ਣ ਦੇ ਕੇ ਹੀ ਵਾਪਸ ਪਰਤ ਗਏ। ਰੈਲੀ ਨੂੰ ਸੰਬੋਧਨ ਕਰਦੇ ਹੋਏ ਪ੍ਰਧਾਨ ਮੰਤਰੀ ਮੋਦੀ ਵਲੋਂ ਪੰਜਾਬ ਨੂੰ ਕਿਸੇ ਤਰ੍ਹਾਂ ਦੀ ਕੋਈ ਸੁਵਿਧਾ ਦੇਣ ਦੀ ਗੱਲ ਨਹੀਂ ਕਹੀ ਗਈ ਪਰ ਸਿਰਫ਼ ਅਪਣੀਆਂ ਉਪਲੱਬਧੀਆਂ ਗਿਣਾਉਂਦੇ ਹੋਏ ਹੀ ਨਜ਼ਰ ਆਏ।
ਦੱਸ ਦਈਏ, ਅੱਜ ਰੈਲੀ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਗੁਰਦਾਸਪੁਰ `ਚ ਵਿਸ਼ਾਲ ਰੈਲੀ ਨੂੰ ਸੰਬੋਧਨ ਦੀ ਸ਼ੁਰੂਆਤ ‘ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਿਹ` ਅਤੇ ‘ਸਤਿ ਸ੍ਰੀ ਅਕਾਲ` ਨਾਲ ਕੀਤੀ। ਮੋਦੀ ਨੇ ਕਿਹਾ ਕਿ ਗੁਰਦਾਸਪੁਰ ਦੀ ਧਰਤੀ ਸਦਾ ਸਭ ਨੂੰ ਪ੍ਰੇਰਨਾ ਦੇਣ ਵਾਲੀ ਰਹੀ ਹੈ। ਇੱਥੋਂ ਨਿੱਤ ਨਵੀਂ ਊਰਜਾ ਦਾ ਸੰਚਾਰ ਹੁੰਦਾ ਰਿਹਾ ਹੈ। ਉਨ੍ਹਾਂ ਕਿਹਾ ਕਿ ਵਿਨੋਦ ਖੰਨਾ ਦੇ ਦੇਹਾਂਤ ਤੋਂ ਬਾਅਦ ਉਨ੍ਹਾਂ ਦਾ ਪਹਿਲਾ ਗੁਰਦਾਸਪੁਰ ਦੌਰਾ ਹੈ।
ਉਨ੍ਹਾਂ ਮਰਹੂਮ ਅਦਾਕਾਰ ਨੂੰ ਸ਼ਰਧਾਂਜਲੀ ਭੇਟ ਕੀਤੀ। ਮੋਦੀ ਨੇ ਕਿਹਾ ਕਿ ਕੇਂਦਰ ਦੀ ਐੱਨਡੀਏ ਸਰਕਾਰ ਸਦਾ ਵਿਕਾਸ ਕਾਰਜਾਂ `ਤੇ ਆਪਣਾ ਧਿਆਨ ਕੇਂਦ੍ਰਿਤ ਕਰ ਰਹੀ ਹੈ। ਅਸੀਂ ਭਾਰਤੀ ਜਨਤਾ ਪਾਰਟੀ ਤੇ ਸ਼੍ਰੋਮਣੀ ਅਕਾਲੀ ਦਲ ਨਾਲ ਮਿਲ ਕੇ ਸਦਾ ਦੇਸ਼ ਨੂੰ ਮਜ਼ਬੂਤ ਕਰਨ ਵੱਲ ਅੱਗੇ ਵਧਦੇ ਰਹੇ ਹਾਂ। ਮੋਦੀ ਨੇ ਕਿਹਾ ਕਿ ਦੇਸ਼ ਦੀ ਵੰਡ ਸਮੇਂ ਸਾਨੂੰ ਕਰਤਾਰਪੁਰ ਸਾਹਿਬ ਸਥਿਤ ਪਵਿੱਤਰ ਗੁਰੂਘਰ ਤੋਂ ਸਾਨੂੰ ਦੂਰ ਕਰ ਦਿਤਾ ਗਿਆ। ਉਸ ਵੇਲੇ ਦੀ ਸਰਕਾਰ ਇਹ ਗੁਰਦੁਆਰਾ ਸਾਹਿਬ ਭਾਰਤ `ਚ ਰੱਖਣ ਲਈ ਕੁਝ ਨਾ ਕਰ ਸਕੀ।
ਕਰੋੜਾਂ ਸ਼ਰਧਾਲੂਆਂ ਦੀ ਭਾਵਨਾ ਨੂੰ ਵੇਖਦਿਆਂ ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹਣ ਦਾ ਫ਼ੈਸਲਾ ਕੀਤਾ ਗਿਆ। ਕਾਂਗਰਸ ਪਾਰਟੀ `ਤੇ ਵਰ੍ਹਦਿਆਂ ਸ੍ਰੀ ਮੋਦੀ ਨੇ ਕਿਹਾ ਕਿ ਉਨ੍ਹਾਂ ਨੇ ਕਰਤਾਰਪੁਰ ਸਾਹਿਬ ਲਾਂਘੇ ਦੇ ਉਦਘਾਟਨ ਲਈ ਕੇਂਦਰੀ ਮੰਤਰੀ ਸ੍ਰੀਮਤੀ ਹਰਸਿਮਰਤ ਕੌਰ ਬਾਦਲ ਦੀ ਅਗਵਾਈ ਹੇਠ ਦੋ ਕੇਂਦਰੀ ਮੰਤਰੀਆਂ ਨੂੰ ਪਾਕਿਸਤਾਨ ਭੇਜਿਆ ਸੀ। ਉਨ੍ਹਾਂ ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਦਾ ਨਾਂਅ ਲਏ ਬਗ਼ੈਰ ਕਿਹਾ ਕਿ ਕੁਝ ਕਾਂਗਰਸੀ ਆਗੂ ਆਪਣੀ ਲੀਡਰਸਿ਼ਪ ਨੂੰ ਅੱਖੋਂ ਪ੍ਰੋਖੇ ਕਰ ਕੇ ਪਾਕਿਸਤਾਨ ਗਏ।