
ਨਵਾਂ ਸਾਲ ਚੜ੍ਹਦਿਆਂ ਹੀ ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਵੱਡਾ ਝਟਕਾ ਲੱਗਿਆ ਹੈ।
ਚੰਡੀਗੜ੍ਹ: ਨਵਾਂ ਸਾਲ ਚੜ੍ਹਦਿਆਂ ਹੀ ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਵੱਡਾ ਝਟਕਾ ਲੱਗਿਆ ਹੈ ਕਿਉਂਕਿ ਅਕਾਲੀ ਦਲ ਦੇ ਸੀਨੀਅਰ ਨੇਤਾ ਪਰਮਿੰਦਰ ਸਿੰਘ ਢੀਂਡਸਾ ਨੇ ਨੇਤਾ ਵਿਧਾਇਕ ਦਲ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਖ਼ਬਰ ਆ ਰਹੀ ਹੈ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵੀ ਪਰਮਿੰਦਰ ਢੀਂਡਸਾ ਦੇ ਅਸਤੀਫ਼ੇ ਨੂੰ ਮਨਜ਼ੂਰ ਕਰ ਲਿਆ ਹੈ। ਇਸ ਗੱਲ ਦੀ ਪੁਸ਼ਟੀ ਅਕਾਲੀ ਦਲ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਵੱਲੋਂ ਇਕ ਟਵੀਟ ਕਰਕੇ ਦਿੱਤੀ ਗਈ ਹੈ।
The SAD President S Sukhbir Singh Badal has accepted the resignation of Parminder Singh Dhindsa from leadership of party in the Vidhan Sabha.
— Dr Daljit S Cheema (@drcheemasad) January 3, 2020
ਜ਼ਿਕਰਯੋਗ ਹੈ ਕਿ ਪਰਮਿੰਦਰ ਢੀਂਡਸਾ ਅਕਾਲੀ-ਭਾਜਪਾ ਸਰਕਾਰ ਵਿਚ ਵਿੱਤ ਮੰਤਰੀ ਰਹਿ ਚੁੱਕੇ ਹਨ ਅਤੇ ਮੌਜੂਦਾ ਸਮੇਂ ਪਾਰਟੀ ਵਿਚ ਵਿਧਾਇਕ ਦਲ ਦੇ ਨੇਤਾ ਸਨ। ਦੱਸ ਦਈਏ ਹਾਲੇ ਕੁੱਝ ਦਿਨ ਪਹਿਲਾਂ ਹੀ ਪਰਮਿੰਦਰ ਢੀਂਡਸਾ ਦੇ ਪਿਤਾ ਸੁਖਦੇਵ ਸਿੰਘ ਢੀਂਡਸਾ ਨੇ ਪੱਤਰਕਾਰਾਂ ਵੱਲੋਂ ਪੁੱਛੇ ਇਕ ਸਵਾਲ ਦੇ ਜਵਾਬ ਵਿਚ ਕਿਹਾ ਸੀ ਕਿ ਉਨ੍ਹਾਂ ਦਾ ਬੇਟਾ ਕਾਫ਼ੀ ਸਮਝਦਾਰ ਹੈ। ਸਮਾਂ ਆਉਣ 'ਤੇ ਉਹ ਜਲਦ ਉਨ੍ਹਾਂ ਦਾ ਸਾਥ ਦੇਣ ਲਈ ਖੜ੍ਹਾ ਹੋਵੇਗਾ।
Sukhdev Dhindsa
ਦੱਸਣਯੋਗ ਹੈ ਕਿ ਰਾਜ ਸਭਾ ਮੈਂਬਰ ਅਤੇ ਅਕਾਲੀ ਦਲ ਦੇ ਸੀਨੀਅਰ ਨੇਤਾ ਸੁਖਦੇਵ ਸਿੰਘ ਢੀਂਡਸਾ ਪਹਿਲਾਂ ਹੀ ਪਾਰਟੀ ਤੋਂ ਅਲੱਗ ਥਲੱਗ ਚੱਲ ਰਹੇ ਹਨ. ਦਸੰਬਰ ਮਹੀਨੇ ਸ਼੍ਰੋਮਣੀ ਅਕਾਲੀ ਦਲ ਦੇ ਸਥਾਪਨਾ ਦਿਨ ਦੇ ਮੌਕੇ ਤੇ ਸੀਨੀਅਰ ਢੀਂਡਸਾ ਪ੍ਰਕਾਸ਼ ਸਿੰਘ ਬਾਦਲ ਵਾਲੇ ਅਕਾਲੀ ਦਲ ਦੀ ਬਜਾਏ ਅਕਾਲੀ ਦਲ ਟਕਸਾਲੀ ਦੇ ਸਮਾਗਮ ਵਿੱਚ ਪੁੱਜੇ ਸਨ ਅਤੇ ਬਾਦਲ ਪਰਿਵਾਰ ਖਿਲਾਫ ਜੰਮ ਕੇ ਭੜਾਸ ਕੱਢੀ ਸੀ।
Sukhbir Singh Badal, Parkash Singh Badal
ਉਸ ਤੋਂ ਬਾਅਦ ਢੀਂਡਸਾ ਵੱਲੋਂ ਸੰਗਰੂਰ ਜ਼ਿਲ੍ਹੇ ਦੇ ਵਿੱਚ ਆਪਣੇ ਵਰਕਰਾਂ ਦਾ ਵੱਡਾ ਇਕੱਠ ਕਰਕੇ ਵੀ ਬਾਦਲ ਪਰਿਵਾਰ ਤੇ ਅਕਾਲੀ ਦਲ ਤੇ ਏਕਾ ਅਧਿਕਾਰ ਨੂੰ ਚੁਣੌਤੀ ਦਿੱਤੀ ਗਈ ਸੀ ਉਸੇ ਸਮੇਂ ਤੋਂ ਅਕਾਲੀ ਦਲ ਦੇ ਵਿਧਾਇਕ ਅਤੇ ਨੇਤਾ ਵਿਧਾਇਕ ਦਲ ਪਰਮਿੰਦਰ ਸਿੰਘ ਢੀਂਡਸਾ ਬਾਰੇ ਵੀ ਕਈ ਤਰ੍ਹਾਂ ਦੀਆਂ ਕਿਆਸ ਅਰਾਈਆਂ ਲਗਾਈਆਂ ਜਾਣ ਲੱਗ ਪਈਆਂ ਸਨ।
Shiromani Akali Dal
ਅਕਾਲੀ ਦਲ ਟਕਸਾਲੀ ਤੇ ਸੀਨੀਅਰ ਨੇਤਾ ਹਰਸੁਖਇੰਦਰ ਸਿੰਘ ਬੱਬੀ ਬਾਦਲ ਵੱਲੋਂ ਹਾਲੇ ਕੁਝ ਦਿਨ ਪਹਿਲਾਂ ਹੀ 'ਸਪੋਕਸਮੈਨ ਵੈੱਬ ਟੀ ਵੀ' ਉੱਤੇ ਇਸ ਗੱਲ ਦਾ ਖੁਲਾਸਾ ਕੀਤਾ ਗਿਆ ਸੀ ਕਿ ਜੂਨੀਅਰ ਢੀਂਡਸਾ ਵੀ ਜਲਦ ਹੀ ਬਾਦਲ ਪਰਿਵਾਰ ਖ਼ਿਲਾਫ਼ ਫਰੰਟ ਖੋਲ੍ਹਣਗੇ। ਸਾਬਕਾ ਵਿੱਤ ਮੰਤਰੀ ਰਹੇ ਪਰਮਿੰਦਰ ਸਿੰਘ ਢੀਂਡਸਾ ਦਾ ਅਸਤੀਫ਼ਾ ਅਕਾਲੀ ਦਲ ਲਈ ਇੱਕ ਵੱਡਾ ਝਟਕਾ ਮੰਨਿਆ ਜਾ ਰਿਹਾ ਹੈ।
Parminder Singh Dhindsa
ਕਿਉਂਕਿ ਇਨ੍ਹੀਂ ਦਿਨੀਂ ਅਕਾਲੀ ਦਲ ਖ਼ਾਸਕਰ ਪਾਰਟੀ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਸੱਤਾਧਾਰੀ ਕਾਂਗਰਸ ਦੇ ਸੀਨੀਅਰ ਵਜ਼ੀਰ ਸੁਖਜਿੰਦਰ ਸਿੰਘ ਰੰਧਾਵਾ ਖ਼ਿਲਾਫ਼ ਵੱਡਾ ਫਰੰਟ ਖੋਲ੍ਹੀ ਬੈਠੇ ਹਨ. ਬਜਟ ਸੈਸ਼ਨ ਸਿਰ ਤੇ ਹੋਣ ਕਰਕੇ ਵੀ ਅਕਾਲੀ ਦਲ ਦੇ ਵਿਧਾਇਕ ਦਲ ਦੇ ਨੇਤਾ ਦੇ ਅਹੁਦੇ ਤੋਂ ਢੀਂਡਸਾ ਦਾ ਅਸਤੀਫ਼ਾ ਪਾਰਟੀ ਲਈ ਚਿੰਤਾਜਨਕ ਮੰਨਿਆ ਜਾ ਰਿਹਾ ਹੈ. ਦੱਸਣਯੋਗ ਹੈ ਕਿ ਬਰਗਾੜੀ ਬੇਅਦਬੀ ਅਤੇ ਗੋਲੀ ਕਾਂਡ ਕਰਕੇ ਸਿੱਖ ਸਫਾਂ ਚ ਨਿੰਦਿਆ ਦਾ ਵਿਸ਼ਾ ਬਣੇ ਹੋਇਆ ਅਕਾਲੀ ਦਲ ਪਿਛਲੀਆਂ ਵਿਧਾਨ ਸਭਾ ਚੋਣਾਂ ਵਿੱਚ ਫਾਡੀ ਰਿਹਾ ਸੀ।