
"ਅਕਾਲੀ ਦਲ ਦੀ ਹੋਂਦ ਖ਼ਤਮ ਹੋ ਚੁੱਕੀ ਹੈ ਉਹਨਾਂ ਪੱਲੇ ਕੁਝ ਨਹੀਂ"
ਚੰਡੀਗੜ੍ਹ (ਹਰਦੀਪ ਸਿੰਘ ਭੋਗਲ): ਭਾਜਪਾ ਵਿਚ ਸ਼ਾਮਲ ਹੋਣ ਦੀਆਂ ਖ਼ਬਰਾਂ ਨੂੰ ਨਕਾਰਦਿਆਂ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਉਹ ਕਾਂਗਰਸ ਵਿਚ ਹੀ ਸੀ ਅਤੇ ਹਮੇਸ਼ਾਂ ਕਾਂਗਰਸ ਵਿਚ ਹੀ ਰਹਿਣਗੇ। ਉਹਨਾਂ ਕਿਹਾ ਕਿ ਲੋਕ ਅਫ਼ਵਾਹਾਂ ਫੈਲਾਅ ਰਹੇ ਹਨ। ਬਲਬੀਰ ਸਿੱਧੂ ਨੇ ਕਿਹਾ ਕਿ ਮੈਨੂੰ ਇਸ ਗੱਲ ਦਾ ਮਾਣ ਹੈ ਕਿ 100% ਮੋਹਾਲੀ ਦੀ ਟਿਕਟ ਮੈਨੂੰ ਹੀ ਮਿਲੇਗੀ।
ਮੋਹਾਲੀ ਸੀਟ ਤੋਂ ਚੋਣ ਲੜਨ ਦਾ ਦਾਅਵਾ ਕਰਦਿਆਂ ਬਲਬੀਰ ਸਿੱਧੂ ਨੇ ਕਿਹਾ ਕਿ ਉਹਨਾਂ ਦਾ ਪ੍ਰਦਰਸ਼ਨ ਦੇਖ ਕੇ ਉਹਨਾਂ ਨੂੰ ਟਿਕਟ ਦਿੱਤੀ ਜਾਵੇਗੀ। ਉਹਨਾਂ ਦੱਸਿਆ ਕਿ ਸਿਹਤ ਮੰਤਰੀ ਦੇ ਅਹੁਦੇ ਤੋਂ ਹਟਾਉਣ ਤੋਂ ਬਾਅਦ ਕਾਂਗਰਸ ਹਾਈਕਮਾਂਡ ਨੇ ਮਾਫੀ ਵੀ ਮੰਗੀ ਸੀ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪੰਜਾਬ ਫੇਰੀ ਬਾਰੇ ਗੱਲ ਕਰਦਿਆਂ ਬਲਬੀਰ ਸਿੱਧੂ ਨੇ ਕਿਹਾ ਕਿ ਉਹ ਸਿਆਸੀ ਮਕਸਦ ਲਈ ਪੰਜਾਬ ਆ ਰਹੇ ਹਨ। ਕੇਂਦਰ ਸਰਕਾਰ ਨੇ ਦੇਸ਼ ਦੇ ਕਿਸਾਨਾਂ ਅਤੇ ਦੇਸ਼ ਦੀ ਅਰਥਵਿਵਸਥਾ ਦਾ ਬਹੁਤ ਨੁਕਸਾਨ ਕੀਤਾ ਹੈ, ਜਿਸ ਨੂੰ ਲੋਕ ਹਮੇਸ਼ਾਂ ਯਾਦ ਰੱਖਣਗੇ।
ਮੋਹਾਲੀ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਕੁਲਵੰਤ ਸਿੰਘ ’ਤੇ ਹਮਲਾ ਬੋਲਦਿਆਂ ਉਹਨਾਂ ਕਿਹਾ ਕਿ ਉਹ ਕੋਈ ਆਮ ਆਦਮੀ ਨਹੀਂ ਹੈ। ਉਹ ਅਪਣੇ ਵਾਅਦਿਆਂ ਤੋਂ ਹਮੇਸ਼ਾਂ ਹੀ ਮੁਨਕਰ ਹੁੰਦੇ ਆਏ ਹਨ। ਅਕਾਲੀ ਦਲ ’ਤੇ ਹਮਲਾ ਬੋਲਦਿਆ ਸਿੱਧੂ ਨੇ ਕਿਹਾ ਕਿ ਅਕਾਲੀ ਦਲ ਦੀ ਹੋਂਦ ਖ਼ਤਮ ਹੋ ਚੁੱਕੀ ਹੈ, ਉਹਨਾਂ ਪੱਲੇ ਕੁਝ ਨਹੀਂ ਰਿਹਾ।