
ਪੰਜਾਬ ਵਿਚ ਲਾਅ ਐਂਡ ਆਰਡਰ ਦੀ ਸਥਿਤੀ ਪੂਰੀ ਤਰ੍ਹਾਂ ਕਾਬੂ ਹੇਠ : ਸਾਧੂ ਸਿੰਘ ਧਰਮਸੋਤ
ਖੰਨਾ, 2 ਫ਼ਰਵਰੀ ( ਏ ਐਸ ਖੰਨਾ): ਸੂਬੇ ਦੇ ਕੈਬਨਿਟ ਮੰਤਰੀ ਸਰਦਾਰ ਸਾਧੂ ਸਿੰਘ ਧਰਮਸੋਤ ਨੇ ਆਖਿਆ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਪੰਜਾਬ ਅੰਦਰ ਲਾਅ ਐਂਡ ਆਰਡਰ ਦੀ ਸਥਿਤੀ ਪੂਰੀ ਤਰ੍ਹਾਂ ਕਾਬੂ ਹੇਠ ਹੈ। ਉਨ੍ਹਾਂ ਕਿਹਾ ਕਿ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਅਪਣੇ ਕਾਰਜਕਾਲ ਨੂੰ ਯਾਦ ਕਰਨ ਜਿਸ ਦੌਰਾਨ ਬੇਅਦਬੀ ਵਰਗੀਆਂ ਘਟਨਾਵਾਂ ਵਾਪਰੀਆਂ। ਪਰੰਤੂ ਉਸ ਸਮੇਂ ਦੀ ਬਾਦਲ ਸਰਕਾਰ ਨੇ ਮੁਲਜ਼ਮਾਂ ਵਿਰੁਧ ਕਦੇ ਕਾਰਵਾਈ ਨਹੀਂ ਕੀਤੀ। ਉਨ੍ਹਾਂ ਕਿਹਾ ਕਿ ਸਮਝ ਤੋਂ ਬਾਹਰ ਦੀ ਗੱਲ ਹੈ ਕਿ ਬਿਕਰਮ ਸਿੰਘ ਮਜੀਠੀਆ ਅੱਜ ਕਿਵੇਂ ਕਹਿ ਰਹੇ ਹਨ ਕਿ ਸੂਬੇ ਅੰਦਰ ਲਾਅ ਐਂਡ ਆਰਡਰ ਦੀ ਸਥਿਤੀ ਕਾਬੂ ਹੇਠ ਨਹੀਂ ਹੈ? ਉਨ੍ਹਾਂ ਮਜੀਠੀਆ ਵਲੋਂ ਸੂਬੇ ਦੇ ਕਾਰਜ ਪ੍ਰਬੰਧ ਨੂੰ ਲੈ ਕੇ ਚੁੱਕੇ ਗਏ ਵੱਖ-ਵੱਖ ਸਵਾਲਾਂ ਦਾ ਜਵਾਬ ਦਿੰਦਿਆਂ ਆਖਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਸਰਕਾਰ ਸੂਬੇ ਦੇ ਲੋਕਾਂ ਦੀਆਂ ਮੁਸ਼ਕਲਾਂ ਨੂੰ ਹੱਲ ਕਰਨ ਅਤੇ ਚੋਣਾਂ ਸਮੇਂ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਲਈ ਪੂਰੀ ਤਨਦੇਹੀ ਅਤੇ ਈਮਾਨਦਾਰੀ ਨਾਲ ਇਕ ਕੁਸ਼ਲ ਰਾਜ ਪ੍ਰਬੰਧਕ ਵਾਂਗ ਅਪਣੀਆਂ ਸੇਵਾਵਾਂ ਦੇ ਰਹੇ ਹਨ।