
ਦਰਅਸਲ ਭਾਜਪਾ ਵੱਲੋਂ ਇਕ ਪ੍ਰੋਗਰਾਮ ਰੱਖਿਆ ਗਿਆ ਸੀ, ਜਿਸ ਵਿਚ ਅਸ਼ਵਨੀ ਸ਼ਰਮਾ ਨੇ ਵਿਸ਼ੇਸ਼ ਤੌਰ 'ਤੇ ਪਹੁੰਚਣਾ ਸੀ
ਪਠਾਨਕੋਟ : ਹਲਕੇ ਦੇ ਵਾਰਡ ਨੰਬਰ-19 ਵਿਚ ਉਸ ਸਮੇਂ ਦਹਿਸ਼ਤ ਦਾ ਮਾਹੌਲ ਬਣ ਗਿਆ ਜਦੋਂ ਪਠਾਨਕੋਟ ਤੋਂ ਭਾਜਪਾ ਉਮੀਦਵਾਰ ਅਸ਼ਵਨੀ ਸ਼ਰਮਾ ਦੀ ਰੈਲੀ ਤੋਂ ਪਹਿਲਾਂ ਕੁਝ ਸ਼ਰਾਰਤੀ ਅਨਸਰਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਦਰਅਸਲ ਭਾਜਪਾ ਵੱਲੋਂ ਇਕ ਪ੍ਰੋਗਰਾਮ ਰੱਖਿਆ ਗਿਆ ਸੀ, ਜਿਸ ਵਿਚ ਅਸ਼ਵਨੀ ਸ਼ਰਮਾ ਨੇ ਵਿਸ਼ੇਸ਼ ਤੌਰ 'ਤੇ ਪਹੁੰਚਣਾ ਸੀ। ਉਹਨਾਂ ਦੇ ਆਉਣ ਤੋਂ ਪਹਿਲਾਂ ਹੀ ਕੁਝ ਸ਼ਰਾਰਤੀ ਅਨਸਰਾਂ ਨੇ ਰੈਲੀ ਵਾਲੀ ਥਾਂ 'ਤੇ ਹੰਗਾਮਾ ਕਰਨਾ ਸ਼ੁਰੂ ਕਰ ਦਿੱਤਾ।
ਇਸ ਦੌਰਾਨ ਤੇਜ਼ਧਾਰ ਹਥਿਆਰਾਂ ਨਾਲ ਕੀਤੇ ਹਮਲੇ 'ਚ 4 ਦੇ ਕਰੀਬ ਵਿਅਕਤੀ ਗੰਭੀਰ ਰੂਪ 'ਚ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਸਰਕਾਰੀ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ। ਇੰਨਾ ਹੀ ਨਹੀਂ ਰੈਲੀ ਵਿੱਚ ਲਾਈਆਂ ਕੁਰਸੀਆਂ ਵੀ ਤੋੜ ਦਿੱਤੀਆਂ ਗਈਆਂ। ਇਸ ਮਗਰੋਂ ਪ੍ਰਸ਼ਾਸਨ ਵਲੋ ਮਾਮਲੇ ਸਬੰਧੀ ਜਾਂਚ ਕੀਤੀ ਜਾ ਰਹੀ ਹੈ।
ਇਸ ਦੌਰਾਨ ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਬਿਨ੍ਹਾਂ ਕਿਸੇ ਸ਼ਹਿ ਤੋਂ ਅਜਿਹੀ ਗੁੰਡਾਗਰਦੀ ਨਹੀਂ ਹੋ ਸਕਦੀ। ਉਹਨਾਂ ਦਾ ਕਹਿਣਾ ਹੈ ਕਿ ਲੋਕਤੰਤਰ ਵਿਚ ਹਰ ਪਾਰਟੀ ਦੇ ਉਮੀਦਵਾਰ ਨੂੰ ਰੈਲੀ ਕਰਨ ਦਾ ਅਧਿਕਾਰ ਹੈ। ਇਸ ਦੌਰਾਨ ਉਹਨਾਂ ਨੇ ਪ੍ਰਸ਼ਾਸਨ ’ਤੇ ਵੀ ਸਵਾਲ ਚੁੱਕੇ।