NRI Milni Punjab: ਪਰਵਾਸੀ ਪੰਜਾਬੀਆਂ ਨੂੰ ਦਰਪੇਸ਼ ਮੁਸ਼ਕਲਾਂ ਦੇ ਹੱਲ ਲਈ ਪਹਿਲੀ NRI ਮਿਲਣੀ ਮੁਕੰਮਲ
Published : Feb 3, 2024, 5:59 pm IST
Updated : Feb 3, 2024, 5:59 pm IST
SHARE ARTICLE
CM Inaugurates first NRI milni at Chamrod Pattan in Pathankot
CM Inaugurates first NRI milni at Chamrod Pattan in Pathankot

ਕਿਹਾ, ਪਿਛਲੀਆਂ ਸਰਕਾਰਾਂ ਵਿੱਚ ਐਨ.ਆਰ.ਆਈ. ਸੰਮੇਲਨ ਸਿਰਫ਼ ਪਖੰਡਬਾਜ਼ੀ ਹੁੰਦੇ ਸਨ

NRI Milni Punjab: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਵਿਸ਼ਵ ਭਰ ਵਿੱਚ ਵਸਦੇ ਐਨ.ਆਰ.ਆਈ. ਭਾਈਚਾਰੇ ਨੂੰ ਪੰਜਾਬ ਦੇ ਅਰਥਚਾਰੇ ਨੂੰ ਦੁਨੀਆ ਦੇ ਮੋਹਰੀ ਸੂਬੇ ਵਜੋਂ ਉਭਾਰਨ ਲਈ ਉਨ੍ਹਾਂ ਨੂੰ ਖੁੱਲ੍ਹੇ ਦਿਲ ਨਾਲ ਸਹਿਯੋਗ ਦੇਣ ਦਾ ਸੱਦਾ ਦਿੱਤਾ। ਇੱਥੇ ‘ਐਨ.ਆਰ.ਆਈ. ਮਿਲਣੀ’ ਦੌਰਾਨ ਪਰਵਾਸੀ ਪੰਜਾਬੀ ਭਾਈਚਾਰੇ ਦੇ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੌਰਾਨ ਐਨ.ਆਰ.ਆਈ. ਨੂੰ ਅਫਸਰਸ਼ਾਹੀ ਦੇ ਹੱਥੋਂ ਜ਼ਲਾਲਤ ਸਹਿਣੀ ਪੈਂਦੀ ਸੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜਦੋਂ ਤੋਂ ਉਨ੍ਹਾਂ ਨੇ ਅਹੁਦਾ ਸੰਭਾਲਿਆ ਹੈ, ਪਰਵਾਸੀ ਭਾਰਤੀਆਂ ਦੀ ਭਲਾਈ ਲਈ ਬਹੁਤ ਸਾਰੀਆਂ ਪਹਿਲਕਦਮੀਆਂ ਕੀਤੀਆਂ ਗਈਆਂ ਹਨ ਅਤੇ ਸੂਬੇ ਵਿੱਚ ਨਵਾਂ ਬਦਲਾਅ ਦੇਖਣ ਨੂੰ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਤਾਂ ਅਜੇ ਸਿਰਫ਼ ਸ਼ੁਰੂਆਤ ਹੈ ਕਿਉਂਕਿ ਪਰਵਾਸੀ ਭਾਰਤੀਆਂ ਦਾ ਮਾਣ ਬਹਾਲ ਕਰਨ ਲਈ ਬਹੁਤ ਸਾਰੇ ਹੋਰ ਲੀਹੋਂ ਹਟਵੇਂ ਕਦਮ ਚੁੱਕੇ ਜਾ ਰਹੇ ਹਨ।

ਮੁੱਖ ਮੰਤਰੀ ਨੇ ਕਿਹਾ, “ਮੈਂ ਇਕ ਸਧਾਰਨ ਪਰਿਵਾਰ ਵਿੱਚ ਜੰਮਿਆ-ਪਲਿਆ ਹਾਂ ਜਿਸ ਕਰਕੇ ਜ਼ਮੀਨੀ ਪੱਧਰ 'ਤੇ ਚੰਗੀ ਤਰ੍ਹਾਂ ਜੁੜਿਆ ਹੋਇਆ ਹਾਂ, ਇਸ ਲਈ ਮੈਂ ਸਮਾਜ ਦੇ ਵੱਖ-ਵੱਖ ਵਰਗਾਂ ਨੂੰ ਦਰਪੇਸ਼ ਸਮੱਸਿਆਵਾਂ ਤੋਂ ਭਲੀ-ਭਾਂਤ ਜਾਣੂੰ ਹਾਂ। ਮੈਂ ਲੋਕਾਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀ ਹਰ ਸਮੱਸਿਆ ਦਾ ਹੱਲ ਕੀਤਾ ਜਾਵੇਗਾ ਅਤੇ ਸੂਬਾ ਸਰਕਾਰ ਹੁਣ ਹਰੇਕ ਨਾਗਰਿਕ ਦੀ ਜਾਇਜ਼ ਸਮੱਸਿਆ ਦੇ ਹੱਲ ਲਈ ਉਨ੍ਹਾਂ ਦੀ ਸੇਵਾ ਵਿੱਚ ਹਾਜ਼ਰ ਹੈ। ਅਸੀਂ ਸੂਬੇ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਵਚਨਬੱਧ ਹਾਂ।”

ਮੁੱਖ ਮੰਤਰੀ ਨੇ ਕਿਹਾ ਕਿ ਉਹ ਸੂਬੇ ਵਿੱਚ ਵਿਦੇਸ਼ੀ ਨਿਵੇਸ਼ ਨੂੰ ਵਧਾਉਣ ਲਈ ਕਈ ਰਾਜਦੂਤਾਂ ਅਤੇ ਕੂਟਨੀਤਿਕਾਂ ਨੂੰ ਮਿਲੇ ਹਨ। ਉਨ੍ਹਾਂ ਕਿਹਾ ਕਿ ਇਸ ਦਾ ਇੱਕੋ ਇੱਕ ਮਕਸਦ ਸੂਬੇ ਦੇ ਵਿਕਾਸ ਨੂੰ ਹੁਲਾਰਾ ਦੇਣਾ ਹੈ ਤਾਂ ਜੋ ਲੋਕਾਂ ਨੂੰ ਇਸ ਦਾ ਭਰਪੂਰ ਲਾਭ ਮਿਲ ਸਕੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਪੰਜਾਬ ਸੈਰ ਸਪਾਟਾ ਉਦਯੋਗ ਦੇ ਧੁਰੇ ਵਜੋਂ ਉਭਰੇਗਾ ਕਿਉਂਕਿ ਅਜਿਹੇ ਯਤਨਾਂ ਨੂੰ ਫਲ ਜ਼ਰੂਰ ਮਿਲੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀ ਸਰਕਾਰ ਦੌਰਾਨ ਕਰਵਾਏ ਗਏ ਐਨ.ਆਰ.ਆਈ. ਸੰਮੇਲਨ ਮਹਿਜ਼ ਧੋਖਾ ਸਨ ਕਿਉਂਕਿ ਇਸ ਵਿੱਚੋਂ ਕੁਝ ਵੀ ਸਾਰਥਿਕ ਢੰਗ ਨਾਲ ਸਾਹਮਣੇ ਨਹੀਂ ਆਇਆ। ਉਨ੍ਹਾਂ ਕਿਹਾ ਕਿ ਪਰਵਾਸੀ ਭਾਰਤੀਆਂ ਨੂੰ ਵੱਡੇ-ਵੱਡੇ ਪੈਲੇਸਾਂ ਅਤੇ ਹੋਟਲਾਂ ਵਿੱਚ ਬੁਲਾਇਆ ਜਾਂਦਾ ਸੀ ਪਰ ਬਾਅਦ ਵਿੱਚ ਉਨ੍ਹਾਂ ਨੂੰ ਜ਼ਲਾਲਤ ਸਹਿਣੀ ਪੈਂਦੀ ਸੀ ਕਿਉਂਕਿ ਕੋਈ ਵੀ ਉਨ੍ਹਾਂ ਦੀ ਪਰਵਾਹ ਨਹੀਂ ਕਰਦਾ ਸੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਸੂਬੇ ਦਾ ਅਮੀਰ ਸੱਭਿਆਚਾਰਕ ਵਿਰਸਾ ਲੋਕਾਂ ਨੂੰ ਦਿਖਾਉਣ ਲਈ ਰਮਣੀਕ ਅਤੇ ਕੁਦਰਤੀ ਸੁਦੰਰਤਾ ਨਾਲ ਲਬਰੇਜ਼ ਇਸ ਸਥਾਨ 'ਤੇ ਇਹ ਸਮਾਗਮ ਕਰਵਾ ਰਹੀ ਹੈ। ਉਨ੍ਹਾਂ ਕਿਹਾ ਕਿ ਪਰਵਾਸੀ ਭਾਰਤੀਆਂ ਨੂੰ ਇਸ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਖੁੱਲ੍ਹੇ ਦਿਲ ਨਾਲ ਯੋਗਦਾਨ ਪਾਉਣਾ ਚਾਹੀਦਾ ਹੈ।


ਮੁੱਖ ਮੰਤਰੀ ਨੇ ਕਿਹਾ, “ਪੰਜਾਬ ਬਰਕਤ ਵਾਲੀ ਧਰਤੀ ਹੈ ਜਿੱਥੇ ਕਣਕ ਅਤੇ ਝੋਨੇ ਦੀ ਏਨੀ ਜ਼ਿਆਦਾ ਪੈਦਾਵਾਰ ਹੁੰਦੀ ਹੈ ਕਿ ਦੇਸ਼ ਨੂੰ ਅਨਾਜ ਉਤਪਾਦਨ ਵਿੱਚ ਆਤਮ ਨਿਰਭਰ ਬਣਾਇਆ ਜਾ ਸਕਿਆ। ਇਹ ਬੜੇ ਦੁੱਖ ਦੀ ਗੱਲ ਹੈ ਕਿ ਪਹਿਲਾਂ ਵਾਲੇ ਆਗੂਆਂ ਨੇ ਸੂਬੇ ਦਾ ਸਰਮਾਇਆ ਲੁੱਟਿਆ ਜਿਸ ਕਾਰਨ ਸੂਬਾ ਤਰੱਕੀ ਅਤੇ ਖੁਸ਼ਹਾਲੀ ਵਿੱਚ ਪਛੜ ਗਿਆ ਹੈ। ਹੁਣ ਪੰਜਾਬ ਨੂੰ ਹਰ ਖੇਤਰ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਸਿਰਤੋੜ ਯਤਨ ਕੀਤੇ ਜਾ ਰਹੇ ਹਨ।”

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਨੂੰ ਕਿਸੇ ਵੀ ਵਿਅਕਤੀ ਖਾਸ ਕਰਕੇ ਕੇਂਦਰ ਵਿੱਚ ਸੱਤਾਧਾਰੀ ਲੋਕਾਂ ਤੋਂ ਦੇਸ਼ ਭਗਤੀ ਦਾ ਐਨ.ਓ.ਸੀ. ਦੀ ਲੋੜ ਨਹੀਂ। ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਗਣਤੰਤਰ ਦਿਵਸ ਦੀ ਪਰੇਡ ਦੌਰਾਨ ਸੂਬੇ ਦੀਆਂ ਝਾਕੀਆਂ ਨੂੰ ਰੱਦ ਕਰ ਦਿੱਤਾ ਸੀ, ਭਾਵੇਂ ਕਿ ਆਜ਼ਾਦੀ ਦੇ ਸੰਘਰਸ਼ ਲਈ 90 ਫੀਸਦੀ ਕੁਰਬਾਨੀਆਂ ਪੰਜਾਬੀਆਂ ਨੇ ਦਿੱਤੀਆਂ ਸਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਨਾਲ ਮਤਰੇਈ ਮਾਂ ਵਾਲਾ ਸਲੂਕ ਅਸਹਿਣਯੋਗ ਹੈ ਕਿਉਂਕਿ ਉਨ੍ਹਾਂ ਨੂੰ ਸੂਬੇ ਵਿਚ ਦੇਸ਼ ਭਗਤੀ ਅਤੇ ਰਾਸ਼ਟਰਵਾਦ ਨੂੰ ਦਰਸਾਉਂਦੀਆਂ ਝਾਕੀਆਂ ਨੂੰ ਰੱਦ ਕਰਨ ਦਾ ਕੋਈ ਹੱਕ ਨਹੀਂ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬੀਆਂ ਨੇ ਜਾਤ, ਰੰਗ, ਨਸਲ ਅਤੇ ਭੂਗੋਲਿਕ ਪੱਧਰ ਤੋਂ ਉਪਰ ਉਠ ਕੇ ਪਰਮਾਤਮਾ ਦੀ ਬਖਸ਼ਿਸ਼ ਸਦਕਾ ਜੀਵਨ ਦੇ ਹਰੇਕ ਖੇਤਰ ਵਿੱਚ ਆਪਣੀ ਕਾਬਲੀਅਤ ਦਾ ਸਬੂਤ ਦਿੱਤਾ ਹੈ। ਉਨ੍ਹਾਂ ਕਿਹਾ ਕਿ ਦੁਨੀਆਂ ਭਰ ਵਿੱਚ ਸ਼ਾਇਦ ਪੰਜਾਬੀ ਹੀ ਅਜਿਹਾ ਭਾਈਚਾਰਾ ਹੈ ਜੋ ਆਪਣੀ ਮਿਹਨਤ, ਇਮਾਨਦਾਰੀ ਅਤੇ ਵਚਨਬੱਧਤਾ ਦੇ ਬਲਬੂਤੇ ਕੋਈ ਵੀ ਔਖਾ ਤੋਂ ਔਖਾ ਕੰਮ ਕਰ ਸਕਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਸ਼ਾਨਦਾਰ ਬੁਨਿਆਦੀ ਢਾਂਚੇ, ਵਾਧੂ ਬਿਜਲੀ, ਵਧੀਆ ਸਿੱਖਿਆ ਅਤੇ ਸਿਹਤ ਸਹੂਲਤਾਂ ਦੇ ਮਾਮਲੇ ਵਿੱਚ ਪੰਜਾਬ ਨੂੰ ਵਿਕਾਸ ਦੀ ਤੇਜ਼ੀ ਗਤੀ 'ਤੇ ਲਿਆਉਣ ਲਈ ਠੋਸ ਉਪਰਾਲੇ ਕੀਤੇ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਸਭ ਕੁਝ ਸੂਬੇ ਵਿੱਚ ਫਿਰਕੂ ਸਦਭਾਵਨਾ, ਸ਼ਾਂਤੀ ਅਤੇ ਸਦਭਾਵਨਾ ਭਰੇ ਮਾਹੌਲ ਸਦਕਾ ਸੰਭਵ ਹੋਇਆ ਹੈ। ਉਨ੍ਹਾਂ ਕਿਹਾ ਕਿ ਸ਼ਾਂਤਮਈ ਮਾਹੌਲ ਨੇ ਪੰਜਾਬ ਦੀ ਸਮੁੱਚੀ ਵਿਕਾਸ ਪ੍ਰਕਿਰਿਆ ਵਿੱਚ ਤੇਜ਼ੀ ਲਿਆਂਦੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਬੜੇ ਮਾਣ ਅਤੇ ਤਸੱਲੀ ਦੀ ਗੱਲ ਹੈ ਕਿ ਬਹਾਦਰ ਪੰਜਾਬੀ ਅਮਨ-ਸ਼ਾਂਤੀ ਅਤੇ ਭਾਈਚਾਰਕ ਸਾਂਝ ਦੀਆਂ ਤੰਦਾਂ ਨੂੰ ਮਜ਼ਬੂਤ ਕਰਨ ਦੇ ਨਾਲ-ਨਾਲ ਜਮਹੂਰੀਅਤ ਦੀਆਂ ਕਦਰਾਂ-ਕੀਮਤਾਂ 'ਤੇ ਅਥਾਹ ਭਰੋਸਾ ਰੱਖਦੇ ਹਨ।

ਜਜ਼ਬਾਤੀ ਸਾਂਝ ਦਾ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਨੇ ਪ੍ਰਵਾਸੀ ਭਾਰਤੀ ਭਰਾਵਾਂ ਨੂੰ ਆਰਥਿਕ ਅਤੇ ਸਮਾਜਿਕ ਰਿਸ਼ਤਿਆਂ ਨੂੰ ਮਜ਼ਬੂਤ ਕਰਨ ਦੇ ਨਾਲ-ਨਾਲ ਸਿੱਖਿਆ ਅਤੇ ਸਿਹਤ ਸੇਵਾਵਾਂ ਨੂੰ ਉਤਸ਼ਾਹਿਤ ਕਰਨ ਵਿੱਚ ਵੱਡਾ ਯੋਗਦਾਨ ਪਾਉਣ ਦੀ ਅਪੀਲ ਕੀਤੀ, ਜੋ ਕਿ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਲਈ ਸਭ ਤੋਂ ਵੱਧ ਸਭ ਮਹੱਤਵਪੂਰਨ ਹੈ। ਉਨ੍ਹਾਂ ਕਿਹਾ ਕਿ ਇਸ ਸੰਮੇਲਨ ਨੂੰ ‘ਰਸਮੀ ਇਕੱਠ’ ਵਜੋਂ ਨਹੀਂ ਲਿਆ ਜਾਣਾ ਚਾਹੀਦਾ, ਸਗੋਂ ਇਸ ਨੂੰ ਸੂਬੇ ਦੀ ਬਿਹਤਰੀ ਲਈ ਵਿਚਾਰ-ਵਟਾਂਦਰੇ ਦੇ ਆਪਸੀ ਆਦਾਨ-ਪ੍ਰਦਾਨ ਵਿੱਚ ਤਬਦੀਲ ਕਰਕੇ ਸਿਹਤਮੰਦ ਮੰਚ ਵਜੋਂ ਵਰਤਿਆ ਜਾਣਾ ਚਾਹੀਦਾ ਹੈ। ਭਗਵੰਤ ਸਿੰਘ ਮਾਨ ਨੇ ਸਿੱਖਿਆ ਅਤੇ ਸਿਹਤ ਸੰਭਾਲ ਦੇ ਖੇਤਰ ਵਿੱਚ ਪਰਵਾਸੀ ਭਾਰਤੀਆਂ ਦੇ ਸਹਿਯੋਗ ਲਈ ਉਮੀਦ ਜ਼ਾਹਰ ਕਰਦਿਆਂ ਕਿਹਾ ਕਿ ਇਸ ਨਾਲ ਇਨ੍ਹਾਂ ਮੁੱਖ ਖੇਤਰਾਂ ਵਿੱਚ ਕਈ ਯੋਜਨਾਵਾਂ ਅਤੇ ਪ੍ਰੋਜੈਕਟਾਂ ਨੂੰ ਵਿਉਂਦਬੰਦ ਕੀਤਾ ਜਾ ਸਕਦਾ ਹੈ।

ਮੁੱਖ ਮੰਤਰੀ ਨੇ ਕਿਹਾ, “ਸਾਡੀ ਸਰਕਾਰ ਐਨ.ਆਰ.ਆਈ. ਭਾਈਚਾਰੇ ਦੇ ਜੀਵਨ ਨੂੰ ਵਿਦੇਸ਼ਾਂ ਵਾਂਗ ਸੁਖਾਂਵਾ ਅਤੇ ਸੁਹਾਵਣਾ ਬਣਾਉਣ ਲਈ ਉਨ੍ਹਾਂ ਦੀਆਂ ਖਾਹਿਸ਼ਾਂ ਪੂਰਾ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਤਾਂ ਕਿ ਪੰਜਾਬ ਨੂੰ ਉਨ੍ਹਾਂ ਦੇ ਸੁਪਨਿਆਂ ਦਾ ਘਰ ਬਣਾਇਆ ਜਾ ਸਕੇ। ਮੈਨੂੰ ਪੂਰਾ ਭਰੋਸਾ ਹੈ ਕਿ 'ਵਤਨ ਵਾਪਸੀ' ਦਾ ਰੁਝਾਨ ਸ਼ੁਰੂ ਹੋ ਗਿਆ ਹੈ ਜਿਸ ਨਾਲ ਇਹ ਨਾ ਸਿਰਫ਼ ਨੌਜਵਾਨਾਂ ਖਾਸ ਕਰਕੇ ਸੁਨਹਿਰੇ ਸੁਪਨਿਆਂ ਦੀ ਭਾਲ ਵਿਚ ਵਿਦੇਸ਼ ਜਾਣ ਦੇ ਚਾਹਵਾਨ ਨੌਜਵਾਨਾਂ ਦੇ ਪਰਵਾਸ ਕਰਨ ਦੇ ਉੱਭਰੇ ਰੁਝਾਨ ਨੂੰ ਠੱਲ੍ਹ ਪਏਗੀ, ਸਗੋਂ ਪਰਵਾਸੀ ਭਾਰਤੀਆਂ ਨੂੰ ਸੂਬੇ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਯੋਗਦਾਨ ਪਾਉਣ ਲਈ ਪ੍ਰੇਰਿਤ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਅਦਾ ਕਰੇਗੀ।” ਉਨ੍ਹਾਂ ਨੇ ਪਰਵਾਸੀ ਭਾਰਤੀਆਂ ਨੂੰ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਇਸ ਨੇਕ ਕਾਰਜ ਲਈ ਕਾਰਗਰ ਭੂਮਿਕਾ ਨਿਭਾਉਣ ਦਾ ਸੱਦਾ ਦਿੱਤਾ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਦੇ ਸੁਹਿਰਦ ਯਤਨਾਂ ਸਦਕਾ ਆਲਮੀ ਨਿਵੇਸ਼ਕਾਰ ਸੂਬੇ ਵਿੱਚ ਨਿਵੇਸ਼ ਕਰਨ ਲਈ ਤਿਆਰ ਹਨ। ਉਨ੍ਹਾਂ ਕਿਹਾ ਕਿ ਪਿਛਲੇ 20 ਮਹੀਨਿਆਂ ਤੋਂ ਵੱਧ ਸਮੇਂ ਦੌਰਾਨ ਕੁਝ ਵੱਡੀਆਂ ਕੰਪਨੀਆਂ ਜਿਵੇਂ ਟਾਟਾ ਸਟੀਲ ਅਤੇ ਹੋਰਾਂ ਨੇ ਸੂਬੇ ਵਿੱਚ ਨਿਵੇਸ਼ ਕਰਨਾ ਸ਼ੁਰੂ ਕਰ ਦਿੱਤਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਨੂੰ ‘ਰੰਗਲਾ ਪੰਜਾਬ’ ਬਣਾਉਣ ਲਈ ਇਹ ਸਹੀ ਦਿਸ਼ਾ ਵਿੱਚ ਜਾ ਰਿਹਾ ਕਦਮ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਵਿਲੱਖਣ ਰੰਗਾਂ ਵਾਲੇ ਸਟੈਂਪ ਪੇਪਰ ਵੀ ਜਾਰੀ ਕੀਤੇ ਹਨ, ਜੋ ਸੂਬੇ ਵਿੱਚ ਉਦਯੋਗਿਕ ਕ੍ਰਾਂਤੀ ਦੇ ਨਵੇਂ ਯੁੱਗ ਦੀ ਸ਼ੁਰੂਆਤ ਕਰਨ ਵੱਲ ਵੱਡੀ ਪੁਲਾਂਘ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਅਜਿਹਾ ਪਹਿਲਾ ਸੂਬਾ ਹੈ ਜਿਸ ਨੇ ਉੱਦਮੀਆਂ ਨੂੰ ਆਪਣੇ ਯੂਨਿਟ ਸਥਾਪਤ ਕਰਨ ਲਈ ਹਰੇ ਰੰਗ ਦੇ ਸਟੈਂਪ ਪੇਪਰ ਜਾਰੀ ਕੀਤੇ ਹਨ, ਜਿਸ ਨਾਲ ਸੂਬੇ ਦੇ ਉਦਯੋਗਿਕ ਵਿਕਾਸ ਨੂੰ ਅਹਿਮ ਹੁਲਾਰਾ ਮਿਲੇਗਾ। ਉਨ੍ਹਾਂ ਨੇ ਇਸ ਨੂੰ ਕ੍ਰਾਂਤੀਕਾਰੀ ਕਦਮ ਦੱਸਿਆ ਜਿਸ ਦਾ ਉਦੇਸ਼ ਸੂਬੇ ਵਿੱਚ ਆਪਣੀਆਂ ਇਕਾਈਆਂ ਸਥਾਪਤ ਕਰਨ ਦੇ ਚਾਹਵਾਨ ਉੱਦਮੀਆਂ ਲਈ ਕਾਰੋਬਾਰ ਕਰਨ ਦੀ ਪ੍ਰਕਿਰਿਆ ਨੂੰ ਸੁਖਾਲਾ ਬਣਾਉਣਾ ਹੈ।

ਮੁੱਖ ਮੰਤਰੀ ਨੇ ਵਿਅੰਗ ਕੱਸਦਿਆਂ ਕਿਹਾ ਕਿ ਪਹਿਲਾਂ ਉਦਯੋਗ ਸੱਤਾ ਵਿੱਚ ਰਹਿੰਦੇ ਪਰਿਵਾਰਾਂ ਨਾਲ ਸਮਝੌਤਿਆਂ 'ਤੇ ਦਸਤਖਤ ਕਰਦੇ ਸਨ ਪਰ ਜਦੋਂ ਤੋਂ ਉਨ੍ਹਾਂ ਨੇ ਮੁੱਖ ਮੰਤਰੀ ਦਾ ਅਹੁਦਾ ਸੰਭਾਲਿਆ ਹੈ, ਸੂਬੇ ਦੇ ਲੋਕਾਂ ਲਈ ਸਮਝੌਤਿਆਂ 'ਤੇ ਦਸਤਖਤ ਕੀਤੇ ਜਾਂਦੇ ਹਨ। ਉਨ੍ਹਾਂ ਕਿਹਾ ਕਿ ਪਹਿਲਾਂ ਅਮੀਰ ਪਰਿਵਾਰਾਂ ਨੂੰ ਇਨ੍ਹਾਂ ਸਮਝੌਤਿਆਂ ਦਾ ਲਾਭ ਮਿਲਦਾ ਸੀ ਪਰ ਹੁਣ ਪੰਜਾਬੀਆਂ ਨੂੰ ਇਸ ਦਾ ਲਾਭ ਮਿਲੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਜਿਹਾ ਇਸ ਲਈ ਸੰਭਵ ਹੋਇਆ ਹੈ ਕਿਉਂਕਿ ਉਨ੍ਹਾਂ ਦੀ ਸਰਕਾਰ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਅਣਥੱਕ ਕੰਮ ਕਰ ਰਹੀ ਹੈ।

ਮੁੱਖ ਮੰਤਰੀ ਨੇ ਪਰਵਾਸੀ ਪੰਜਾਬੀਆਂ ਨੂੰ ਸੂਬੇ ਵਿੱਚ ਨਿਵੇਸ਼ ਕਰਕੇ, ਪਿੰਡਾਂ ਅਤੇ ਸ਼ਹਿਰਾਂ ਨੂੰ ਗੋਦ ਲੈ ਕੇ ਅਤੇ ਸਮਾਜ ਭਲਾਈ ਦੇ ਖੇਤਰ ਵਿੱਚ ਯੋਗਦਾਨ ਪਾ ਕੇ ਪੰਜਾਬ ਵਿੱਚ ਚੱਲ ਰਹੇ ਬੇਮਿਸਾਲ ਵਿਕਾਸ ਵਿੱਚ ਸਰਗਰਮ ਭਾਈਵਾਲ ਬਣਨ ਲਈ ਵੀ ਪ੍ਰੇਰਿਤ ਕੀਤਾ। ਉਨ੍ਹਾਂ ਨੇ ਐਨ.ਆਰ.ਈ. ਪੰਜਾਬੀਆਂ ਨੂੰ ਜਾਣੂੰ ਕਰਵਾਇਆ ਕਿ ਪੰਜਾਬ ਨਿਵੇਸ਼ ਲਈ ਸਭ ਤੋਂ ਪਸੰਦੀਦਾ, ਪ੍ਰਗਤੀਸ਼ੀਲ ਅਤੇ ਅਸਲ ਵਿੱਚ ਢੁਕਵਾਂ ਸੂਬਾ ਹੈ ਅਤੇ ਉਨ੍ਹਾਂ ਨੂੰ ਇਹ ਤੱਥ ਵਿਸ਼ਵ ਪੱਧਰ 'ਤੇ ਪ੍ਰਚਾਰਨੇ ਚਾਹੀਦੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ, ਦੇਸ਼ ਦਾ ਪਹਿਲਾ ਸੂਬਾ ਹੈ ਜਿਸ ਨੇ ਪਰਵਾਸੀ ਭਾਰਤੀਆਂ ਦੀ ਸਹਾਇਤਾ ਲਈ ਤੁਰੰਤ ਕਦਮ ਚੁੱਕੇ ਹਨ ਅਤੇ ਉਨ੍ਹਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਕੀਤਾ।

ਮੁੱਖ ਮੰਤਰੀ ਨੇ ਕਿਹਾ ਕਿ ਪਿਛਲੇ 25 ਸਾਲਾਂ ਵਿੱਚ ਸੂਬੇ ਵਿੱਚ ਸਿਰਫ਼ ਦੋ ਵਿਅਕਤੀਆਂ ਨੇ ਰਾਜ ਕੀਤਾ ਹੈ ਅਤੇ ਆਪਣੇ ਨਿੱਜੀ ਹਿੱਤਾਂ ਲਈ ਸੂਬੇ ਦੇ ਵਸੀਲਿਆਂ ਦੀ ਰੱਜ ਕੇ ਦੁਰਵਰਤੋਂ ਕੀਤੀ। ਉਨ੍ਹਾਂ ਕਿਹਾ ਕਿ ਇਨ੍ਹਾਂ ਵਿੱਚੋਂ ਦੋ ਇੱਕ ਪਰਿਵਾਰ ਦੇ ਸਨ ਜਦੋਂਕਿ ਦੋ ਦੂਜੇ ਪਰਿਵਾਰ ਦੇ ਸਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਲੋਕਾਂ ਨੇ ਆਪਣੇ ਸੌੜੇ ਸਿਆਸੀ ਹਿੱਤਾਂ ਲਈ ਸੂਬੇ ਨੂੰ ਬੇਰਹਿਮੀ ਨਾਲ ਲੁੱਟਿਆ ਹੈ, ਜਿਸ ਨਾਲ ਸੂਬੇ ਦੇ ਵਿਕਾਸ ਵਿਚ ਰੁਕਾਵਟ ਆ ਰਹੀ ਹੈ।

ਸ਼੍ਰੋਮਣੀ ਅਕਾਲੀ ਦਲ ਦੀ ‘ਪੰਜਾਬ ਬਚਾਓ ਯਾਤਰਾ’ 'ਤੇ ਤਨਜ਼ ਕੱਸਦਿਆਂ ਮੁੱਖ ਮੰਤਰੀ ਨੇ ਅਕਾਲੀ ਆਗੂਆਂ ਨੂੰ ਇਹ ਦੱਸਣ ਦੀ ਚੁਣੌਤੀ ਦਿੱਤੀ ਕਿ ਉਹ 15 ਸਾਲਾਂ ਤੋਂ ਸੂਬੇ ਨੂੰ ਅੰਨ੍ਹੇਵਾਹ ਲੁੱਟਣ ਤੋਂ ਬਾਅਦ ਹੁਣ ਕਿਸ ਤੋਂ ਸੂਬੇ ਨੂੰ ਬਚਾਉਣ ਦਾ ਹੋ-ਹੱਲਾ ਮਚਾ ਰਹੇ ਹਨ। ਉਨ੍ਹਾਂ ਕਿਹਾ ਕਿ ਅਕਾਲੀਆਂ ਨੇ ਸੂਬੇ ਦੇ ਖਜ਼ਾਨੇ ਦੀ ਲੁੱਟ ਕੀਤੀ ਅਤੇ ਪੰਜਾਬੀਆਂ ਦੇ ਹਿਰਦਿਆਂ ਨੂੰ ਗਹਿਰੀ ਠੇਸ ਪਹੁੰਚਾਈ ਅਤੇ ਇੱਥੋਂ ਤੱਕ ਕਿ ਸੂਬੇ ਅੰਦਰ ਵੱਡੇ ਮਾਫੀਏ ਦੀ ਪੁਸ਼ਤਪਨਾਹੀ ਵੀ ਕੀਤੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਲੋਕ ਅਕਾਲੀਆਂ ਅਤੇ ਬਾਦਲ ਪਰਿਵਾਰ ਦੇ ਦੋਗਲੇ ਕਿਰਦਾਰ ਤੋਂ ਭਲੀ-ਭਾਂਤ ਜਾਣੂ ਹਨ, ਜਿਸ ਕਾਰਨ ਹੁਣ ਇਨ੍ਹਾਂ ਦੀਆਂ ਨੌਟੰਕੀਆਂ ਨਹੀਂ ਚੱਲਣਗੀਆਂ।

ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਨੇ ਨਿੱਜੀ ਕੰਪਨੀ ਜੀ.ਵੀ.ਕੇ. ਪਾਵਰ ਦੀ ਮਾਲਕੀ ਵਾਲੇ ਗੋਇੰਦਵਾਲ ਪਾਵਰ ਪਲਾਂਟ ਨੂੰ ਖਰੀਦ ਕੇ ਇਤਿਹਾਸ ਰਚਿਆ ਹੈ। ਉਨ੍ਹਾਂ ਕਿਹਾ ਕਿ ਪਹਿਲੀ ਵਾਰ ਇਹ ਉਲਟਾ ਰੁਝਾਨ ਸ਼ੁਰੂ ਹੋਇਆ ਹੈ ਕਿ ਸਰਕਾਰ ਨੇ ਕੋਈ ਪ੍ਰਾਈਵੇਟ ਪਾਵਰ ਪਲਾਂਟ ਖਰੀਦਿਆ ਹੈ ਜਦੋਂ ਕਿ ਪਹਿਲੀਆਂ ਸਰਕਾਰਾਂ ਆਪਣੀਆਂ ਜਾਇਦਾਦਾਂ ਚਹੇਤੇ ਵਿਅਕਤੀਆਂ ਨੂੰ ਕੌਡੀਆਂ ਦੇ ਭਾਅ ਵੇਚ ਦਿੰਦੀਆਂ ਸਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਛਵਾੜਾ ਕੋਲਾ ਖਾਣ ਤੋਂ ਨਿਕਲਣ ਵਾਲੇ ਕੋਲੇ ਦੀ ਵਰਤੋਂ ਸਰਕਾਰੀ ਪਾਵਰ ਪਲਾਂਟਾਂ ਲਈ ਹੀ ਕੀਤੀ ਜਾ ਸਕਦੀ ਹੈ, ਇਸ ਲਈ ਇਸ ਪਾਵਰ ਪਲਾਂਟ ਦੀ ਖਰੀਦ ਨਾਲ ਇਸ ਕੋਲੇ ਨੂੰ ਬਿਜਲੀ ਪੈਦਾ ਕਰਨ ਲਈ ਵਰਤੋਂ ਵਿੱਚ ਲਿਆਂਦਾ ਜਾ ਸਕਦਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੌਰਾਨ ਲੋਕ ਆਪਣੀ ਹੀ ਸਫਲਤਾ ਤੋਂ ਭੈਭੀਤ ਹੋ ਜਾਂਦੇ ਸਨ ਕਿਉਂਕਿ ਸਿਆਸੀ ਆਗੂ ਇਨ੍ਹਾਂ ਲੋਕਾਂ ਦੇ ਕਾਰੋਬਾਰ ਵਿੱਚ ਹਿੱਸਾਪੱਤੀ ਪਾਉਂਦੇ ਸਨ। ਉਨ੍ਹਾਂ ਕਿਹਾ ਕਿ ਇਨ੍ਹਾਂ ਆਗੂਆਂ ਨੇ ਆਮ ਲੋਕਾਂ ਨੂੰ ਲੁੱਟਿਆ ਅਤੇ ਇਨ੍ਹਾਂ ਦੇ ਹੱਥ ਪੰਜਾਬ ਅਤੇ ਪੰਜਾਬੀਆਂ ਦੇ ਖੂਨ ਨਾਲ ਰੰਗੇ ਹੋਏ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹੁਣ ਸੂਬੇ ਵਿੱਚ ਆਮ ਲੋਕਾਂ ਦੀ ਸਰਕਾਰ ਹੈ ਜੋ ਹਰ ਵਿਅਕਤੀ ਨੂੰ ਜ਼ਿੰਦਗੀ ਵਿੱਚ ਕਾਮਯਾਬ ਹੋਣ ਦੇ ਖੁੱਲ੍ਹੇ ਮੌਕੇ ਦੇ ਰਹੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਪਰਵਾਸੀ ਭਾਰਤੀ ਭਰਾਵਾਂ ਨੂੰ ਉਨ੍ਹਾਂ ਦੇ ਮਸਲਿਆਂ ਦੇ ਹੱਲ ਲਈ ਸਹੂਲਤ ਦੇਣ ਵਾਸਤੇ ਸੂਬਾ ਸਰਕਾਰ ਨੇ ਪਰਵਾਸੀ ਭਾਰਤੀ ਮਾਮਲਿਆਂ ਬਾਰੇ ਵਿਭਾਗ ਦੀ ਨਵੀਂ ਵੈੱਬਸਾਈਟ nri.punjab.gov.in ਦੀ ਸ਼ੁਰੂਆਤ ਕੀਤੀ ਹੈ। ਮੁੱਖ ਮੰਤਰੀ ਨੇ ਇਸ ਵੈੱਬਸਾਈਟ ਨੂੰ ਲੀਹੋਂ ਹਟਵੀਂ ਪਹਿਲ ਦੱਸਿਆ ਜਿਸ ਦਾ ਉਦੇਸ਼ ਜਿੱਥੇ ਪਰਵਾਸੀ ਭਾਰਤੀਆਂ ਦੀ ਭਲਾਈ ਨੂੰ ਯਕੀਨੀ ਬਣਾਉਣਾ ਹੈ, ਉਥੇ ਦੂਜੇ ਪਾਸੇ ਉਨ੍ਹਾਂ ਨੂੰ ਆਪਣੀਆਂ ਜੜ੍ਹਾਂ ਨਾਲ ਜੁੜੇ ਰਹਿਣ ਵਿੱਚ ਮਦਦ ਕਰਨਾ ਹੈ। ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਵੈੱਬਸਾਈਟ 'ਤੇ ਐਨ.ਆਰ.ਆਈ ਪੁਲਿਸ ਵਿੰਗ, ਪੰਜਾਬ ਸਟੇਟ ਕਮਿਸ਼ਨ ਫਾਰ ਐਨ.ਆਰ.ਆਈਜ਼ ਅਤੇ ਐਨ.ਆਰ.ਆਈ. ਸਭਾ ਨਾਲ ਸਬੰਧਤ ਵਿਸਥਾਰਤ ਜਾਣਕਾਰੀ ਹੈ।

ਇਸੇ ਤਰ੍ਹਾਂ ਮੁੱਖ ਮੰਤਰੀ ਨੇ ਕਿਹਾ ਕਿ ਐਨ.ਆਰ.ਆਈਜ਼ ਨੂੰ ਇੱਕ ਹੋਰ ਵੱਡੀ ਰਾਹਤ ਦਿੰਦਿਆਂ ਸੂਬਾ ਸਰਕਾਰ ਨੇ ‘ਮੁੱਖ ਮੰਤਰੀ ਫੀਲਡ ਅਫਸਰਾਂ’ ਨੂੰ ਪਰਵਾਸੀ ਭਾਰਤੀਆਂ ਲਈ ਨੋਡਲ ਅਫਸਰ ਨਿਯੁਕਤ ਕੀਤਾ ਹੈ ਤਾਂ ਜੋ ਉਨ੍ਹਾਂ ਦੀਆਂ ਸ਼ਿਕਾਇਤਾਂ ਦਾ ਤੁਰੰਤ ਅਤੇ ਸਮਾਂਬੱਧ ਢੰਗ ਨਾਲ ਨਿਪਟਾਰਾ ਯਕੀਨੀ ਬਣਾਇਆ ਜਾ ਸਕੇ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਇਸ ਕਦਮ ਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਸੂਬੇ ਦੇ ਵਸਨੀਕਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਜ਼ਿਲ੍ਹਾ ਪੱਧਰ 'ਤੇ ਉਨ੍ਹਾਂ ਨੂੰ ਢਾਂਚਾਗਤ ਅਤੇ ਅਸਰਦਾਰ ਸ਼ਿਕਾਇਤ ਨਿਵਾਰਣ ਪ੍ਰਣਾਲੀ ਪ੍ਰਦਾਨ ਕਰਕੇ ਕੀਤਾ ਜਾਵੇ। ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਏਸੇ ਮੰਤਵ ਤਹਿਤ ਹੀ ਸੂਬਾ ਸਰਕਾਰ ਨੇ ਪਰਵਾਸੀ ਭਾਰਤੀਆਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਨੂੰ ਯਕੀਨੀ ਬਣਾਉਣ ਲਈ ‘ਮੁੱਖ ਮੰਤਰੀ ਫੀਲਡ ਅਫਸਰਾਂ’ ਨੂੰ ਨੋਡਲ ਅਫਸਰ ਵਜੋਂ ਨਿਯੁਕਤ ਕਰਨ ਦਾ ਫੈਸਲਾ ਕੀਤਾ ਹੈ। ਇਸ ਮੌਕੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ, ਲਾਲ ਚੰਦ ਕਟਾਰੂਚੱਕ ਅਤੇ ਬ੍ਰਮ ਸ਼ੰਕਰ ਜਿੰਪਾ ਸਮੇਤ ਹੋਰ ਹਾਜ਼ਰ ਸਨ।

(For more Punjabi news apart from CM Inaugurates first NRI milni at Chamrod Pattan in Pathankot , stay tuned to Rozana Spokesman)

Location: India, Punjab, Pathankot

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਪ੍ਰਵਾਸੀਆਂ ਨੂੰ ਵਸਾਇਆ ਸਰਕਾਰਾਂ ਨੇ? Ravinder bassi advocate On Punjab Boycott Migrants|Parvasi Virodh

19 Sep 2025 3:26 PM

Punjab Bathinda: Explosion In Jida Village| Army officers Visit | Blast Investigation |Forensic Team

19 Sep 2025 3:25 PM

Indira Gandhi ਦੇ ਗੁਨਾਹ Rahul Gandhi ਕਿਉਂ ਭੁਗਤੇ' ਉਹ ਤਾਂ ਬੱਚਾ ਸੀ,SGPC ਮੈਂਬਰ ਰਾਹੁਲ ਗਾਂਧੀ ਦੇ ਹੱਕ ‘ਚ ਆਏ..

18 Sep 2025 3:16 PM

Bhai Baldev Singh Wadala meet Harvir Father: ਅਸੀਂ Parvasi ਦੇ ਨਾਂਅ 'ਤੇ ਪੰਜਾਬ 'ਚ ਅਪਰਾਧੀ ਨਹੀਂ ਰਹਿਣ ਦੇਣੇ

18 Sep 2025 3:15 PM

Nepal, Bangladesh, Sri Lanka ਚ ਤਖ਼ਤਾ ਪਲਟ ਤੋਂ ਬਾਅਦ ਅਗਲਾ ਨੰਬਰ ਕਿਸ ਦਾ? Nepal Gen-Z protests | Corruption

17 Sep 2025 3:21 PM
Advertisement