
Punjab News: 10 ਜ਼ਿਲ੍ਹਿਆਂ ਅਤੇ 77 ਸਿਖਿਆ ਬਲਾਕਾਂ ਦੇ 50 ਫ਼ੀ ਸਦੀ ਤੋਂ ਜ਼ਿਆਦਾ ਸਕੂਲਾਂ ਵਿਚ ਨਹੀਂ ਇਕ ਵੀ ਪ੍ਰਿੰਸੀਪਲ
ਮੋਹਾਲੀ (ਸਤਵਿੰਦਰ ਸਿੰਘ ਧੜਾਕ): ਪੰਜਾਬ ਦੇ ਸਰਕਾਰੀ ਸਕੂਲਾਂ ਵਿਚ ਪ੍ਰਿੰਸੀਪਲਾਂ ਦੀਆਂ ਅਸਾਮੀਆਂ ਦੀ ਸਥਿਤੀ ਨੂੰ ਲੈ ਕੇ ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ (ਡੀ.ਟੀ.ਐਫ਼.) ਵਲੋਂ ਜਾਰੀ ਰਿਪੋਰਟ ਅਨੁਸਾਰ 1927 ਵਿਚੋਂ 856 (44 ਫ਼ੀ ਸਦੀ) ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ ਵਿਚ ਪ੍ਰਿੰਸੀਪਲ ਦੀ ਅਸਾਮੀ ਖ਼ਾਲੀ ਹੋਣ, 10 ਜ਼ਿਲ੍ਹਿਆਂ ਅਤੇ 77 ਸਿਖਿਆ ਬਲਾਕਾਂ ਦੇ 50 ਫ਼ੀ ਸਦੀ ਤੋਂ ਜ਼ਿਆਦਾ ਸਕੂਲਾਂ ਵਿਚ ਕੋਈ ਵੀ ਪ੍ਰਿੰਸੀਪਲ ਨਾ ਹੋਣ ਦੇ ਖ਼ੁਲਾਸੇ ਹੋਏ ਹਨ। ਜਥੇਬੰਦੀ ਨੇ ਮੰਗ ਕੀਤੀ ਹੈ ਕਿ ਹੈਡ ਮਾਸਟਰ ਤੇ ਲੈਕਚਰਾਰ ਕਾਡਰਾਂ ਤੋਂ ਵਿਭਾਗੀ ਤਰੱਕੀਆਂ ਕਰਦਿਆਂ ਪ੍ਰਿੰਸੀਪਲਾਂ ਦੀਆਂ ਸਾਰੀਆਂ ਅਸਾਮੀਆਂ ਫੌਰੀ ਭਰੀਆਂ ਜਾਣ।
ਡੀ.ਟੀ.ਐਫ਼. ਦੇ ਸੂਬਾ ਪ੍ਰਧਾਨ ਵਿਕਰਮ ਦੇਵ ਸਿੰਘ, ਜਨਰਲ ਸਕੱਤਰ ਮਹਿੰਦਰ ਕੌੜਿਆਂਵਾਲੀ ਅਤੇ ਵਿੱਤ ਸਕੱਤਰ ਅਸ਼ਵਨੀ ਅਵਸਥੀ ਨੇ ਦਸਿਆ ਕਿ ਜਥੇਬੰਦਕ ਢਾਂਚੇ ਰਾਹੀਂ ਇਕੱਤਰ ਕੀਤੀ ਜਾਣਕਾਰੀ ਅਨੁਸਾਰ ਮਾਨਸਾ ਜ਼ਿਲ੍ਹੇ ਦੇ 73 ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ ਵਿਚੋਂ 60 ਅਤੇ ਬਰਨਾਲੇ ਦੇ 47 ਵਿਚੋਂ 36 ਸਕੂਲਾਂ ਵਿਚ ਪ੍ਰਿੰਸੀਪਲ ਦੀ ਅਸਾਮੀਆਂ ਖ਼ਾਲੀ ਹਨ ਅਤੇ ਇਥੇ ਪ੍ਰਿੰਸੀਪਲਾਂ ਦੀ ਮੌਜੂਦਗੀ ਪੱਖੋਂ ਹਾਲ ਸੱਭ ਤੋਂ ਮੰਦੜੇ ਹਨ।
ਇਸੇ ਤਰ੍ਹਾਂ ਸੰਗਰੂਰ ਵਿਚ 95 ਵਿਚੋਂ 57 ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ ਵਿਚ ਪ੍ਰਿੰਸੀਪਲ ਦੀ ਅਸਾਮੀਆਂ ਖ਼ਾਲੀ ਪਈਆਂ ਹਨ। ਇਸੇ ਤਰ੍ਹਾਂ ਪਟਿਆਲਾ ਜ਼ਿਲ੍ਹੇ ਦੇ 109 ਵਿਚੋਂ 17, ਫ਼ਤਿਹਗੜ੍ਹ ਸਾਹਿਬ ਦੇ 44 ਵਿਚੋਂ 11, ਬਠਿੰਡਾ ਦੇ 129 ਵਿਚੋਂ 82, ਫ਼ਿਰੋਜ਼ਪੁਰ ਦੇ 63 ਵਿਚੋਂ 33, ਫ਼ਾਜ਼ਿਲਕਾ 79 ਵਿਚੋਂ 18 ਸਕੂਲਾਂ ਵਿਚ ਅਸਾਮੀਆਂ ਖ਼ਾਲੀ ਪਈਆਂ ਹਨ। ਇਹੀ ਹਾਲ ਮੁਕਤਸਰ ਵਿਚ ਵੀ ਹੈ ਜਿਥੇ 88 ਵਿਚੋਂ 32, ਮੋਗਾ ਦੇ 84 ਵਿਚੋਂ 56, ਫ਼ਰੀਦਕੋਟ ਦੇ 42 ਵਿਚੋਂ 18, ਮਾਲੇਰਕੋਟਲਾ ਦੇ 27 ਵਿਚੋਂ 14, ਲੁਧਿਆਣਾ ਦੇ 182 ਵਿਚੋਂ 69, ਅੰਮ੍ਰਿਤਸਰ ਦੇ 119 ਵਿਚੋਂ 36 ਜਗਾਵਾਂ ਤੇ ਅਸਾਮੀਆਂ ਖ਼ਾਲੀ ਪਾਈਆਂ ਹਨ। ਹੋਰਨਾਂ ਜ਼ਿਲ੍ਹਿਆਂ ਵਿਚੋਂ ਤਰਨਤਾਰਨ ਦੇ 77 ਵਿਚੋਂ 51, ਗੁਰਦਾਸਪੁਰ ਦੇ 117 ਵਿਚੋਂ 47, ਪਠਾਨਕੋਟ ਦੇ 47 ਵਿਚੋਂ 13, ਜਲੰਧਰ ਦੇ 159 ਵਿਚੋਂ 69, ਨਵਾਂ ਸ਼ਹਿਰ ਦੇ 52 ਵਿਚੋਂ 30, ਹੁਸ਼ਿਆਰਪੁਰ ਦੇ 130 ਵਿਚੋਂ 56 ਅਤੇ ਕਪੂਰਥਲਾ ਦੇ 62 ਵਿਚੋਂ 37 ਸਕੂਲਾਂ ਵਿਚ ਪ੍ਰਿੰਸੀਪਲ ਦੀ ਅਸਾਮੀਆਂ ਖ਼ਾਲੀ ਪਈਆਂ ਹਨ। ਸਿਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਜੱਦੀ ਜ਼ਿਲ੍ਹੇ ਰੂਪਨਗਰ ਵਿਚ ਵੀ 55 ਵਿਚੋਂ 13 ਸਰਕਾਰੀ ਸਕੂਲਾਂ ਵਿਚ ਪ੍ਰਿੰਸੀਪਲ ਦੀ ਅਸਾਮੀ ਖ਼ਾਲੀ ਹੈ।
9 ਸਿਖਿਆ ਬਲਾਕਾਂ ਵਿਚ ਇਕ ਵੀ ਪ੍ਰਿੰਸੀਪਲ ਹੀ ਨਹੀਂ ਹੈ
ਇਸ ਦੌਰਾਨ ਇਹ ਵੀ ਤੱਥ ਸਾਹਮਣੇ ਆਇਆ ਕਿ 9 ਸਿਖਿਆ ਬਲਾਕਾਂ ਵਿਚ ਇਕ ਵੀ ਪ੍ਰਿੰਸੀਪਲ ਹੀ ਨਹੀਂ ਹੈ। ਜਿਨ੍ਹਾਂ ਵਿਚ ਸੰਗਰੂਰ ਜ਼ਿਲ੍ਹੇ ਦਾ ਮੂਨਕ, ਹੁਸ਼ਿਆਰਪੁਰ ਦਾ ਗੜ੍ਹਸ਼ੰਕਰ-2, ਕਪੂਰਥਲੇ ਦੇ ਸੁਲਤਾਨਪੁਰ ਤੇ ਭੁਲੱਥ, ਨਵਾਂ ਸ਼ਹਿਰ ਦਾ ਸੜੋਆ, ਤਰਨਤਾਰਨ ਦਾ ਵਲਟੋਹਾ, ਜਲੰਧਰ ਦੇ ਸ਼ਾਹਕੋਟ ਤੇ ਨੂਰਮਹਿਲ ਅਤੇ ਅੰਮ੍ਰਿਤਸਰ ਦਾ ਅਜਨਾਲਾ-2 ਬਲਾਕ ਸ਼ਾਮਲ ਹਨ।
ਇਸ ਤੋਂ ਇਲਾਵਾ 13 ਸਿਖਿਆ ਬਲਾਕਾਂ ਵਿਚ ਕੇਵਲ ਇਕ-ਇਕ ਪ੍ਰਿੰਸੀਪਲ ਹੀ ਮੌਜੂਦ ਹੈ। ਜਿਥੇ ਬਾਕੀ ਥਾਵਾਂ ’ਤੇ ਪ੍ਰਿੰਸੀਪਲਾਂ ਦੀ ਘਾਟ ਹੈ ਉੱਥੇ ਮੋਹਾਲੀ ਜ਼ਿਲ੍ਹੇ ਦੀਆਂ 47 ਵਿਚੋਂ 46 ਅਸਾਮੀਆਂ ਭਰੀਆਂ ਹੋਈਆਂ ਹਨ ਅਤੇ ਇਕ ਖ਼ਾਲੀ ਹੈ। ਜਥੇਬੰਦੀ ਦੇ ਸੂਬਾਈ ਮੀਤ ਪ੍ਰਧਾਨਾਂ ਗੁਰਪਿਆਰ ਕੋਟਲੀ, ਰਾਜੀਵ ਬਰਨਾਲਾ, ਜਗਪਾਲ ਬੰਗੀ, ਬੇਅੰਤ ਫੂਲੇਵਾਲਾ, ਹਰਜਿੰਦਰ ਵਡਾਲਾ ਬਾਂਗਰ, ਰਘਵੀਰ ਭਵਾਨੀਗੜ੍ਹ, ਸੰਯੁਕਤ ਸਕੱਤਰਾਂ ਮੁਕੇਸ਼ ਕੁਮਾਰ, ਜਸਵਿੰਦਰ ਔਜਲਾ ਤੇ ਕੁਲਵਿੰਦਰ ਜੋਸ਼ਨ, ਪ੍ਰੈਸ ਸਕੱਤਰ ਪਵਨ ਕੁਮਾਰ ਮੁਕਤਸਰ, ਸੂਬਾਈ ਆਗੂਆਂ ਸੁਖਦੇਵ ਡਾਨਸੀਵਾਲ ਅਤੇ ਤਜਿੰਦਰ ਕਪੂਰਥਲਾ ਨੇ ਕਿਹਾ ਕਿ ਪੰਜਾਬ ਸਰਕਾਰ ਨੂੰ ਸਰਕਾਰੀ ਸਕੂਲਾਂ ਵਿਚ ਮਿਆਰੀ ਸਿਖਿਆ ਦੇਣ ਲਈ ਸਾਰੇ ਕਾਡਰਾਂ ਦੀਆਂ ਸਮੁੱਚੀਆਂ ਅਸਾਮੀਆਂ ਭਰਕੇ, ਅਧਿਆਪਕਾਂ ਤੋਂ ਲਏ ਜਾ ਰਹੇ ਗ਼ੈਰ ਵਿਦਿਅਕ ਕੰਮਾਂ ’ਤੇ ਮੁਕੰਮਲ ਰੋਕ ਲਗਾ ਕੇ ਅਤੇ ਕੇਂਦਰੀ ਸਿਖਿਆ ਨੀਤੀ-2020 ਲਾਗੂ ਕਰਨ ਦੀ ਥਾਂ ਪੰਜਾਬ ਦੇ ਸਥਾਨਕ ਹਾਲਾਤ ਅਨੁਸਾਰ ਅਪਣੀ ਸਿਖਿਆ ਨੀਤੀ ਤਿਆਰ ਕਰਦਿਆਂ ਸਿਖਿਆ ਖੇਤਰ ਵਿਚ ਬੁਨਿਆਦੀ ਸੁਧਾਰ ਕਰਨ ਵਲ ਵਧਣਾ ਚਾਹੀਦਾ ਹੈੇ।