
ਕਿਹਾ, ਇਹ ਮਾਮਲਾ ਪੂਰੀ ਤਰ੍ਹਾਂ ਸਿੱਖਾਂ ਦੀ ਮਿੰਨੀ ਸੰਸਦ ਐਸ.ਜੀ.ਪੀ.ਸੀ ਦੇ ਘੇਰੇ ਹੇਠ ਆਉਂਦਾ ਹੈ
ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਤਰਨਤਾਰਨ ਦੇ ਗੁਰਦੁਆਰਾ ਦਰਬਾਰ ਸਾਹਿਬ ਦੀ ਦਰਸ਼ਨੀ ਡਿਊਢੀ ਨੂੰ ਢਾਹੇ ਜਾਣ ਨੂੰ ਮੰਦਭਾਗੀ ਘਟਨਾ ਦਸਦੇ ਹੋਏ ਉਨ੍ਹਾਂ ਦੀ ਸਰਕਾਰ ਵਲੋਂ ਇਸ ਮਾਮਲੇ ਵਿਚ ਦਖ਼ਲ ਦਿਤੇ ਜਾਣ ਤੋਂ ਇਨਕਾਰ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਇਕ ਧਾਰਮਕ ਮਾਮਲਾ ਹੈ ਜੋ ਕਿ ਪੂਰੀ ਤਰ੍ਹਾਂ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸ.ਜੀ.ਪੀ.ਸੀ) ਦੇ ਘੇਰੇ ਵਿਚ ਆਉਂਦਾ ਹੈ।
ਬਾਬਾ ਜਗਤਾਰ ਸਿੰਘ ਕਾਰਸੇਵਾ ਵਾਲੇ ਦੇ ਗਰੁੱਪ ਵਲੋਂ ਮੁੱਖ ਦੁਆਰ ਦੇ ਸਦੀ ਪੁਰਾਣੇ ਢਾਂਚੇ ਨੂੰ ਢਾਹੇ ਜਾਣ ਤੋਂ ਬਾਅਦ ਪੈਦਾ ਹੋਏ ਵਿਵਾਦ 'ਤੇ ਪ੍ਰਤੀਕਿਰਿਆ ਪ੍ਰਗਟ ਕਰਦਿਆਂ ਮੁੱਖ ਮੰਤਰੀ ਨੇ ਸਪਸ਼ਟ ਕੀਤਾ ਹੈ ਕਿ ਉਨ੍ਹਾਂ ਦੀ ਸਰਕਾਰ ਇਸ ਮੁੱਦੇ 'ਤੇ ਕੋਈ ਵੀ ਦਖਲ ਨਹੀਂ ਦੇਵੇਗੀ ਕਿਉਂਕਿ ਇਹ ਪੂਰੀ ਤਰ੍ਹਾਂ ਸਿੱਖਾਂ ਦੀ ਮਿੰਨੀ ਸੰਸਦ ਐਸ.ਜੀ.ਪੀ.ਸੀ ਦੇ ਘੇਰੇ ਹੇਠ ਆਉਂਦਾ ਹੈ।
ਕੈਪਟਨ ਨੇ ਕਿਹਾ ਕਿ ਕਾਂਗਰਸ ਇਕ ਧਰਮ ਨਿਰਪੱਖ ਪਾਰਟੀ ਹੋਣ ਦੇ ਨਾਤੇ ਧਾਰਮਕ ਮਾਮਲਿਆਂ ਵਿਚ ਦਖ਼ਲਅੰਦਾਜ਼ੀ ਕਰਨ 'ਚ ਵਿਸ਼ਵਾਸ ਨਹੀ ਰਖਦੀ ਅਤੇ ਉਨ੍ਹਾਂ ਦੀ ਸਰਕਾਰ ਪੂਰੀ ਤਰ੍ਹਾਂ ਪਾਰਟੀ ਸਿਧਾਂਤਾਂ ਦੇ ਨਾਲ ਜੁੜੀ ਹੋਈ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਧਾਰਮਕ ਵਿਸ਼ਵਾਸਾਂ ਨਾਲ ਸਬੰਧਤ ਕਿਸੇ ਵੀ ਮੁੱਦੇ ਵਿਚ ਦਖ਼ਲ ਅੰਦਾਜ਼ੀ ਕਰਨ ਦੇ ਹੱਕ ਵਿਚ ਨਹੀਂ ਹੈ।