
ਪੁਲਿਸ ਨੇ ਮਾਮਲਾ ਦਰਜ ਕਰ ਸ਼ੁਰੂ ਕੀਤੀ ਤਫ਼ਤੀਸ਼
ਤਰਨਤਾਰਨ : ਜ਼ਿਲ੍ਹਾ ਤਰਨਤਾਰਨ ਅਧੀਨ ਪੈਂਦੇ ਪਿੰਡ ਕੋਟਲੀ ਵਸਾਵਾ ਸਿੰਘ ਦੇ 23 ਸਾਲਾ ਨੌਜਵਾਨ ਰਣਜੀਤ ਸਿੰਘ ਦਾ ਪ੍ਰੇਮ ਸਬੰਧਾਂ ਦੇ ਚਲਦੇ ਬੀਤੀ ਦੇਰ ਰਾਤ ਪਿੰਡ ਦੇ ਹੀ ਰਹਿਣ ਵਾਲੇ ਕੁਝ ਵਿਅਕਤੀਆਂ ਵੱਲੋਂ ਕਤਲ ਕਰ ਦਿੱਤਾ ਗਿਆ। ਮ੍ਰਿਤਕ ਨੌਜਵਾਨ ਰਣਜੀਤ ਸਿੰਘ ਦੇ ਰਿਸ਼ਤੇਦਾਰ ਗੁਰਪ੍ਰੀਤ ਸਿੰਘ ਜਾਣਕਾਰੀ ਦਿੰਦਿਆਂ ਦੱਸਿਆ ਕਿ ਰਣਜੀਤ ਸਿੰਘ ਦੇ ਪਿੰਡ ਕੋਟਲੀ ਵਸਾਵਾ ਸਿੰਘ ਵਾਸੀ ਜੱਸਾ ਸਿੰਘ ਦੀ ਲੜਕੀ ਨਾਲ ਪ੍ਰੇਮ ਸਬੰਧ ਸਨ। ਜਿਸ ਦੇ ਚਲਦੇ ਜੱਸਾ ਸਿੰਘ ਕਾਫੀ ਦੇਰ ਤੋਂ ਰਣਜੀਤ ਸਿੰਘ ਨੂੰ ਮਾਰਨ ਲਈ ਆਉਂਦਾ ਰਹਿੰਦਾ ਸੀ ਅਤੇ ਇੱਕ ਵਾਰ ਰਸਤੇ ਵਿੱਚ ਉਸ ਨੂੰ ਘੇਰ ਲਿਆ, ਜਿਸ ਤੋਂ ਬਾਅਦ ਅਸੀਂ ਪਿੰਡ ਦੇ ਲੋਕਾਂ ਨੂੰ ਨਾਲ ਲੈ ਕੇ ਉਸ ਨੂੰ ਬਚਾਇਆ।
ਉਨ੍ਹਾਂ ਦੱਸਿਆ ਕਿ ਇਸ ਵਾਰ ਜੱਸਾ ਸਿੰਘ ਅਤੇ ਉਸ ਦੇ ਕੁਝ ਸਾਥੀਆਂ ਨੇ ਮਿਲ ਕੇ ਰਣਜੀਤ ਸਿੰਘ ਨੂੰ ਅਗ਼ਵਾ ਕਰ ਲਿਆ ਅਤੇ ਉਸ ਦਾ ਬੇਰਹਿਮੀ ਨਾਲ ਕਤਲ ਕਰਨ ਤੋਂ ਬਾਅਦ ਉਸ ਨੂੰ ਪਿੰਡ ਵਿਚ ਹੀ ਮੋਟਰ 'ਤੇ ਛੱਡ ਦਿੱਤਾ।
ਇਹ ਵੀ ਪੜ੍ਹੋ: ਦਾਜ ਦੀ ਬਲੀ ਚੜ੍ਹੀ ਇੱਕ ਹੋਰ ਧੀ, ਪਤੀ 'ਤੇ ਨਸ਼ੇ ਦੀ ਓਵਰਡੋਜ਼ ਦੇਣ ਦਾ ਇਲਜ਼ਾਮ
ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਇਸ ਸਾਰੇ ਮਾਮਲੇ ਸਬੰਧੀ ਉਨ੍ਹਾਂ ਵੱਲੋਂ ਪੁਲਿਸ ਥਾਣਾ ਵਲਟੋਹਾ ਪੁਲਿਸ ਨੂੰ ਜਾਣੂ ਕਰਵਾਇਆ ਗਿਆ ਹੈ ਜਦਕਿ ਮੌਕੇ 'ਤੇ ਪਹੁੰਚੇ ਪੁਲਿਸ ਥਾਣਾ ਵਲਟੋਹਾ ਦੇ ਐਸ.ਆਈ. ਬਲਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਸਿਵਲ ਹਸਪਤਾਲ ਪੱਟੀ ਵਿਖੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ 'ਤੇ ਦੋਸ਼ੀਆਂ ਖ਼ਿਲਾਫ਼ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਉਧਰ ਮ੍ਰਿਤਕ ਨੌਜਵਾਨ ਦੇ ਰਿਸ਼ਤੇਦਾਰ ਗੁਰਪ੍ਰੀਤ ਸਿੰਘ, ਚਾਚਾ ਹਰਦੀਪ ਸਿੰਘ ਅਤੇ ਹਰਦਿਆਲ ਸਿੰਘ ਨੇ ਇਨਸਾਫ ਦੀ ਮੰਗ ਕੀਤੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਇਸ ਮਾਮਲੇ ਵਿਚ ਦੋਸ਼ੀਆਂ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ।