
ਮੇਘਾਲਿਆ ਦੇ ਮੁੱਖ ਮੰਤਰੀ ਕੋਨਰਾਡ ਸੰਗਮਾ ਨੇ ਸ਼ੁਕਰਵਾਰ ਰਾਤ ਨੂੰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਗੱਲਬਾਤ ਕੀਤੀ ਅਤੇ ਸੂਬੇ ਵਿਚ ਫਿਰਕੂ ...
ਚੰਡੀਗੜ੍ਹ: ਮੇਘਾਲਿਆ ਦੇ ਮੁੱਖ ਮੰਤਰੀ ਕੋਨਰਾਡ ਸੰਗਮਾ ਨੇ ਸ਼ੁਕਰਵਾਰ ਰਾਤ ਨੂੰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਗੱਲਬਾਤ ਕੀਤੀ ਅਤੇ ਸੂਬੇ ਵਿਚ ਫਿਰਕੂ ਝਗੜਿਆਂ ਤੋਂ ਬਾਅਦ ਸਿੱਖ ਭਾਈਚਾਰੇ ਅਤੇ ਸਿੱਖ ਧਾਰਮਕ ਸੰਸਥਾਵਾਂ ਦੀ ਸੁਰੱਖਿਆ ਦਾ ਭਰੋਸਾ ਦਿਵਾਇਆ।ਸ੍ਰੀ ਸੰਗਮਾ ਨੇ ਰਾਤ 10.30 ਵਜੇ ਪੰਜਾਬ ਦੇ ਮੁੱਖ ਮੰਤਰੀ ਨੂੰ ਟੈਲੀਫ਼ੋਨ ਕਰ ਕੇ ਫਿਰਕੂ ਹਿੰਸਾ ਦੇ ਸੰਦਰਭ ਵਿਚ ਸੂਬੇ ਦੀ ਸਥਿਤੀ ਬਾਰੇ ਜਾਣਕਾਰੀ ਦਿਤੀ।
ਉਨ੍ਹਾਂ ਦਸਿਆ ਕਿ ਇਹ ਇਕ ਮਾਮੂਲੀ ਜਿਹੇ ਝਗੜੇ ਕਾਰਨ ਉਤਪਨ ਹੋਈੇ ਅਤੇ ਇਸ ਤੋਂ ਇਹ ਪ੍ਰਭਾਵ ਨਹੀਂ ਜਾਣਾ ਚਾਹੀਦਾ ਕਿ ਸਿੱਖ ਭਾਈਚਾਰਾ ਹਮਲੇ ਹੇਠ ਹੈ। ਇਸ ਸਬੰਧ ਵਿਚ ਫੈਲੀਆਂ ਅਫ਼ਵਾਹਾਂ ਦੇ ਸੰਦਰਭ ਵਿਚ ਸੰਗਮਾ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਭਰੋਸਾ ਦਿਵਾਇਆ ਕਿ ਸੂਬੇ ਵਿਚ ਘੱਟ ਗਿਣਤੀ ਸਿੱਖ ਭਾਈਚਾਰੇ ਨਾਲ ਸਬੰਧਤ ਕਿਸੇ ਵੀ ਗੁਰਦੁਆਰੇ ਜਾਂ ਸਿੱਖ ਸੰਸਥਾ ਨੂੰ ਕੋਈ ਵੀ ਨੁਕਸਾਨ ਨਹੀਂ ਪਹੁੰਚਿਆ ਹੈ।
ਪੰਜਾਬ ਦੇ ਮੁੱਖ ਮੰਤਰੀ ਨੇ ਇਨ੍ਹਾਂ ਘਟਨਾਵਾਂ 'ਤੇ ਚਿੰਤਾ ਪ੍ਰਗਟ ਕੀਤੀ ਅਤੇ ਉਮੀਦ ਪ੍ਰਗਟਾਈ ਕਿ ਸਥਿਤੀ ਅੱਗੇ ਹੋਰ ਖ਼ਰਾਬ ਨਹੀਂ ਹੋਵੇਗੀ। ਮੇਘਾਲਿਆ ਦੇ ਮੁੱਖ ਮੰਤਰੀ ਨੇ ਕਿਹਾ ਕਿ ਉਹ ਨਿਜੀ ਤੌਰ 'ਤੇ ਸਥਿਤੀ ਉਪਰ ਨਿਗਰਾਨੀ ਰੱਖ ਰਹੇ ਹਨ। ਉਨ੍ਹਾਂ ਭਰੋਸਾ ਦਿਵਾਇਆ ਕਿ ਅੱਗੇ ਕੋਈ ਵੀ ਘਟਨਾ ਨਹੀਂ ਹੋਵੇਗੀ ਅਤੇ ਨਾ ਹੀ ਕੋਈ ਤਣਾਅ ਪੈਦਾ ਹੋਣ ਦਿਤਾ ਜਾਵੇਗਾ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿਚ ਪਿਛਲੇ ਸਮੇਂ ਦੌਰਾਨ ਸਿੱਖਾਂ 'ਤੇ ਹੋਏ ਹਮਲੇ ਗੰਭੀਰ ਚਿੰਤਾ ਦਾ ਮਾਮਲਾ ਹੈ। ਇਸ ਤਰ੍ਹਾਂ ਦੀਆਂ ਘਟਨਾਵਾਂ ਫਿਰਕੂ ਵੰਡ ਪੈਦਾ ਕਰਦੀਆਂ ਹਨ ਜੋ ਕਿ ਦੇਸ਼ ਲਈ ਠੀਕ ਨਹੀਂ ਹਨ।ਸ੍ਰੀ ਸੰਗਮਾ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਭਰੋਸਾ ਦਿਵਾਇਆ ਕਿ ਇਸ ਸਮੇਂ ਸਥਿਤੀ ਨਿਯੰਤਰਣ ਹੇਠ ਹੈ ਅਤੇ ਕੋਈ ਵੀ ਨਵਾਂ ਝਗੜਾ ਪੈਦਾ ਹੋਣ ਤੋਂ ਰੋਕਣ ਲਈ ਫ਼ੌਜ ਨੂੰ ਤਿਆਰ ਰਹਿਣ ਲਈ ਆਖਿਆ ਹੈ।
ਉਨ੍ਹਾਂ ਮੁੱਖ ਮੰਤਰੀ ਨੂੰ ਇਹ ਭਰੋਸਾ ਵੀ ਦਿਵਾਇਆ ਕਿ ਉਨ੍ਹਾਂ ਦੀ ਸਰਕਾਰ ਸੂਬੇ ਵਿਚ ਸਾਰੇ ਭਾਈਚਾਰਿਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ ਅਤੇ ਇਸ ਤਰ੍ਹਾਂ ਦੀਆਂ ਘਟਨਾਵਾਂ ਰੋਕਣ ਲਈ ਹਰ ਸੰਭਵ ਕਦਮ ਚੁੱਕੇ ਜਾਣਗੇ।