ਪਾਰਕਿੰਗ ਨੂੰ ਲੈ ਕੇ ਸਥਾਨਕ ਨਿਵਾਸੀਆਂ ਨਾਲ ਹੋਇਆ ਸੀ ਝਗੜਾ
ਮਿਆਣੀ : ਤਰਨ ਤਾਰਨ ਜ਼ਿਲ੍ਹੇ ਦੇ ਪਿੰਡ ਮਿਆਣੀ ਨਾਲ ਸਬੰਧਤ ਪੰਜ ਨੌਜਵਾਨਾਂ ਨਾਲ ਹਿਮਾਚਲ ਪ੍ਰਦੇਸ਼ ਦੇ ਮਨੀਕਰਨ ਸਾਹਿਬ ਵਿਖੇ ਵਾਪਰੀ ਘਟਨਾ ਚਰਚਾ ਦਾ ਵਿਸ਼ਾ ਬਣੀ ਹੋਈ ਹੈ । ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਨੌਜਵਾਨ ਮਨੀਕਰਨ ਸਾਹਿਬ ਦੇ ਦਰਸ਼ਨਾਂ ਲਈ ਗਏ ਹੋਏ ਸਨ, ਜਿੱਥੇ ਪਾਰਕਿੰਗ ਨੂੰ ਲੈ ਕੇ ਕੁਝ ਸਥਾਨਕ ਲੋਕਾਂ ਨਾਲ ਉਨ੍ਹਾਂ ਦਾ ਵਿਵਾਦ ਹੋ ਗਿਆ। ਇਲਜ਼ਾਮ ਹੈ ਕਿ ਇਸ ਵਿਵਾਦ ਤੋਂ ਬਾਅਦ ਮਨਪ੍ਰੀਤ ਸਿੰਘ ਔਲਖ ਅਤੇ ਉਸਦੇ ਸਾਥੀਆਂ ਨਾਲ ਕੁੱਟਮਾਰ ਕੀਤੀ ਗਈ, ਜਿਸ ਕਾਰਨ ਉਹ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ।
ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਹਾਲਾਤਾਂ ਦੇ ਮੱਦੇਨਜ਼ਰ ਮਨਪ੍ਰੀਤ ਔਲਖ ਨੇ ਆਪਣੀ ਸੁਰੱਖਿਆ ਲਈ ਫਾਇਰਿੰਗ ਕੀਤੀ, ਜਿਸ ਦੌਰਾਨ ਇੱਕ ਵਿਅਕਤੀ ਨੂੰ ਗੋਲੀ ਲੱਗ ਗਈ। ਇਸ ਮਾਮਲੇ ਵਿੱਚ ਹਿਮਾਚਲ ਪੁਲਿਸ ਵੱਲੋਂ ਮਨਪ੍ਰੀਤ ਔਲਖ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ। ਇਸ ਸਬੰਧੀ ਜਦੋਂ ਪਰਿਵਾਰ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਨੇ ਮਨਪ੍ਰੀਤ ਔਲਖ ਨੂੰ ਬੇਕਸੂਰ ਦੱਸਦਿਆਂ ਕਿਹਾ ਕਿ ਉਸ ਨੇ ਸਿਰਫ਼ ਆਪਣੀ ਜਾਨ ਬਚਾਉਣ ਲਈ ਇਹ ਕਦਮ ਚੁੱਕਿਆ ਸੀ। ਪਰਿਵਾਰ ਨੇ ਪੰਜਾਬ ਸਰਕਾਰ ਅਤੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਮਾਮਲੇ ਦੀ ਨਿਰਪੱਖ ਜਾਂਚ ਕਰਵਾਈ ਜਾਵੇ ਅਤੇ ਉਨ੍ਹਾਂ ਦੇ ਪੁੱਤਰ ਨੂੰ ਇਨਸਾਫ਼ ਦਿਵਾਇਆ ਜਾਵੇ।
ਪਰਿਵਾਰ ਅਤੇ ਪਿੰਡ ਵਾਸੀਆਂ ਦਾ ਇਹ ਵੀ ਕਹਿਣਾ ਹੈ ਕਿ ਪੰਜਾਬ ਤੋਂ ਵੱਡੀ ਗਿਣਤੀ ਵਿੱਚ ਸ਼ਰਧਾਲੂ ਅਤੇ ਸੈਲਾਨੀ ਹਿਮਾਚਲ ਪ੍ਰਦੇਸ਼ ਜਾਂਦੇ ਹਨ, ਪਰ ਅਕਸਰ ਅਜਿਹੇ ਵਿਵਾਦਾਂ ਅਤੇ ਝਗੜਿਆਂ ਦੀਆਂ ਖ਼ਬਰਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ। ਉਨ੍ਹਾਂ ਨੇ ਸਰਕਾਰਾਂ ਨੂੰ ਅਪੀਲ ਕੀਤੀ ਹੈ ਕਿ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਢੁੱਕਵੇਂ ਕਦਮ ਚੁੱਕੇ ਜਾਣ ਤਾਂ ਜੋ ਯਾਤਰੀਆਂ ਦੀ ਸੁਰੱਖਿਆ ਯਕੀਨੀ ਬਣਾਈ ਜਾ ਸਕੇ।
