50 ਤੋਂ 60 ਕਿਲੋਮੀਟਰ ਪ੍ਰਤੀ ਘੰਟਾ ਤੱਕ ਹਵਾਵਾਂ ਵੀ ਚੱਲਣਗੀਆਂ
ਪੰਜਾਬ ਅਤੇ ਚੰਡੀਗੜ੍ਹ ਵਿਚ ਮੌਸਮ ਫਿਰ ਤੋਂ ਬਦਲਣ ਵਾਲਾ ਹੈ। ਅੱਜ (3 ਜੂਨ) ਨੂੰ ਇੱਕ ਪੱਛਮੀ ਗੜਬੜੀ ਸਰਗਰਮ ਹੋਣ ਵਾਲੀ ਹੈ। ਗੜਬੜੀ ਨਾਲ ,ਤੇਜ਼ ਹਵਾਵਾਂ, ਬਿਜਲੀ ਗਰਜਣ ਅਤੇ ਮੀਂਹ ਪੈਣ ਦੀ ਸੰਭਾਵਨਾ ਹੈ। ਜਿਸ ਦੇ ਚੱਲਦੇ ਸੂਬੇ ਦੇ ਕਈ ਹਿੱਸਿਆਂ ਲਈ ਦੋ ਦਿਨਾਂ ਲਈ ਇੱਕ ਔਰੇਂਜ ਚੇਤਾਵਨੀ ਜਾਰੀ ਕੀਤੀ ਗਈ ਹੈ।
ਇਸ ਸਮੇਂ ਦੌਰਾਨ ਹਵਾ ਦੀ ਗਤੀ 50 ਤੋਂ 60 ਕਿਲੋਮੀਟਰ ਪ੍ਰਤੀ ਘੰਟਾ ਤੱਕ ਪਹੁੰਚ ਸਕਦੀ ਹੈ। ਮੌਸਮ ਵਿਗਿਆਨ ਕੇਂਦਰ, ਚੰਡੀਗੜ੍ਹ ਦੇ ਅਨੁਸਾਰ, ਪਿਛਲੇ ਦਿਨ ਦੇ ਮੁਕਾਬਲੇ ਤਾਪਮਾਨ ਵਿੱਚ 1.2 ਡਿਗਰੀ ਦਾ ਵਾਧਾ ਹੋਇਆ ਹੈ। ਹਾਲਾਂਕਿ, ਇਹ ਅਜੇ ਵੀ ਆਮ ਨਾਲੋਂ 2.3 ਡਿਗਰੀ ਘੱਟ ਹੈ। ਬਠਿੰਡਾ ਸਭ ਤੋਂ ਗਰਮ ਰਿਹਾ, ਜਿੱਥੇ 40 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ। ਬਾਕੀ ਸਾਰੇ ਜ਼ਿਲ੍ਹਿਆਂ ਵਿੱਚ ਤਾਪਮਾਨ 35.3 ਤੋਂ 40 ਡਿਗਰੀ ਦੇ ਵਿਚਕਾਰ ਦਰਜ ਕੀਤਾ ਗਿਆ। ਅਜਿਹੀ ਸਥਿਤੀ ਵਿੱਚ, ਕੋਈ ਹੀਟਵੇਅ ਨਹੀਂ ਹੋਵੇਗੀ।
ਸੂਬੇ ਦੇ 18 ਜ਼ਿਲ੍ਹਿਆਂ ਵਿਚ ਗਰਜ-ਤੂਫ਼ਾਨ ਅਤੇ ਤੇਜ਼ ਹਵਾਵਾਂ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ। ਫਾਜ਼ਿਲਕਾ, ਫਰੀਦਕੋਟ, ਮੁਕਤਸਰ ਸਾਹਿਬ, ਮੋਗਾ, ਬਠਿੰਡਾ, ਬਰਨਾਲਾ ਅਤੇ ਮਾਨਸਾ ਵਿੱਚ 50 ਤੋਂ 60 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਲੁਧਿਆਣਾ ਅਤੇ ਸੰਗਰੂਰ ਵਿੱਚ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਵਾਵਾਂ ਚੱਲਣ ਦੀ ਸੰਭਾਵਨਾ ਹੈ।
ਮੌਸਮ ਵਿਭਾਗ ਦੇ ਅਨੁਸਾਰ, ਦੱਖਣ-ਪੱਛਮੀ ਮਾਨਸੂਨ ਹੌਲੀ-ਹੌਲੀ ਅੱਗੇ ਵਧ ਰਿਹਾ ਹੈ। 4 ਜੂਨ ਦੇ ਆਸ-ਪਾਸ ਕੇਰਲ, ਤਾਮਿਲਨਾਡੂ, ਲਕਸ਼ਦੀਪ ਅਤੇ ਬੰਗਾਲ ਦੀ ਖਾੜੀ ਦੇ ਕੁਝ ਹੋਰ ਹਿੱਸਿਆਂ ਵਿੱਚ ਇਸਦੇ ਅੱਗੇ ਵਧਣ ਲਈ ਅਨੁਕੂਲ ਹਾਲਾਤ ਬਣੇ ਹੋਏ ਹਨ। ਇਸ ਦੌਰਾਨ, ਪਾਕਿਸਤਾਨ ਅਤੇ ਉੱਤਰ-ਪੱਛਮੀ ਰਾਜਸਥਾਨ ਉੱਤੇ ਇੱਕ ਉੱਪਰੀ ਹਵਾ ਚੱਕਰਵਾਤੀ ਸਰਕੂਲੇਸ਼ਨ ਬਣਿਆ ਹੋਇਆ ਹੈ। ਇਸ ਤੋਂ ਇਲਾਵਾ,ਅੱਜ ਤੋਂ ਇੱਕ ਨਵੀਂ ਪੱਛਮੀ ਗੜਬੜੀ ਉੱਤਰ-ਪੱਛਮੀ ਭਾਰਤ ਨੂੰ ਪ੍ਰਭਾਵਿਤ ਕਰੇਗੀ। ਇਸ ਪ੍ਰਣਾਲੀ ਨਾਲ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਸਮੇਤ ਉੱਤਰੀ ਭਾਰਤ ਦੇ ਕਈ ਹਿੱਸਿਆਂ ਵਿਚ ਮੌਸਮ, ਮੀਂਹ ਅਤੇ ਤੇਜ਼ ਹਵਾਵਾਂ ਵਿੱਚ ਬਦਲਾਅ ਆਉਣ ਦੀ ਉਮੀਦ ਹੈ।
ਮੌਸਮ ਵਿਭਾਗ ਦੇ ਡਾਇਰੈਕਟਰ ਸੁਰੇਂਦਰ ਪਾਲ ਦੇ ਅਨੁਸਾਰ, ਅੱਜ ਤੇ ਭਲਕੇ ਪੰਜਾਬ ਦੇ ਕਈ ਇਲਾਕਿਆਂ ਵਿੱਚ ਮੀਂਹ ਦੀ ਗਤੀਵਿਧੀ ਵਧ ਸਕਦੀ ਹੈ। 5 ਅਤੇ 6 ਜੂਨ ਨੂੰ ਸੂਬੇ ਦੇ ਕੁਝ ਹਿੱਸਿਆਂ ਵਿਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਅਗਲੇ ਦੋ ਦਿਨਾਂ ਵਿਚ ਵੱਧ ਤੋਂ ਵੱਧ ਤਾਪਮਾਨ ਵਿਚ 2 ਤੋਂ 4 ਡਿਗਰੀ ਸੈਲਸੀਅਸ ਵਾਧਾ ਹੋਣ ਦੀ ਉਮੀਦ ਹੈ। ਫਿਰ ਅਗਲੇ ਤਿੰਨ ਦਿਨਾਂ ਵਿਚ ਤਾਪਮਾਨ ਵਿੱਚ 2 ਤੋਂ 3 ਡਿਗਰੀ ਸੈਲਸੀਅਸ ਦੀ ਗਿਰਾਵਟ ਆ ਸਕਦੀ ਹੈ।
