
ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੇ ਆਖਿਆ ਕਿ ਐਸ.ਸੀ. ਸ਼੍ਰੇਣੀਆਂ ਦੇ ਵਿਦਿਆਰਥੀਆਂ ਲਈ ਪੋਸਟ ਮੈਟ੍ਰਿਕ ਵਜ਼ੀਫ਼ਾ ਸਕੀਮ ਤਹਿਤ ਪੰਜਾਬ ਦੇ ਹਿੱਸੇ.............
ਚੰਡੀਗੜ੍ਹ : ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੇ ਆਖਿਆ ਕਿ ਐਸ.ਸੀ. ਸ਼੍ਰੇਣੀਆਂ ਦੇ ਵਿਦਿਆਰਥੀਆਂ ਲਈ ਪੋਸਟ ਮੈਟ੍ਰਿਕ ਵਜ਼ੀਫ਼ਾ ਸਕੀਮ ਤਹਿਤ ਪੰਜਾਬ ਦੇ ਹਿੱਸੇ ਦੀ ਪਿਛਲੇ ਦੋ ਸਾਲਾਂ ਦੀ 1287 ਕਰੋੜ ਰੁਪਏ ਦੀ ਰਕਮ ਜਾਰੀ ਨਾ ਕਰ ਕੇ ਮੋਦੀ ਸਰਕਾਰ ਨੇ ਦਲਿਤ ਵਿਰੋਧੀ ਚਿਹਰਾ ਇਕ ਵਾਰ ਫਿਰ ਵਿਖਾ ਦਿਤਾ ਹੈ।
ਜਾਖੜ ਅੱਜ ਸੰਸਦ ਭਵਨ ਦੇ ਬਾਹਰ ਕਾਂਗਰਸ ਪਾਰਟੀ ਦੇ ਸੰਸਦ ਮੈਂਬਰਾਂ ਨਾਲ ਕੇਂਦਰ ਸਰਕਾਰ ਵਿਰੁਧ ਰੋਸ ਵਿਖਾਵੇ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਉਨ੍ਹਾਂ ਨਾਲ ਅੰਬਿਕਾ ਸੋਨੀ, ਪ੍ਰਤਾਪ ਸਿੰਘ ਬਾਜਵਾ, ਸੰਤੋਖ ਚੌਧਰੀ, ਗੁਰਜੀਤ ਸਿੰਘ ਔਜਲਾ ਅਤੇ ਰਵਨੀਤ ਸਿੰਘ ਬਿੱਟੂ ਵੀ ਸਨ।
ਜਾਖੜ ਨੇ ਆਖਿਆ ਕਿ ਐਸ.ਸੀ. ਸ਼੍ਰੇਣੀਆਂ ਦੇ ਵਿਦਿਆਰਥੀਆਂ ਲਈ ਪੋਸਟ ਮੈਟ੍ਰਿਕ ਵਜ਼ੀਫ਼ਾ ਸਕੀਮ ਡਾ. ਮਨਮੋਹਨ ਸਿੰਘ ਸਰਕਾਰ ਨੇ ਸ਼ੁਰੂ ਕੀਤੀ ਸੀ ਅਤੇ ਇਸ ਤਹਿਤ ਐਸ.ਸੀ. ਸ਼੍ਰੇਣੀਆਂ ਜਿਨ੍ਹਾਂ ਪਰਵਾਰਾਂ ਦੀ ਸਾਲਾਨਾ ਆਮਦਨ ਢਾਈ ਲੱਖ ਰੁਪਏ ਤੋਂ ਘੱਟ ਹੋਵੇ, ਦੇ ਬੱਚਿਆਂ ਨੂੰ 10ਵੀਂ ਤੋਂ ਅੱਗੇ ਪੜ੍ਹਾਈ ਲਈ ਵਜ਼ੀਫ਼ਾ ਮਿਲਦਾ ਹੈ। 2014 ਤੋਂ ਕੇਂਦਰ ਵਿਚ ਬਣੀ ਮੋਦੀ ਸਰਕਾਰ ਰਕਮ ਜਾਰੀ ਕਰਨ ਵਿਚ ਦੇਰੀ ਕਰਦੀ ਆ ਰਹੀ ਹੈ ਅਤੇ ਹੁਣ ਤਾਂ ਬਕਾਇਆ 1287.02 ਕਰੋੜ ਵਿਚੋਂ 780 ਕਰੋੜ ਰੁਪਏ ਦਾ ਬੋਝ ਕਮਿਊਟਿਡ ਲਾਈਬਿਲਟੀ ਦੇ ਨਾਂਅ ਤੇ ਕੇਂਦਰ ਸਰਕਾਰ ਪੰਜਾਬ ਸਿਰ ਪਾਉਣਾ ਚਾਹੁੰਦੀ ਹੈ।