
ਪਾਰਟੀ ਦੇ ਵਿਧਾਇਕਾਂ ਨਾਲ ਲੰਮੀ ਵਿਚਾਰ-ਚਰਚਾ ਕੀਤੀ
ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪਾਰਟੀ ਵਿਧਾਇਕਾਂ ਨੂੰ ਸੂਬਾ ਸਰਕਾਰ ਦੀਆਂ ਲੋਕ ਪੱਖੀ ਤੇ ਵਿਕਾਸ ਮੁਖੀ ਸਕੀਮਾਂ ਅਤੇ ਪ੍ਰੋਗਰਾਮਾਂ ਦਾ ਲਾਭ ਸਮਾਜ ਦੇ ਹੇਠਲੇ ਪੱਧਰ ਤੱਕ ਪਹੁੰਚਾਉਣ ਨੂੰ ਯਕੀਨੀ ਬਣਾਉਣ ਲਈ ਆਖਿਆ। ਅੱਜ ਪਾਰਟੀ ਦੇ ਵਿਧਾਇਕਾਂ ਨਾਲ ਵਿਚਾਰ-ਚਰਚਾ ਸੈਸ਼ਨ ਦੀ ਪ੍ਰਧਾਨਗੀ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਸਮਾਜ ਦੇ ਹਰੇਕ ਤਬਕੇ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ।
CM Mann Holds brainstorming session with MLAs of party
ਉਨ੍ਹਾਂ ਕਿਹਾ ਕਿ ਇਸ ਮਿਸ਼ਨ ਨੂੰ ਬਹੁਤ ਯੋਜਨਾਬੱਧ ਢੰਗ ਨਾਲ ਉਲੀਕਿਆ ਗਿਆ ਹੈ ਅਤੇ ਹੁਣ ਇਸ ਨੂੰ ਬਿਨਾਂ ਕਿਸੇ ਔਕੜ ਤੋਂ ਅਮਲੀਜਾਮਾ ਪਹਿਨਾਇਆ ਜਾਵੇ ਤਾਂ ਕਿ ਲੋਕਾਂ ਨਾਲ ਕੀਤੇ ਸਾਰੇ ਵਾਅਦੇ ਪੂਰੇ ਕੀਤੇ ਜਾ ਸਕਣ। ਭਗਵੰਤ ਮਾਨ ਨੇ ਕਿਹਾ ਕਿ ਇਸ ਮਨੋਰਥ ਲਈ ਵਿਧਾਇਕਾਂ ਨੂੰ ਸਰਗਰਮ ਭੂਮਿਕਾ ਅਦਾ ਕਰਨੀ ਚਾਹੀਦੀ ਹੈ ਤਾਂ ਕਿ ਇਹ ਯਕੀਨੀ ਬਣਾਇਆ ਜਾ ਸਕੇ ਕਿ ਪੰਜਾਬ ਵਾਸੀ ਇਸ ਦਾ ਵੱਧ ਤੋਂ ਵੱਧ ਲਾਭ ਲੈ ਸਕਣ।
ਮੁੱਖ ਮੰਤਰੀ ਨੇ ਵਿਧਾਇਕਾਂ ਪਾਸੋਂ ਉਨ੍ਹਾਂ ਦੇ ਵਿਧਾਨ ਸਭਾ ਹਲਕਿਆਂ ਵਿਚ ਦਰਪੇਸ਼ ਸਮੱਸਿਆਵਾਂ ਬਾਰੇ ਫੀਡਬੈਕ ਵੀ ਹਾਸਲ ਕੀਤੀ। ਉਨ੍ਹਾਂ ਨੇ ਵਿਧਾਇਕਾਂ ਨੂੰ ਜਾਣਕਾਰੀ ਦਿੱਤੀ ਕਿ ਆਉਂਦੇ ਆਜ਼ਾਦੀ ਦਿਹਾੜੇ ਉਤੇ 15 ਅਗਸਤ ਨੂੰ 75 ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕਰ ਦਿੱਤੇ ਜਾਣਗੇ ਜਿਸ ਨਾਲ ਪੰਜਾਬ ਵਾਸੀਆਂ ਨੂੰ ਮਿਆਰੀ ਇਲਾਜ ਹਾਸਲ ਹੋਣ ਨਾਲ ਸੂਬੇ ਦੇ ਸਿਹਤ ਸੰਭਾਲ ਵਿਚ ਖੇਤਰ ਵਿਚ ਨਵੇਂ ਦਿਸਹੱਦੇ ਕਾਇਮ ਹੋਣਗੇ। ਭਗਵੰਤ ਮਾਨ ਨੇ ਵਿਧਾਇਕਾਂ ਨੂੰ ਆਪੋ-ਆਪਣੇ ਹਲਕੇ ਦੇ ਜ਼ਰੂਰੀ ਕੰਮਾਂ ਬਾਰੇ ਪ੍ਰਮੁੱਖਤਾ ਨਾਲ ਪਤਾ ਲਾਉਣ ਲਈ ਆਖਿਆ ਤਾਂ ਕਿ ਇਨ੍ਹਾਂ ਕੰਮਾਂ ਨੂੰ ਮੁਕੰਮਲ ਕੀਤਾ ਜਾ ਸਕੇ।
CM Mann Holds brainstorming session with MLAs of party
ਮੁੱਖ ਮੰਤਰੀ ਨੇ ਵਿਧਾਇਕਾਂ ਨਾਲ ਸੂਬਾ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਨਵੀਆਂ ਸਕੀਮਾਂ ਬਾਰੇ ਵੀ ਵਿਚਾਰ-ਵਟਾਂਦਰਾ ਕੀਤਾ ਅਤੇ ਇਨ੍ਹਾਂ ਸਕੀਮਾਂ ਨੂੰ ਕਾਰਗਰ ਢੰਗ ਨਾਲ ਲਾਗੂ ਕਰਨ ਲਈ ਉਨ੍ਹਾਂ ਦੇ ਸੁਝਾਅ ਵੀ ਮੰਗੇ। ਉਨ੍ਹਾਂ ਕਿਹਾ ਕਿ ਕਾਰਜਪਾਲਿਕਾ ਤੇ ਵਿਧਾਨਪਾਲਿਕਾ, ਦੋਵੇਂ ਹੀ ਜਮਹੂਰੀਅਤ ਦੇ ਮਹੱਤਵਪੂਰਨ ਥੰਮ੍ਹ ਹਨ ਅਤੇ ਸੂਬੇ ਦੀ ਤਰੱਕੀ ਅਤੇ ਲੋਕਾਂ ਦੀ ਖੁਸ਼ਹਾਲੀ ਲਈ ਦੋਵਾਂ ਦਰਮਿਆਨ ਸੰਪੂਰਨ ਸਤੁੰਲਨ ਬਿਠਾਉਣ ਦੀ ਲੋੜ ਹੈ। ਭਗਵੰਤ ਮਾਨ ਨੇ ਸੂਬੇ ਦੀ ਸਰਬਪੱਖੀ ਭਲਾਈ ਨੂੰ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਵੱਲੋਂ ਉਲੀਕੀ ਭਵਿੱਖਮੁਖੀ ਰੂਪ-ਰੇਖਾ ਬਾਰੇ ਵੀ ਵਿਧਾਇਕਾਂ ਨਾਲ ਵਿਚਾਰ ਕੀਤੀ।