
ਪੰਜਾਬ ਯੂਨੀਵਰਸਿਟੀ ਪੰਜਾਬ ਦੀ ਹੀ ਰਹੇਗੀ- ਵਿਕਰਮਜੀਤ ਸਿੰਘ ਸਾਹਨੀ
ਚੰਡੀਗੜ੍ਹ: ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦਾ ਕੇਂਦਰੀਕਰਨ ਨਹੀਂ ਹੋਵੇਗਾ। ਇਸ ਦੀ ਜਾਣਕਾਰੀ ਆਮ ਆਦਮੀ ਪਾਰਟੀ ਦੇ ਪੰਜਾਬ ਤੋਂ ਰਾਜ ਸਭਾ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਨੇ ਟਵੀਟ ਜ਼ਰੀਏ ਦਿੱਤੀ ਹੈ। ਉਹਨਾਂ ਦੱਸਿਆ ਕਿ ਕੇਂਦਰੀ ਸਿੱਖਿਆ ਮੰਤਰਾਲੇ ਨੇ ਪੰਜਾਬ ਯੂਨੀਵਰਸਿਟੀ ਨੂੰ ਕੇਂਦਰੀ ਯੂਨੀਵਰਸਿਟੀ 'ਚ ਤਬਦੀਲ ਨਾ ਕਰਨ ਦਾ ਫੈਸਲਾ ਲਿਆ ਹੈ। ਉਹਨਾਂ ਲਿਖਿਆ, “ਪੰਜਾਬ ਯੂਨੀਵਰਸਿਟੀ ਪੰਜਾਬ ਦੀ ਹੀ ਰਹੇਗੀ। ਮੈਂ ਪੰਜਾਬ ਯੂਨੀਵਰਸਿਟੀ ਦੀ ਸਥਿਤੀ ਬਾਰੇ ਸੰਸਦ ਵਿਚ ਮੁੱਦਾ ਉਠਾਇਆ ਅਤੇ ਭਾਰਤ ਸਰਕਾਰ ਤੋਂ ਭਰੋਸਾ ਮਿਲਿਆ ਕਿ ਇਸ ਨੂੰ ਕੇਂਦਰੀ ਯੂਨੀਵਰਸਿਟੀ ਵਿਚ ਤਬਦੀਲ ਕਰਨ ਦੀ ਕੋਈ ਯੋਜਨਾ ਨਹੀਂ ਹੈ। ਸਾਰੇ ਪੰਜਾਬੀਆਂ ਨੂੰ ਦਿਲੋਂ ਸ਼ੁਭਕਾਮਨਾਵਾਂ”।
ਰਾਜ ਸਭਾ ਵਿਚ ਵਿਕਰਮਜੀਤ ਸਿੰਘ ਸਾਹਨੀ ਦੇ ਸਵਾਲ ਦਾ ਜਵਾਬ ਦਿੰਦਿਆਂ ਕੇਂਦਰੀ ਸਿੱਖਿਆ ਮੰਤਰਾਲੇ ਦੇ ਰਾਜ ਮੰਤਰੀ ਡਾ. ਸੁਭਾਸ਼ ਸਰਕਾਰ ਨੇ ਕਿਹਾ ਕਿ ਮੰਤਰਾਲੇ ਨੇ ਯੂਨੀਵਰਸਿਟੀਆਂ/ਕਾਲਜਾਂ ਦੇ ਵਿਰਾਸਤੀ, ਮੌਜੂਦਾ ਸਟਾਫ ਦੀ ਅਡਜਸਟਮੈਂਟ ਅਤੇ ਸਬੰਧਤ ਕਾਲਜਾਂ ਦੀ ਮਾਨਤਾ ਦੇ ਮਸਲੇ ਕਾਰਨ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਰਗੇ ਅਦਾਰਿਆਂ ਨੂੰ ਕੇਂਦਰੀ ਯੂਨੀਵਰਸਿਟੀ ਵਿਚ ਨਾ ਬਦਲਣ ਦਾ ਨੀਤੀਗਤ ਫੈਸਲਾ ਲਿਆ ਹੈ।
ਜ਼ਿਕਰਯੋਗ ਹੈ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਯੂਨੀਵਰਸਿਟੀ ਨੂੰ ਕੇਂਦਰੀ ਯੂਨੀਵਰਸਿਟੀ ਵਿਚ ਤਬਦੀਲ ਕਰਨ ਦੀਆਂ ਸੰਭਾਵਨਾਵਾਂ ਦਾ ਪਤਾ ਲਗਾਉਣ ਦੇ ਹੁਕਮ ਦਿੱਤੇ ਸਨ। ਅਦਾਲਤ ਦੇ ਹੁਕਮਾਂ ਤੋਂ ਬਾਅਦ ਪੰਜਾਬ ਦੇ ਇਸ ਵੱਕਾਰੀ ਸਿੱਖਿਆ ਅਦਾਰੇ ਨੂੰ ਕੇਂਦਰੀ ਹੱਥਾਂ ਵਿਚ ਜਾਣ ਤੋਂ ਰੋਕਣ ਲਈ ਕਈ ਵਿਦਿਆਰਥੀ ਅਤੇ ਸੂਬੇ ਦੀਆਂ ਸਿਆਸੀ ਪਾਰਟੀਆਂ ਲਗਾਤਾਰ ਵਿਰੋਧ ਜਤਾ ਰਹੀਆਂ ਹਨ।
ਇਸ ਦੇ ਚਲਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ 19 ਜੂਨ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਪੱਤਰ ਲਿਖ ਕੇ ਪੰਜਾਬ ਯੂਨੀਵਰਸਿਟੀ ਦੇ ਸਰੂਪ ਅਤੇ ਢਾਂਚੇ ਵਿਚ ਬਦਲਾਅ ਨੂੰ ਰੋਕਣ ਦੀ ਮੰਗ ਵੀ ਕੀਤੀ ਸੀ। ਇਸ ਤੋਂ ਇਲਾਵਾ ਮਾਨ ਸਰਕਾਰ ਨੇ ਪੰਜਾਬ ਵਿਧਾਨ ਸਭਾ ਵਿਚ ਵੀ ਪੰਜਾਬ ਯੂਨੀਵਰਸਿਟੀ ਦੇ ਕੇਂਦਰੀਕਰਨ ਖ਼ਿਲਾਫ਼ ਮਤਾ ਪਾਸ ਕੀਤਾ ਸੀ।