
ਪੰਜਾਬ ਦੇ ਪਸ਼ੂ ਪਾਲਣ, ਮੱਛੀ ਪਾਲਣ, ਡੇਅਰੀ ਵਿਕਾਸ ਅਤੇ ਕਿਰਤ ਮੰਤਰੀ ਬਲਵੀਰ ਸਿੰਘ ਸਿੱਧੂ ਨੇ ਸਮੂਹ ਪੰਜਾਬੀਆਂ ਨੂੰ ਅਪੀਲ ਕੀਤੀ ਹੈ.............
ਐਸ.ਏ.ਐਸ. ਨਗਰ : ਪੰਜਾਬ ਦੇ ਪਸ਼ੂ ਪਾਲਣ, ਮੱਛੀ ਪਾਲਣ, ਡੇਅਰੀ ਵਿਕਾਸ ਅਤੇ ਕਿਰਤ ਮੰਤਰੀ ਬਲਵੀਰ ਸਿੰਘ ਸਿੱਧੂ ਨੇ ਸਮੂਹ ਪੰਜਾਬੀਆਂ ਨੂੰ ਅਪੀਲ ਕੀਤੀ ਹੈ ਕਿ ਵੋਟਾਂ ਬਟੋਰਨ ਲਈ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਾਉਣ ਦੀ ਸਾਜ਼ਸ਼ ਰਚਨ ਵਾਲੇ ਸ੍ਰੋਮਣੀ ਅਕਾਲੀ ਦੇ ਆਗੂਆਂ ਤੋਂ ਇਸ ਘਿਨਾਉਣੇ ਪਾਪ ਦਾ ਜਵਾਬ ਮੰਗਣ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਇਹ ਜਾਣਨ ਦਾ ਹੱਕ ਹੈ ਕਿ ਇਸ ਸਾਜ਼ਸ਼ ਵਿਚ ਕਿਹੜੀਆਂ-ਕਿਹੜੀਆਂ ਸ਼ਕਤੀਆਂ ਅਤੇ ਵਿਅਕਤੀ ਸ਼ਾਮਲ ਸਨ।
ਅੱਜ ਇਥੇ ਸਥਾਨਕ ਫੇਜ਼-1 (ਉਦਯੋਗਿਕ ਖੇਤਰ) ਵਿਖੇ ਸਥਿਤ ਜ਼ਿਲ੍ਹਾ ਕਾਂਗਰਸ ਕਮੇਟੀ ਮੁਹਾਲੀ ਦੇ ਮੁੱਖ ਦਫ਼ਤਰ ਵਿਖੇ ਅਗਾਮੀ ਪੰਚਾਇਤ ਸੰਮਤੀ ਚੋਣਾਂ ਸਬੰਧੀ ਹਲਕੇ ਦੇ ਕਾਂਗਰਸੀ ਵਰਕਰਾਂ ਦੀ ਸੱਦੀ ਇਕ ਮੀਟਿੰਗ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਵਿਧਾਨ ਸਭਾ ਵਿਚ ਪੇਸ਼ ਹੋਈ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰੀਪੋਰਟ ਨੇ ਇਹ ਸਾਬਤ ਕਰ ਦਿਤਾ ਹੈ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਹੁਰਮਤੀ ਦੀਆਂ ਘਟਨਾਵਾਂ ਪਿੱਛੇ ਸ਼੍ਰੋਮਣੀ ਅਕਾਲੀ ਦਲ ਦੇ ਚੋਟੀ ਦੇ ਆਗੂਆਂ ਦਾ ਹੱਥ ਸੀ ਅਤੇ ਇਨ੍ਹਾਂ ਨੂੰ ਪੰਜਾਬ ਦੀ ਅਕਾਲੀ ਸਰਕਾਰ ਦਾ ਪੂਰਾ-ਪੂਰਾ ਥਾਪੜਾ ਸੀ।