
ਇਸ ਸਬੰਧੀ ਵਿਜੀਲੈਂਸ ਬਿਊਰੋ ਜਾਂ ਸਾਬਕਾ ਮੰਤਰੀ ਵਿਜੇਇੰਦਰ ਸਿੰਗਲਾ ਵੱਲੋਂ ਅਜੇ ਤੱਕ ਕੋਈ ਪ੍ਰਤੀਕਿਰਿਆ ਨਹੀਂ ਦਿੱਤੀ ਗਈ ਹੈ।
ਚੰਡੀਗੜ੍ਹ - ਸਾਬਕਾ ਮੰਤਰੀ ਵਿਜੇਇੰਦਰ ਸਿੰਗਲਾ ਵੀ ਹੁਣ ਸਰਕਾਰ ਦੀ ਰਡਾਰ 'ਤੇ ਆ ਗਏ ਹਨ। ਵਿਜੇਇੰਦਰ ਸਿੰਗਲਾ ਨੂੰ ਲੋਕ ਨਿਰਮਾਣ ਮੰਤਰੀ ਵਜੋਂ ਅਲਾਟ ਕੀਤੇ ਗਏ 5 ਕਰੋੜ ਤੋਂ ਵੱਧ ਦੇ ਟੈਂਡਰਾਂ ਦੀ ਜਾਂਚ ਸ਼ੁਰੂ ਹੋ ਗਈ ਹੈ। ਸੂਤਰਾਂ ਅਨੁਸਾਰ ਵਿਜੀਲੈਂਸ ਨੇ ਇਸ ਸਬੰਧ ਵਿਚ ਸਿੰਗਲਾ ਦੇ ਕਰੀਬੀ 5 ਵਿਅਕਤੀਆਂ ਨੂੰ ਪੁੱਛਗਿੱਛ ਲਈ ਬੁਲਾਇਆ ਹੈ। ਵਿਜੀਲੈਂਸ ਨੂੰ ਸ਼ੱਕ ਹੈ ਕਿ ਇਨ੍ਹਾਂ ਟੈਂਡਰਾਂ ਵਿਚ ਕੁੱਝ ਬੇਨਿਯਮੀਆਂ ਹੋਈਆਂ ਹਨ। ਹਾਲਾਂਕਿ ਇਸ ਸਬੰਧੀ ਵਿਜੀਲੈਂਸ ਬਿਊਰੋ ਜਾਂ ਸਾਬਕਾ ਮੰਤਰੀ ਵਿਜੇਇੰਦਰ ਸਿੰਗਲਾ ਵੱਲੋਂ ਅਜੇ ਤੱਕ ਕੋਈ ਪ੍ਰਤੀਕਿਰਿਆ ਨਹੀਂ ਦਿੱਤੀ ਗਈ ਹੈ।
ਸੂਤਰਾਂ ਅਨੁਸਾਰ ਇਸ ਸਬੰਧੀ ਵਿਜੀਲੈਂਸ ਨੂੰ ਸ਼ਿਕਾਇਤ ਮਿਲੀ ਸੀ। ਜਿਸ ਵਿਚ ਕਿਹਾ ਗਿਆ ਸੀ ਕਿ ਪਿਛਲੀ ਕਾਂਗਰਸ ਸਰਕਾਰ ਵਿਚ 5 ਕਰੋੜ ਤੋਂ ਵੱਧ ਦੇ ਟੈਂਡਰਾਂ ਵਿਚ ਬੇਨਿਯਮੀਆਂ ਹੋਈਆਂ ਹਨ। ਇਸ ਵਿਚ ਕਾਂਗਰਸ ਸਰਕਾਰ ਦੇ ਸਮੇਂ ਵਾਇਰਲ ਹੋਏ ਕੁਝ ਮੈਸੇਜ ਵੀ ਵਿਜੀਲੈਂਸ ਤੱਕ ਪਹੁੰਚ ਗਏ ਹਨ। ਸ਼ੁਰੂਆਤੀ ਜਾਂਚ ਵਿਚ ਵਿਜੀਲੈਂਸ ਨੂੰ ਗਲਤ ਕੰਮ ਹੋਣ ਦਾ ਸ਼ੱਕ ਹੈ। ਇਸ ਵਿਚ ਕੁਝ ਠੇਕੇਦਾਰਾਂ ਨੂੰ ਬਾਈਪਾਸ ਕਰਕੇ ਖ਼ਾਸ ਲੋਕਾਂ ਨੂੰ ਕੰਮ ਅਲਾਟ ਕੀਤਾ ਗਿਆ। ਜਿਸ ਤੋਂ ਬਾਅਦ ਸੰਗਰੂਰ ਦੇ ਡੀਐਸਪੀ ਪੱਧਰ ਦੇ ਅਧਿਕਾਰੀਆਂ ਨੂੰ ਮਾਮਲੇ ਦੀ ਜਾਂਚ ਸੌਂਪੀ ਗਈ ਹੈ। ਇਸ ਮਾਮਲੇ ਵਿਚ ਵਿਜੀਲੈਂਸ ਨੇ ਹੁਣ ਕੁਝ ਅਧਿਕਾਰੀਆਂ ਨੂੰ ਸੰਮਨ ਭੇਜ ਕੇ ਤਲਬ ਵੀ ਕੀਤਾ ਹੈ।