
ਇਹ ਸਭ ਸਪੱਸ਼ਟ ਤੌਰ 'ਤੇ 'ਆਪ' ਦੇ ਦੋਹਰੇ ਮਾਪਦੰਡਾਂ ਨੂੰ ਦਰਸਾਉਂਦਾ ਹੈ।
ਚੰਡੀਗੜ੍ਹ - ਪੰਜਾਬ ਦੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਸ਼ਨੀਵਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਆਪਣੀ ਹੀ ਪਾਰਟੀ ਦੇ ਵਿਧਾਇਕਾਂ ਦੇ ਵਿਵਹਾਰ 'ਤੇ ਚੁੱਪੀ ਨੂੰ ਲੈ ਕੇ ਸਵਾਲ ਚੁੱਕੇ ਹਨ। ਬਾਜਵਾ ਨੇ ਕਿਹਾ ਕਿ ਕੁੱਝ ਦਿਨ ਪਹਿਲਾਂ ਹੀ ਆਮ ਆਦਮੀ ਪਾਰਟੀ (ਆਪ) ਸਨੌਰ ਦੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਦੀ ਦੂਜੀ ਪਤਨੀ ਗੁਰਪ੍ਰੀਤ ਕੌਰ ਗਰੇਵਾਲ ਨੂੰ ਆਪਣੇ ਵਿਧਾਇਕ ਪਤੀ ਵੱਲੋਂ ਸਰੀਰਕ ਅਤੇ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਕਰਨ ਦੇ ਦੋਸ਼ਾਂ ਤਹਿਤ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਦਰਵਾਜ਼ਾ ਖੜਕਾਉਣਾ ਪਿਆ ਸੀ।
ਹਾਈ ਕੋਰਟ ਨੇ ਪੰਜਾਬ ਪੁਲਿਸ ਨੂੰ ਹਦਾਇਤ ਕੀਤੀ ਸੀ ਕਿ ਗੁਰਪ੍ਰੀਤ ਕੌਰ ਨੂੰ ਸੁਰੱਖਿਆ ਯਕੀਨੀ ਬਣਾਈ ਜਾਵੇ ਅਤੇ ਉਸ ਨੂੰ ਕੋਈ ਸਰੀਰਕ ਨੁਕਸਾਨ ਨਾ ਪਹੁੰਚਾਇਆ ਜਾਵੇ। ਹਾਈਕੋਰਟ ਨੇ ਪੰਜਾਬ ਸਰਕਾਰ ਅਤੇ ਵਿਧਾਇਕ ਪਠਾਣਮਾਜਰਾ ਨੂੰ ਵੀ ਇਸ ਸਬੰਧੀ 21 ਸਤੰਬਰ ਤੱਕ ਜਵਾਬ ਦਾਖ਼ਲ ਕਰਨ ਲਈ ਕਿਹਾ ਸੀ।
ਭਾਵੇਂ ਗੁਰਪ੍ਰੀਤ ਕੌਰ ਗਰੇਵਾਲ ਨੇ ਇਸ ਤੋਂ ਪਹਿਲਾਂ ਜ਼ੀਰਕਪੁਰ ਪੁਲਿਸ ਕੋਲ ਵੀ ਸ਼ਿਕਾਇਤ ਦਰਜ ਕਰਵਾਈ ਸੀ ਪਰ ਪੁਲਿਸ ਅਧਿਕਾਰੀਆਂ ਨੇ ਕੋਈ ਕਾਰਵਾਈ ਨਾ ਕਰਨ ਕਾਰਨ ਉਸ ਨੂੰ ਮਜਬੂਰਨ ਹਾਈ ਕੋਰਟ ਵਿਚ ਪਟੀਸ਼ਨ ਦਾਇਰ ਕਰਨੀ ਪਈ। ਇਸੇ ਤਰ੍ਹਾਂ ਇੱਕ ਦਿਨ ਪਹਿਲਾਂ ਹੀ ਇੱਕ ਵੀਡੀਓ ਵਾਇਰਲ ਹੋਈ ਸੀ ਜਿਸ ਵਿਚ ਤਲਵੰਡੀ ਸਾਬੋ ਤੋਂ ‘ਆਪ’ ਦੀ ਦੋ ਵਾਰ ਵਿਧਾਇਕਾ ਰਹੀ ਪ੍ਰੋ. ਬਲਜਿੰਦਰ ਕੌਰ ਨੂੰ ਉਸ ਦੇ ਪਤੀ ਵੱਲੋਂ ਸ਼ਰੇਆਮ ਥੱਪੜ ਮਾਰਦੇ ਹੋਏ ਸਰੀਰਕ ਅਤੇ ਮਾਨਸਿਕ ਤੌਰ ‘ਤੇ ਪ੍ਰੇਸ਼ਾਨ ਕਰਦੇ ਦੇਖਿਆ ਗਿਆ ਸੀ।
ਬਾਜਵਾ ਨੇ ਕਿਹਾ ਕਿ ਉਹ ਉਪਰੋਕਤ ਦੋਵਾਂ ਮੁੱਦਿਆਂ 'ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਉਨ੍ਹਾਂ ਦੇ ਸਰਪ੍ਰਸਤ ਅਰਵਿੰਦ ਕੇਜਰੀਵਾਲ ਵੱਲੋਂ ਧਾਰੀ ਚੁੱਪੀ ਤੋਂ ਪੂਰੀ ਤਰ੍ਹਾਂ ਨਿਰਾਸ਼ ਅਤੇ ਹੈਰਾਨ ਹਨ। ਪ੍ਰਤਾਪ ਬਾਜਵਾ ਨੇ ਕਿਹਾ ਕਿ ਇੱਕ ਪਾਸੇ 'ਆਪ' ਔਰਤਾਂ ਦੀ ਇੱਜ਼ਤ ਯਕੀਨੀ ਬਣਾਉਣ ਦੀ ਗੱਲ ਕਰਦੀ ਹੈ ਅਤੇ ਉਨ੍ਹਾਂ ਦੇ ਆਰਥਿਕ ਵਿਕਾਸ ਲਈ 1000 ਰੁਪਏ ਗੁਜ਼ਾਰਾ ਭੱਤਾ ਦੇਣ ਦਾ ਐਲਾਨ ਵੀ ਕੀਤਾ ਜਾਂਦਾ ਹੈ, ਪਰ ਜਦੋਂ ਇਹਨਾਂ ਦੇ ਵਿਧਾਇਕ ਦੁਆਰਾ ਆਪਣੀ ਪਤਨੀ ਨੂੰ ਤੰਗ ਕਰਨ ਜਾਂ ਕਿਸੇ ਮਹਿਲਾ ਵਿਧਾਇਕ ਨੂੰ ਉਸ ਦੇ ਪਤੀ ਦੁਆਰਾ ਥੱਪੜ ਮਾਰਨ ਦੀ ਗੱਲ ਆਉਂਦੀ ਹੈ, ਤਾਂ ਪਾਰਟੀ ਪੂਰੀ ਤਰ੍ਹਾਂ ਚੁੱਪ ਦਿਖ ਰਹੀ ਹੈ। ਇਹ ਸਭ ਸਪੱਸ਼ਟ ਤੌਰ 'ਤੇ 'ਆਪ' ਦੇ ਦੋਹਰੇ ਮਾਪਦੰਡਾਂ ਨੂੰ ਦਰਸਾਉਂਦਾ ਹੈ।