
ਗ੍ਰਿਫ਼ਤਾਰੀ ਤੋਂ ਬਾਅਦ ਪੁਲਿਸ ਵੱਲੋਂ ਮੁਲਜ਼ਮਾਂ ਨੂੰ ਅਗਲੀ ਕਾਰਵਾਈ ਲਈ ਮਾਮਲੇ ਦੀ ਜਾਂਚ ਕਰ ਰਹੀ ਐਸਆਈਟੀ ਦੇ ਹਵਾਲੇ ਕਰ ਦਿੱਤਾ ਗਿਆ ਹੈ।
ਫਰੀਦਕੋਟ - ਪੰਜਾਬ ਦੇ ਫਰੀਦਕੋਟ ਜ਼ਿਲ੍ਹੇ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ, ਜ਼ਿਲ੍ਹਾ ਪੁਲਿਸ ਵੱਲੋਂ ਕਰੀਬ ਸਾਢੇ ਤਿੰਨ ਸਾਲ ਪਹਿਲਾਂ ਹੋਏ ਬਾਬਾ ਦਿਆਲ ਦਾਸ ਕਤਲ ਮਾਮਲੇ ਦੇ ਮੁੱਖ ਮੁਲਜ਼ਮ ਅਤੇ ਮੋਗਾ ਦੇ ਪਿੰਡ ਕਪੂਰੇ ਦੀ ਗਊਸ਼ਾਲਾ ਦੇ ਮੁਖੀ ਸੰਤ ਜਰਨੈਲ ਦਾਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਗ੍ਰਿਫ਼ਤਾਰੀ ਤੋਂ ਬਾਅਦ ਪੁਲਿਸ ਵੱਲੋਂ ਮੁਲਜ਼ਮਾਂ ਨੂੰ ਅਗਲੀ ਕਾਰਵਾਈ ਲਈ ਮਾਮਲੇ ਦੀ ਜਾਂਚ ਕਰ ਰਹੀ ਐਸਆਈਟੀ ਦੇ ਹਵਾਲੇ ਕਰ ਦਿੱਤਾ ਗਿਆ ਹੈ।
ਜ਼ਿਕਰਯੋਗ ਹੈ ਕਿ 7 ਨਵੰਬਰ 2019 ਨੂੰ ਇੱਥੋਂ ਦੇ ਪਿੰਡ ਕੋਟਸੁਖੀਆ ਵਿਚ ਡੇਰਾ ਬਾਬਾ ਹਰਕਾ ਦਾਸ ਦੇ ਮੁਖੀ ਬਾਬਾ ਦਿਆਲ ਦਾਸ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਘਟਨਾ ਵਾਲੇ ਦਿਨ ਥਾਣਾ ਸਦਰ ਕੋਟਕਪੂਰਾ ਦੀ ਪੁਲਿਸ ਵੱਲੋਂ ਮ੍ਰਿਤਕ ਦੇ ਗੁਰੂ ਭਾਈ ਬਾਬਾ ਗਗਨ ਦਾਸ ਦੇ ਬਿਆਨਾਂ ’ਤੇ ਸੰਤ ਜਰਨੈਲ ਦਾਸ ਅਤੇ ਇੱਕ ਅਣਪਛਾਤੇ ਵਿਅਕਤੀ ਦੇ ਖ਼ਿਲਾਫ਼ ਮਾਮਲਾ ਦਰਜ ਕੀਤਾ ਸੀ।
ਇਸ ਦੌਰਾਨ ਮੁੱਖ ਮੁਲਜ਼ਮ ਜਰਨੈਲ ਦਾਸ ਵੱਲੋਂ ਆਪਣੇ ਆਪ ਨੂੰ ਬੇਕਸੂਰ ਦੱਸਦੇ ਹੋਏ ਤਤਕਾਲੀ ਡੀਆਈਜੀ ਫਰੀਦਕੋਟ ਰੇਂਜ ਨੂੰ ਦਰਖ਼ਾਸਤ ਦਿੱਤੀ ਗਈ ਸੀ, ਜਿਸ ’ਤੇ ਡੀਆਈਜੀ ਨੇ ਰਵਿੰਦਰ ਸਿੰਘ ਡੀ.ਐਸ.ਪੀ ਮੋਗਾ ਕੋਲੋਂ ਜਾਂਚ ਕਰਵਾਈ ਅਤੇ ਜਰਨੈਲ ਦਾਸ ਨੂੰ ਕਲੀਨ ਚਿੱਟ ਦੇ ਦਿੱਤੀ ਗਈ। ਇਸ ਤੋਂ ਬਾਅਦ ਰਿਸ਼ਵਤਖੋਰੀ ਦਾ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਸੰਤ ਜਰਨੈਲ ਦਾਸ ਨੂੰ ਮੁੜ ਨਾਮਜ਼ਦ ਕੀਤਾ ਗਿਆ ਸੀ। ਐਸਐਸਪੀ ਹਰਜੀਤ ਸਿੰਘ ਵੱਲੋਂ ਦੱਸਿਆ ਗਿਆ ਕਿ ਫਿਲਹਾਲ ਪੁਲਿਸ ਵੱਲੋਂ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਹੁਣ ਇਸ ਮਾਮਲੇ ਵਿੱਚ ਅਗਲੀ ਕਾਰਵਾਈ ਐਸਆਈਟੀ ਵੱਲੋਂ ਕੀਤੀ ਜਾਵੇਗੀ।