
ਜ਼ਿਲ੍ਹਾ ਮੋਗਾ ਨੂੰ ਮਿਲਿਆ ਰਾਸ਼ਟਰੀ 'ਗੰਦਗੀ ਮੁਕਤ ਭਾਰਤ' ਪੁਰਸਕਾਰ
ਮੋਗਾ, 2 ਅਕਤੂਬਰ (ਹਰਬੰਸ ਢਿੱਲੋਂ): ਭਾਰਤ ਸਰਕਾਰ ਵਲੋਂ ਸ਼ੁਰੂ ਕੀਤੇ ਗਏ ਸਵੱਛ ਭਾਰਤ ਮਿਸ਼ਨ ਬਾਰੇ ਲੋਕਾਂ ਵਿਚ ਜਾਗਰੂਕਤਾ ਫੈਲਾਉਣ ਦੇ ਖੇਤਰ ਵਿੱਚ ਜ਼ਿਲ੍ਹਾ ਮੋਗਾ ਨੇ ਦੇਸ਼ ਭਰ ਵਿਚੋਂ ਪਹਿਲਾ ਸਥਾਨ ਹਾਸਲ ਕੀਤਾ ਹੈ। ਇਸ ਮਾਣਮੱਤੀ ਪ੍ਰਾਪਤੀ ਲਈ ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਹੰਸ ਨੂੰ ਭਾਰਤ ਸਰਕਾਰ ਦੇ ਕੇਂਦਰੀ ਜਲ ਸ਼ਕਤੀ ਮੰਤਰੀ ਸ਼੍ਰੀ ਗਜੇਂਦਰ ਸਿੰਘ ਸ਼ੇਖਾਵਤ ਨੇ ਅੱਜ 'ਸਵੱਛ ਭਾਰਤ ਮਿਸ਼ਨ' ਦਿਵਸ ਮੌਕੇ ਰਾਸ਼ਟਰੀ ' ਗੰਦਗੀ ਮੁਕਤ ਭਾਰਤ' ਪੁਰਸਕਾਰ ਨਾਲ ਸਨਮਾਨਤ ਕੀਤਾ। ਇਹ ਸਮਾਗਮ ਵਰਚੂਅਲੀ ਕਰਵਾਇਆ ਗਿਆ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਹੰਸ ਨੇ ਦਸਿਆ ਕਿ ਇਸ ਮਿਸ਼ਨ ਤਹਿਤ ਦੇਸ਼ ਵਿਚ ਖ਼ਾਸ ਕਰ ਕੇ ਪੇਂਡੂ ਖੇਤਰਾਂ ਵਿਚ ਲੋਕਾਂ ਨੂੰ ਅਪਣਾ ਆਲਾ ਦੁਆਲਾ ਸਾਫ਼ ਰੱਖਣ, ਪਖ਼ਾਨਿਆਂ ਦੀ ਵਰਤੋਂ ਕਰਨ ਅਤੇ ਪਾਣੀ ਦੇ ਬਚਾਅ ਸਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ।