
ਚਰਨਜੀਤ ਚੰਨੀ ਨੇ ਉਹਨਾਂ ਨੂੰ ਮੁੱਖ ਮੰਤਰੀ ਬਣਾਉਣ 'ਤੇ ਲੋਕਾਂ ਦਾ ਧੰਨਵਾਦ ਵੀ ਕੀਤਾ
ਮੋਰਿੰਡਾ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅੱਜ ਮੋਰਿੰਡਾ ਪਹੁੰਚੇ ਜਿੱਥੇ ਉਨ੍ਹਾਂ ਨੇ ਬੇਜ਼ਮੀਨੇ ਕਿਸਾਨਾਂ ਅਤੇ ਮਜ਼ਦੂਰਾਂ ਨੂੰ ਕਰਜ਼ਾ ਮੁਆਫੀ ਦੇ ਸਰਟੀਫਿਕੇਟ ਵੰਡੇ। ਮੋਰਿੰਡਾ ਦੇ ਰਾਜਮਹਿਲ ਪੈਲੇਸ ਵਿਖੇ ਇਹ ਪ੍ਰੋਗਰਾਮ ਉਲੀਕਿਆ ਗਿਆ। ਜਿਸ ਵਿਚ ਕਿਸਾਨ ਮਜ਼ਦੂਰਾਂ ਨੂੰ ਕਰਜ਼ ਮੁਆਫੀ ਸਬੰਧੀ ਸਰਟੀਫਿਕੇਟ ਜਾਰੀ ਕੀਤੇ ਗਏ।
ਇਸ ਬਾਰੇ ਬੋਲਦੇ ਹੋਏ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਮੈਨੂੰ ਪੰਜਾਬ ਦਾ ਮੁੱਖ ਮੰਤਰੀ ਬਣਾਉਣ ਲਈ ਲੋਕਾਂ ਦਾ ਧੰਨਵਾਦ ਕਰਦਾ ਹਾਂ। ਉਨ੍ਹਾਂ ਕਿਹਾ ਕਿ ਕਿਸੇ ਦੇ ਨਾਲ ਵੀ ਧੋਖਾਧੜੀ ਨਹੀਂ ਹੋਵੇਗੀ ਐਮ ਐਲ ਏ ਬਣਨ ਮਗਰੋਂ ਚਮਕੌਰ ਸਾਹਿਬ ਦੇ ਲਈ ਕਈ ਕੰਮ ਕੀਤੇ ਹਨ ਤੁਸੀਂ ਮੈਨੂੰ ਪਹਿਲੀ ਵਾਰੀ ਆਜ਼ਾਦ ਜਿਤਵਾਇਆ ਸੀ। ਦੂਜੀ ਵਾਰ ਜਿੱਤ ਦਾ ਪਾੜਾ ਤਿੰਨ ਗੁਣਾਂ ਵਧਾ ਦਿੱਤਾ ਹੈ। ਹੁਣ ਚਮਕੌਰ ਸਾਹਿਬ ਨੂੰ ਹੋਰ ਵਿਕਸਿਤ ਕਰਨ ਦੇ ਲਈ ਅੰਡਰਬ੍ਰਿਜ ਬਣਾਇਆ ਜਾ ਰਿਹਾ ਹੈ। ਸਰਕਾਰ ਦੇ ਵੱਲੋਂ ਪੰਜਾਬ ਦੀ ਜਨਤਾ ਦੇ ਲਈ ਅਤੇ ਉਨ੍ਹਾਂ ਦੇ ਹਿੱਤਾਂ ਦੇ ਲਈ ਕੰਮ ਕੀਤੇ ਜਾਣਗੇ।
Charanjeet Channi
ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਲਾਲ ਲਕੀਰ ਅੰਦਰ ਆਉਣ ਵਾਲੇ ਗਰੀਬ ਲੋਕਾਂ ਨੂੰ ਜ਼ਮੀਨ ਦੇ ਮਾਲਕਾਨਾ ਹੱਕ ਦਿੱਤੇ ਜਾਣਗੇ। ਉਨ੍ਹਾਂ ਕਿਹਾ ਕਿ ਅਜਿਹੇ ਇਲਾਕਿਆਂ ਅੰਦਰ ਡਰੋਨ ਸਿਸਟਮ ਰਾਹੀਂ ਪਿੰਡਾਂ ਦੀ ਤਸਵੀਰ ਲਈ ਜਾਵੇਗੀ ਅਤੇ ਜਿਹੜੇ ਲੋਕ ਜਿੱਥੇ ਵਸੇ ਹਨ, ਉੱਥੇ ਉਨ੍ਹਾਂ ਨੂੰ ਜ਼ਮੀਨ ਦੇ ਮਾਲਕਾਨਾ ਹੱਕ ਦਿੱਤੇ ਜਾਣਗੇ। ਉਨ੍ਹਾਂ ਕਿਹਾ ਕਿ ਇਸ ਦੀ ਸ਼ੁਰੂਆਤ ਪਹਿਲਾਂ ਚਮਕੌਰ ਸਾਹਿਬ ਦੀ ਧਰਤੀ ਤੋਂ ਹੋਵੇਗੀ ਅਤੇ ਇਸ ਤੋਂ ਬਾਅਦ ਪੂਰੇ ਪੰਜਾਬ 'ਚ ਇਹ ਕੰਮ ਸ਼ੁਰੂ ਕੀਤਾ ਜਾਵੇਗਾ।
Charanjeet Channi
ਉਨ੍ਹਾਂ ਨੇ ਪਿੰਡਾਂ ਦੇ ਪੰਚਾਂ ਅਤੇ ਸਰਪੰਚਾਂ ਨੂੰ ਹਦਾਇਤ ਕੀਤੀ ਹੈ ਕਿ ਕਿਸੇ ਵੀ ਵਿਕਾਸ ਕਾਰਜ 'ਚ ਦੇਰੀ ਨਹੀਂ ਹੋਣੀ ਚਾਹੀਦੀ। ਇਸ ਮੌਕੇ ਉਨ੍ਹਾਂ ਵੱਲੋਂ 520 ਕਰੋੜ ਰੁਪਏ ਦਾ ਕਰਜ਼ਾ ਮੁਆਫ਼ ਕਰਨ ਦਾ ਵੀ ਐਲਾਨ ਕੀਤਾ ਗਿਆ। ਉਨ੍ਹਾਂ ਕਿਹਾ ਕਿ 2 ਲੱਖ, 85 ਹਜ਼ਾਰ ਦੇ ਕਰੀਬ ਲੋਕਾਂ ਨੂੰ ਇਸ ਦਾ ਲਾਭ ਮਿਲੇਗਾ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਉਹ ਸੂਬੇ ਅੰਦਰ ਲੋਕਾਂ ਨਾਲ ਕਿਸੇ ਤਰ੍ਹਾਂ ਦੀ ਬੇਇਨਸਾਫ਼ੀ ਨਹੀਂ ਹੋਣ ਦੇਣਗੇ। ਉਨ੍ਹਾਂ ਨੌਜਵਾਨਾਂ ਨੂੰ ਕਿਹਾ ਕਿ ਹੁਣ ਤਾਂ ਜੇਕਰ ਕਿਸੇ ਨੌਜਵਾਨ ਨਾਲ ਬੇਇਨਸਾਫ਼ੀ ਹੋ ਰਹੀ ਹੈ ਤਾਂ ਤੁਰੰਤ ਉਨ੍ਹਾਂ ਤੱਕ ਪਹੁੰਚ ਕਰਨ। ਉਨ੍ਹਾਂ ਕਿਹਾ ਕਿ ਕਿਸੇ ਵੀ ਵਿਅਕਤੀ ਨੂੰ ਬਿਨ੍ਹਾਂ ਕਸੂਰ ਦੇ ਇਕ ਘੰਟਾ ਵੀ ਥਾਣੇ ਅੰਦਰ ਨਹੀਂ ਰੱਖਿਆ ਜਾਵੇਗਾ।
Charanjeet Channi
ਇਸ ਦੇ ਨਾਲ ਹੀ ਉਹਨਾਂ ਨੇ ਸਖ਼ਤ ਹੁੰਦਿਆਂ ਕਿਹਾ ਕਿ ਭ੍ਰਿਸ਼ਟਾਚਾਰ ਕਰਨ ਵਾਲੇ ਅਧਿਕਾਰੀਆਂ ਨੂੰ ਕਿਸੇ ਵੀ ਹਾਲਤ 'ਚ ਬਖ਼ਸ਼ਿਆ ਨਹੀਂ ਜਾਵੇਗਾ ਅਤੇ ਉਨ੍ਹਾਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸੂਬੇ ਦੀ ਪੁਲਿਸ ਲੋਕਾਂ ਨੂੰ ਇਨਸਾਫ਼ ਦੇਣ ਅਤੇ ਉਨ੍ਹਾਂ ਦੀ ਰਖਵਾਲੀ ਲਈ ਹੈ। ਮੁੱਖ ਮੰਤਰੀ ਨੇ ਕਿਹਾ ਕਿ ਮੈਂ ਇਕ ਪਿਆਸਾ ਖੂਹ ਹਾਂ ਅਤੇ ਖ਼ੁਦ ਚੱਲ ਕੇ ਤੁਹਾਡੇ ਤੱਕ ਆਵਾਂਗਾ। ਇਸ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ 64 ਹਜ਼ਾਰ ਦੇ ਕਰੀਬ ਪਰਿਵਾਰਾਂ ਨੂੰ ਅੱਜ ਕਰਜ਼ਾ ਮੁਆਫ਼ੀ ਦੇ ਚੈੱਕ ਵੰਡੇ ਗਏ ਹਨ।