
ਅਗਲੇ ਵਿਧਾਨ ਸਭਾ ਸੈਸ਼ਨ ਤੋਂ ਵੱਧ ਤੋਂ ਵੱਧ ਵਿਦਿਆਰਥੀਆਂ ਨੂੰ ਸਦਨ ਦੀ ਕਾਰਵਾਈ ਦਿਖਾਈ ਜਵੇਗੀ-ਸਪੀਕਰ
ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਦੇ ਸਮਾਗਮ ਦੀ ਕਾਰਵਾਈ ਦੇਖਣ ਆਏ ਸਕੂਲੀ ਵਿਦਿਆਰਥੀਆਂ ਨੂੰ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸਖ਼ਤ ਮਿਹਨਤ ਕਰਨ ਅਤੇ ਉੱਚ ਕਦਰਾਂ ਕੀਮਤਾਂ ਅਪਨਾਉਣ ਦੀ ਸਲਾਹ ਦਿੱਤੀ ਹੈ ਤਾਂ ਜੋ ਭਵਿੱਖ ਵਿੱਚ ਵਧੀਆ ਤਰੀਕੇ ਨਾਲ ਸਮਾਜ ਦੀ ਸਿਰਜਣਾ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਅਗਲੇ ਵਿਧਾਨ ਸਭਾ ਸਮਾਗਮ ਦੌਰਾਨ ਵੱਧ ਤੋਂ ਵੱਧ ਵਿਦਿਆਰਥੀਆਂ ਨੂੰ ਸਦਨ ਦੀ ਕਾਰਵਾਈ ਦਿਖਾਉਣ ਦੀ ਕੋਸ਼ਿਸ਼ ਕੀਤੀ ਜਾਵੇਗੀ।
ਅੱਜ 16ਵੀਂ ਪੰਜਾਬ ਵਿਧਾਨ ਸਭਾ ਦੇ ਆਖ਼ਰੀ ਦਿਨ ਸਦਨ ਦੀ ਕਾਰਵਾਈ ਦੇਖਣ ਆਏ ਵਿਦਿਆਰਥੀਆਂ ਨੂੰ ਸੰਧਵਾਂ ਨੇ ਦੇਸ਼ ਦਾ ਭਵਿੱਖ ਦੱਸਿਆ। ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਸੰਧਵਾਂ ਨੇ ਕਿਹਾ ਕਿ ਭਵਿੱਖ ਵਿੱਚ ਤੁਸੀਂ ਦੇਸ਼ ਦੀ ਵਾਗਡੋਰ ਸੰਭਾਲਣੀ ਹੈ। ਇਸ ਕਰ ਕੇ ਤੁਹਾਨੂੰ ਦ੍ਰਿੜ ਇੱਛਾ ਸ਼ਕਤੀ ਦੇ ਨਾਲ ਮਿਹਨਤ ਕਰਨੀ ਚਾਹੀਦੀ ਹੈ ਤਾਂ ਜੋ ਦੇਸ਼ ਦਾ ਨਿਰਮਾਣ ਵਧੇਰੇ ਤੀਬਰ ਗਤੀ ਨਾਲ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਜਿਸ ਦੇਸ਼ ਜਾਂ ਕੌਮ ਦੇ ਵਿਦਿਆਰਥੀ ਉੱਚ ਅਨੁਸ਼ਾਸ਼ਿਤ ਅਤੇ ਕਦਰਾਂ-ਕੀਮਤਾਂ ਵਾਲੇ ਹੋਣਗੇ, ਉਸ ਦੇਸ਼ ਜਾਂ ਕੌਮ ਦਾ ਭਵਿੱਖ ਪੂਰੀ ਤਰ੍ਹਾਂ ਸੁਰੱਖਿਅਤ ਹੋਵੇਗਾ।
ਸੰਧਵਾਂ ਨੇ ਵਿਦਿਆਰਥੀਆਂ ਦੇ ਵਿਦਿਅਕ ਟੂਰਾਂ ਦੀ ਜ਼ਰੂਰਤ ’ਤੇ ਜ਼ੋਰ ਦਿੱਤਾ ਤਾਂ ਉਹ ਘੁੰਮ-ਫਿਰ ਕੇ ਵਧੇਰੇ ਪ੍ਰਭਾਵੀ ਢੰਗ ਨਾਲ ਗਿਆਨ ਹਾਸਲ ਕਰ ਸਕਣ। ਉਨ੍ਹਾਂ ਕਿਹਾ ਕਿ ਵਿਦਿਅਕ ਟੂਰ ਵਿਦਿਆਰਥੀਆਂ ਦੇ ਗਿਆਨ ਪ੍ਰਾਪਤੀ ਦੇ ਯਤਨਾਂ ਵਿੱਚ ਵਾਧਾ ਕਰਦੇ ਹਨ। ਇਸ ਲਈ ਇਹ ਵਿਦਿਆਰਥੀਆਂ ਦੀ ਪੜ੍ਹਾਈ ਦਾ ਲਾਜ਼ਮੀ ਹਿੱਸਾ ਹੋਣੇ ਚਾਹੀਦੇ ਹਨ।
ਇਸ ਤੋਂ ਪਹਿਲਾਂ ਸਪੀਕਰ ਨੇ ਵਿਦਿਆਰਥੀਆਂ ਨੂੰ ਦੁਪਹਿਰ ਦਾ ਭੋਜਨ ਦਿੱਤਾ। ਸੰਧਵਾਂ ਦੀ ਧਰਮ ਪਤਨੀ ਗੁਰਪ੍ਰੀਤ ਕੌਰ ਸੰਧਵਾਂ ਨੇ ਵਿਦਿਆਰਥੀਆਂ ਦੇ ਨਾਲ ਦੁਪਹਿਰ ਦਾ ਖਾਣਾ ਖਾਧਾ ਅਤੇ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਦ੍ਰਿੜ ਇਰਾਦੇ ਨਾਲ ਪੜ੍ਹਾਈ ਕਰਨ ਲਈ ਆਖਿਆ। ਇਸ ਦੌਰਾਨ ਵਿਦਿਆਰਥੀ ਪੂਰੀ ਤਰ੍ਹਾਂ ਖੁਸ਼ ਦਿਖਾਈ ਦਿੱਤੇ ਅਤੇ ਉਨ੍ਹਾਂ ਨੇ ਪੂਰੀ ਉਤਸੁਕਤਾ ਨਾਲ ਸਦਨ ਦੀ ਕਾਰਵਾਈ ਦੇਖੀ।