
ਝੋਨੇ ਦੀ ਕਟਾਈ ਤੋਂ ਬਾਅਦ ਪੰਜਾਬ ਵਿਚ ਪਰਾਲੀ ਸਾੜਨ ਦਾ ਸਿਲਸਿਲਾ ਸ਼ੁਰੂ ਹੋ ਜਾਂਦਾ ਹੈ
ਨਵੀਂ ਦਿੱਲੀ : ਕੇਂਦਰ ਸਰਕਾਰ ਨੇ ਪੰਜਾਬ ਸਰਕਾਰ ਨੂੰ ਝੋਨੇ ਦੀ ਪਰਾਲੀ ਸਾੜਨ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਰੋਕਣ ਲਈ ਇੱਕ ਵਿਆਪਕ ਕਾਰਜ ਯੋਜਨਾ ਤਿਆਰ ਕਰਨ ਲਈ ਕਿਹਾ ਹੈ। ਖੇਤੀਬਾੜੀ ਮੰਤਰਾਲੇ ਦੇ ਵਧੀਕ ਸਕੱਤਰ ਅਭਿਲਕਸ਼ ਲੇਖੀ ਨੇ ਸੋਮਵਾਰ ਨੂੰ ਪੰਜਾਬ ਸਰਕਾਰ ਦੇ ਅਧਿਕਾਰੀਆਂ ਨੂੰ ਪਰਾਲੀ ਸਾੜਨ 'ਤੇ ਕਾਬੂ ਪਾਉਣ ਲਈ ਵਿਸਤ੍ਰਿਤ ਯੋਜਨਾ ਤਿਆਰ ਕਰਨ ਲਈ ਕਿਹਾ ਹੈ। ਝੋਨੇ ਦੀ ਕਟਾਈ ਤੋਂ ਬਾਅਦ ਪੰਜਾਬ ਵਿਚ ਪਰਾਲੀ ਸਾੜਨ ਦਾ ਸਿਲਸਿਲਾ ਸ਼ੁਰੂ ਹੋ ਜਾਂਦਾ ਹੈ, ਜੋ ਪਿਛਲੇ ਕਈ ਸਾਲਾਂ ਤੋਂ ਦਿੱਲੀ-ਐਨਸੀਆਰ ਖੇਤਰ ਵਿਚ ਹਵਾ ਦੀ ਗੁਣਵੱਤਾ ਨੂੰ ਪ੍ਰਭਾਵਿਤ ਕਰ ਰਿਹਾ ਹੈ।
ਇੱਕ ਅਧਿਕਾਰਤ ਬਿਆਨ ਅਨੁਸਾਰ, ਪੰਜਾਬ ਦੇ ਐਸ.ਏ.ਐਸ.ਨਗਰ ਜ਼ਿਲ੍ਹੇ ਦੀ ਖਰੜ ਤਹਿਸੀਲ ਵਿਚ ਫਸਲਾਂ ਦੀ ਰਹਿੰਦ-ਖੂੰਹਦ ਪ੍ਰਬੰਧਨ ਬਾਰੇ ਇੱਕ ਪ੍ਰੋਗਰਾਮ ਵਿਚ ਸ਼ਿਰਕਤ ਕਰਦੇ ਹੋਏ ਅਭਿਲਕਸ਼ ਲੇਖੀ ਨੇ ਪਰਾਲੀ ਪ੍ਰਬੰਧਨ ਲਈ ਇੱਕ ਕਾਰਜ ਯੋਜਨਾ ਬਣਾਉਣ ਦੀ ਲੋੜ 'ਤੇ ਜ਼ੋਰ ਦਿੱਤਾ। ਰਾਜਾਂ ਨੂੰ ਮਸ਼ੀਨਾਂ ਦੀ ਪ੍ਰਭਾਵੀ ਵਰਤੋਂ ਨੂੰ ਯਕੀਨੀ ਬਣਾਉਣ, ਫਸਲਾਂ ਦੀ ਰਹਿੰਦ-ਖੂੰਹਦ ਪ੍ਰਬੰਧਨ (ਸੀ.ਆਰ.ਐਮ.) ਮਸ਼ੀਨਾਂ ਨਾਲ ਪੂਰਕ ਬਾਇਓ-ਡੀਗ੍ਰੇਡੇਬਲ ਦੀ ਵਰਤੋਂ ਨੂੰ ਵਧਾਉਣ ਅਤੇ ਬਾਇਓਮਾਸ-ਅਧਾਰਤ ਪਾਵਰ ਪਲਾਂਟਾਂ ਵਰਗੇ ਉਦਯੋਗਾਂ ਤੋਂ ਮੰਗ ਨੂੰ ਪੂਰਾ ਕਰਨ ਲਈ ਪਰਾਲੀ-ਤੂੜੀ ਦੀ ਵਰਤੋਂ ਨੂੰ ਵਧਾਉਣ ਲਈ ਵੀ ਕਿਹਾ ਗਿਆ ਹੈ।
ਲੇਖੀ ਨੇ ਕਿਹਾ, "ਜੇਕਰ ਸੂਬਾ ਸਰਕਾਰ ਦੇ ਪੱਧਰ 'ਤੇ ਵਿਆਪਕ ਤੌਰ 'ਤੇ ਸਾਰੇ ਕਦਮ ਚੁੱਕੇ ਜਾਣ, ਤਾਂ ਆਉਣ ਵਾਲੇ ਸੀਜ਼ਨ ਵਿਚ ਪਰਾਲੀ ਸਾੜਨ 'ਤੇ ਪ੍ਰਭਾਵਸ਼ਾਲੀ ਢੰਗ ਨਾਲ ਕਾਬੂ ਪਾਇਆ ਜਾ ਸਕਦਾ ਹੈ।" ਬਾਇਓ-ਡੀਗਰੇਡੇਬਲ ਦੀ ਵਰਤੋਂ ਨੂੰ ਵਧਾਉਣ ਲਈ, ਕੇਂਦਰ ਸਰਕਾਰ ਨੇ ਅਗਸਤ 2022 ਵਿਚ CRM ਸਕੀਮ ਨਾਲ ਸਬੰਧਤ ਸੰਚਾਲਨ ਦਿਸ਼ਾ-ਨਿਰਦੇਸ਼ਾਂ ਵਿਚ ਸੋਧ ਕੀਤੀ ਹੈ।