ਐਨ.ਆਰ.ਆਈ. ਜ਼ਮੀਨ ਮਾਲਕ ਦੀਆਂ ਧਮਕੀਆਂ ਤੋਂ ਪ੍ਰੇਸ਼ਾਨ ਹੋ ਕੇ ਕੀਤੀ ਆਤਮ ਹੱਤਿਆ
ਮੋਗਾ : ਮੋਗਾ ਦੇ ਪਿੰਡ ਧੱਲੇਕੇ ਵਾਸੀ ਕਿਸਾਨ ਅਤੇ ਸਾਬਕਾ ਪੰਚਾਇਤ ਮੈਂਬਰ ਗੁਰਦੀਪ ਸਿੰਘ ਨੇ ਸ਼ਨੀਵਾਰ ਸਵੇਰੇ ਆਪਣੇ ਘਰ ਵਿੱਚ ਲਾਈਸੈਂਸਸ਼ੁਦਾ 32 ਬੋਰ ਰਿਵਾਲਵਰ ਨਾਲ ਸਿਰ ਵਿੱਚ ਗੋਲੀ ਮਾਰ ਕੇ ਆਤਮਹੱਤਿਆ ਕਰ ਲਈ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ ’ਤੇ ਪਹੁੰਚੀ ਅਤੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ। ਜਾਣਕਾਰੀ ਮੁਤਾਬਕ ਲੁਧਿਆਣਾ ਵਾਸੀ ਬਲਵਿੰਦਰ ਸਿੰਘ ਦੀ ਮੋਗਾ ਦੇ ਪਿੰਡ ਖੋਸਾ ਰਣਧੀਰ ਵਿੱਚ ਕਰੀਬ 20 ਏਕੜ ਜ਼ਮੀਨ ਹੈ । ਗੁਰਦੀਪ ਸਿੰਘ ਨੇ ਇਹ ਜ਼ਮੀਨ ਠੇਕੇ ’ਤੇ ਲੈ ਕੇ ਉਸ ਵਿੱਚ ਝੋਨੇ ਦੀ ਫਸਲ ਬੀਜੀ ਹੋਈ ਸੀ। ਦੱਸਿਆ ਜਾ ਰਿਹਾ ਹੈ ਕਿ ਜ਼ਮੀਨ ਨੂੰ ਲੈ ਕੇ ਬਲਵਿੰਦਰ ਸਿੰਘ ਅਤੇ ਉਸ ਦੇ ਐਨ.ਆਰ.ਆਈ. ਭਰਾ ਜੋਗਿੰਦਰ ਸਿੰਘ ਮਿੱਠੂ ਵਿਚਕਾਰ ਵਿਵਾਦ ਚੱਲ ਰਿਹਾ ਸੀ।
ਪਰਿਵਾਰ ਮੁਤਾਬਕ 23 ਸਤੰਬਰ ਨੂੰ ਗੁਰਦੀਪ ਸਿੰਘ ਦੀ ਕਰੀਬ ਸਾਢੇ 4 ਏਕੜ ਫਸਲ ’ਤੇ ਸਪਰੇਅ ਕਰਕੇ ਉਸ ਨੂੰ ਨੁਕਸਾਨ ਪਹੁੰਚਾਇਆ ਗਿਆ ਸੀ। ਇਸ ਤੋਂ ਇਲਾਵਾ ਖੇਤ ਵਿੱਚ ਲੱਗੀ ਮੋਟਰ ਨੂੰ ਵੀ ਨੁਕਸਾਨ ਪਹੁੰਚਾਉਣ ਦੀ ਗੱਲ ਸਾਹਮਣੇ ਆਈ ਹੈ, ਜਿਸ ਕਾਰਨ ਖੇਤਾਂ ਵਿੱਚ ਪਾਣੀ ਨਹੀਂ ਪਹੁੰਚ ਸਕਿਆ। ਪਰਿਵਾਰਕ ਮੈਂਬਰਾਂ ਮੁਤਾਬਕ ਇਸ ਵਿਵਾਦ ਤੋਂ ਬਾਅਦ ਗੁਰਦੀਪ ਸਿੰਘ ਨੂੰ ਕਥਿਤ ਤੌਰ ’ਤੇ ਲਗਾਤਾਰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਸਨ ਅਤੇ ਉਹ ਪਿਛਲੇ ਕੁਝ ਦਿਨਾਂ ਤੋਂ ਪਰੇਸ਼ਾਨ ਸੀ। ਸ਼ਨੀਵਾਰ ਸਵੇਰੇ ਉਸ ਨੇ ਆਪਣੇ ਘਰ ਵਿੱਚ ਲਾਈਸੈਂਸਸ਼ੁਦਾ .32 ਬੋਰ ਰਿਵਾਲਵਰ ਨਾਲ ਸਿਰ ਵਿੱਚ ਗੋਲੀ ਮਾਰ ਲਈ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਮ੍ਰਿਤਕ ਗੁਰਦੀਪ ਸਿੰਘ ਦੀ ਉਮਰ 55 ਸਾਲ ਸੀ। ਉਸ ਦੇ ਪਰਿਵਾਰ ਵਿੱਚ ਦੋ ਧੀਆਂ ਅਤੇ ਇੱਕ ਪੁੱਤਰ ਹੈ। ਦੱਸਿਆ ਜਾ ਰਿਹਾ ਹੈ ਕਿ ਉਸ ਦੀ ਵੱਡੀ ਧੀ ਦਾ ਵਿਆਹ ਜਨਵਰੀ 2027 ਵਿੱਚ ਹੋਣਾ ਸੀ।
ਪੁਲਿਸ ਵੱਲੋਂ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜਣ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ। ਪੁਲਿਸ ਵੱਲੋਂ ਮਾਮਲੇ ਦੇ ਸਾਰੇ ਪਹਿਲੂਆਂ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਧਮਕੀਆਂ ਦੇਣ ਸਮੇਤ ਜ਼ਮੀਨੀ ਵਿਵਾਦ ਨਾਲ ਜੁੜੇ ਦੋਸ਼ਾਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ। ਡੀਐਸਪੀ ਰਾਹੁਲ ਕੌਸ਼ਲ ਨੇ ਦੱਸਿਆ ਕਿ ਜੀਰਾ ਰੋਡ ਸਥਿਤ ਇੱਕ ਨਿੱਜੀ ਹਸਪਤਾਲ ਤੋਂ ਸੂਚਨਾ ਮਿਲੀ ਸੀ ਕਿ ਪਿੰਡ ਧੱਲੇਕੇ ਦੇ 55 ਸਾਲਾ ਗੁਰਦੀਪ ਸਿੰਘ ਨੇ ਗੋਲੀ ਮਾਰ ਕੇ ਆਤਮਹੱਤਿਆ ਕਰ ਲਈ ਹੈ। ਮੁੱਢਲੀ ਜਾਂਚ ਦੌਰਾਨ ਮੌਕੇ ਤੋਂ ਇੱਕ ਸੁਸਾਈਡ ਨੋਟ ਵੀ ਬਰਾਮਦ ਹੋਇਆ ਹੈ। ਪੁਲਿਸ ਵੱਲੋਂ ਮ੍ਰਿਤਕ ਦੇ ਪੁੱਤਰ ਦੇ ਬਿਆਨ ਦਰਜ ਕਰਕੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
