ਹਰਿਆਣਾ ਦੇ ਫਤਿਹਾਬਾਦ ਦੇ ਰਹਿਣ ਵਾਲੇ ਪਾਰਥ ਮਹਿਤਾ ਦੇ ਤੌਰ ਤੇ ਹੋਈ ਪਛਾਣ
ਰਾਜਪੁਰਾ : ਚਿਤਕਾਰਾ ਯੂਨੀਵਰਸਿਟੀ ਰਾਜਪੁਰਾ ਵਿੱਚ 25-26 ਸਤੰਬਰ ਦੀ ਦਰਮਿਆਨੀ ਰਾਤ ਹੋਏ ਹੰਗਾਮੇ ਦੇ ਮਾਮਲੇ ਵਿੱਚ ਬਨੂੜ ਪੁਲਿਸ ਨੇ ਇੱਕ ਹੋਰ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਹੈ। ਹਰਿਆਣਾ ਦੇ ਫਤਿਹਾਬਾਦ ਤੋਂ ਗ੍ਰਿਫ਼ਤਾਰ ਕੀਤੇ ਗਏ ਪਾਰਥ ਮਹਿਤਾ 'ਤੇ ਸੋਸ਼ਲ ਮੀਡੀਆ ਰਾਹੀਂ ਵਿਦਿਆਰਥੀਆਂ ਨੂੰ ਕਥਿਤ ਤੌਰ 'ਤੇ ਭੜਕਾਉਣ ਅਤੇ ਗੁੰਮਰਾਹਕੁੰਨ ਸੰਦੇਸ਼ ਫੈਲਾਉਣ ਦੇ ਦੋਸ਼ ਹਨ । ਇਸ ਮਾਮਲੇ ਵਿੱਚ ਹੁਣ ਤੱਕ ਤਿੰਨ ਗ੍ਰਿਫ਼ਤਾਰੀਆਂ ਹੋ ਚੁੱਕੀਆਂ ਹਨ।
ਪੁਲਿਸ ਮੁਤਾਬਕ ਘਟਨਾ ਤੋਂ ਬਾਅਦ ਥਾਣਾ ਬਨੂੜ ਵਿੱਚ ਐਫ.ਆਈ.ਆਰ. ਦਰਜ ਕਰਕੇ ਵੱਡੇ ਪੱਧਰ 'ਤੇ ਜਾਂਚ ਸ਼ੁਰੂ ਕੀਤੀ ਗਈ ਸੀ। ਜਾਂਚ ਦੌਰਾਨ ਪਹਿਲਾਂ ਨੰਗਲ ਵਾਸੀ ਹਿਮਾਂਸ਼ੂ ਅਤੇ ਅੰਬਾਲਾ ਵਾਸੀ ਆਰੀਅਨ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸੇ ਜਾਂਚ ਦੇ ਅਗਲੇ ਪੜਾਅ ਵਿੱਚ ਫਤਿਹਾਬਾਦ ਵਾਸੀ ਪਾਰਥ ਮਹਿਤਾ ਦਾ ਨਾਮ ਸਾਹਮਣੇ ਆਇਆ। ਪੁਲਿਸ ਦਾ ਦੋਸ਼ ਹੈ ਕਿ ਪਾਰਥ ਨੇ ਵੱਖ-ਵੱਖ ਸੋਸ਼ਲ ਮੀਡੀਆ ਪਲੇਟਫਾਰਮਾਂ ਰਾਹੀਂ ਵਿਦਿਆਰਥੀਆਂ ਨੂੰ ਭੜਕਾਉਣ ਲਈ ਝੂਠੇ ਅਤੇ ਗੁੰਮਰਾਹਕੁੰਨ ਸੰਦੇਸ਼ ਫੈਲਾਏ।
ਪੁਲਿਸ ਮੁਤਾਬਕ ਮਾਮਲੇ ਵਿੱਚ ਜਨਤਕ ਜਾਇਦਾਦ ਨੂੰ ਨੁਕਸਾਨ ਪਹੁੰਚਾਉਣ ਅਤੇ ਸਰਕਾਰੀ ਕਰਮਚਾਰੀਆਂ ਨੂੰ ਉਨ੍ਹਾਂ ਦੇ ਅਧਿਕਾਰਤ ਫਰਜ਼ ਨਿਭਾਉਣ ਤੋਂ ਰੋਕਣ ਵਰਗੀਆਂ ਗਤੀਵਿਧੀਆਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ। ਐਸ.ਐਚ.ਓ. ਥਾਣਾ ਬਨੂੜ ਗੁਰਸੇਵਕ ਸਿੰਘ ਨੇ ਦੱਸਿਆ ਕਿ ਪਾਰਥ ਮਹਿਤਾ ਦੀ ਗ੍ਰਿਫ਼ਤਾਰੀ ਨਾਲ ਇਸ ਮਾਮਲੇ ਵਿੱਚ ਕੁੱਲ ਤਿੰਨ ਮੁਲਜ਼ਮ ਪੁਲਿਸ ਦੀ ਹਿਰਾਸਤ ਵਿੱਚ ਹਨ। ਪੁਲਿਸ ਵੱਲੋਂ ਗਲਤ ਜਾਣਕਾਰੀ ਫੈਲਾਉਣ, ਵਿਦਿਆਰਥੀਆਂ ਨੂੰ ਭੜਕਾਉਣ, ਜਨਤਕ ਜਾਇਦਾਦ ਨੂੰ ਨੁਕਸਾਨ ਪਹੁੰਚਾਉਣ ਅਤੇ ਸਰਕਾਰੀ ਕੰਮ ਵਿੱਚ ਰੁਕਾਵਟ ਪਾਉਣ ਵਿੱਚ ਕਥਿਤ ਤੌਰ 'ਤੇ ਸ਼ਾਮਲ ਹੋਰ ਵਿਅਕਤੀਆਂ ਦੀ ਪਛਾਣ ਲਈ ਜਾਂਚ ਜਾਰੀ ਹੈ। ਪੁਲਿਸ ਨੇ ਕਿਹਾ ਹੈ ਕਿ ਜਾਂਚ ਅੱਗੇ ਵਧਣ ਨਾਲ ਹੋਰ ਗ੍ਰਿਫ਼ਤਾਰੀਆਂ ਵੀ ਹੋ ਸਕਦੀਆਂ ਹਨ।
