
ਆਮ ਆਦਮੀ ਪਾਰਟੀ ਨੇ ਸ਼ਨੀਵਾਰ ਨੂੰ ਹਲਕਾ ਭੁਲੱਥ ਤੋਂ ਵਿਧਾਇਕ ਸੁਖਪਾਲ ਸਿੰਘ ਖਹਿਰਾ ਅਤੇ ਹਲਕਾ ਖਰੜ ਦੇ ਵਿਧਾਇਕ ਕੰਵਰ....
ਚੰਡੀਗੜ੍ਹ (ਸ.ਸ.ਸ) : ਆਮ ਆਦਮੀ ਪਾਰਟੀ ਨੇ ਸ਼ਨੀਵਾਰ ਨੂੰ ਹਲਕਾ ਭੁਲੱਥ ਤੋਂ ਵਿਧਾਇਕ ਸੁਖਪਾਲ ਸਿੰਘ ਖਹਿਰਾ ਅਤੇ ਹਲਕਾ ਖਰੜ ਦੇ ਵਿਧਾਇਕ ਕੰਵਰ ਸੰਧੂ ਨੂੰ ਪਾਰਟੀ ਤੋਂ ਮੁਅੱਤਲ ਕਰ ਦਿੱਤਾ ਹੈ। ਪਾਰਟੀ ਦੇ ਮੁੱਖ ਦਫ਼ਤਰ ਤੋਂ ਜਾਰੀ ਪ੍ਰੈੱਸ ਬਿਆਨ ਵਿਚ ਇਹ ਕਿਹਾ ਗਿਆ ਕਿ ਸੁਖਪਾਲ ਸਿੰਘ ਖਹਿਰਾ ਅਤੇ ਕੰਵਰ ਸੰਧੂ ਲਗਾਤਾਰ ਪਾਰਟੀ ਵਿਰੋਧੀ ਗਤੀਵਿਧੀਆਂ ਵਿਚ ਸ਼ਾਮਲ ਰਹੇ ਹਨ ਅਤੇ ਲਗਾਤਾਰ ਕੇਂਦਰੀ ਅਤੇ ਸੂਬਾ ਲੀਡਰਸ਼ਿਪ 'ਤੇ ਸ਼ਬਦੀ ਹਮਲੇ ਕਰਦੇ ਰਹੇ ਹਨ।
Sukhpal Singh Khaira
ਪੰਜਾਬ ਦੀ ਕੋਰ ਕਮੇਟੀ ਵੱਲੋਂ ਜਾਰੀ ਬਿਆਨ ਵਿਚ ਇਹ ਕਿਹਾ ਗਿਆ ਕਿ ਪਾਰਟੀ ਵੱਲੋਂ ਆਪਣੇ ਪੱਧਰ 'ਤੇ ਹਰ ਸੰਭਵ ਯਤਨ ਕਰ ਕੇ ਦੋਵਾਂ ਆਗੂਆਂ ਨੂੰ ਸਮਝਾਉਣ ਵਿਚ ਅਸਫਲ ਹੋਣ ਤੋਂ ਬਾਅਦ ਉਨ੍ਹਾਂ ਨੂੰ ਫ਼ੌਰੀ ਤੌਰ 'ਤੇ ਮੁਅੱਤਲ ਕਰਨ ਦਾ ਫ਼ੈਸਲਾ ਲਿਆ ਗਿਆ ਹੈ। ਪਾਰਟੀ ਨੇ ਕਿਹਾ ਕਿ ਕਿਸੇ ਵੀ ਪੱਧਰ 'ਤੇ ਅਨੁਸ਼ਾਸਨਹੀਣਤਾ ਅਤੇ ਪਾਰਟੀ ਵਿਰੋਧੀ ਗਤੀਵਿਧੀਆਂ ਬਰਦਾਸ਼ਤ ਨਹੀਂ ਕੀਤੀਆਂ ਜਾ ਸਕਦੀਆਂ ਅਤੇ ਆਗੂਆਂ ਅਤੇ ਵਲੰਟੀਅਰਾਂ ਨੂੰ ਪਾਰਟੀ ਦੁਆਰਾ ਨਿਰਧਾਰਿਤ ਨਿਯਮਾਂ ਦੀ ਪਾਲਨਾ ਕਰਨੀ ਪਵੇਗੀ।