
ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਦਰਬਾਰ ਸਾਹਿਬ ਵਿਖੇ ਵੱਡੀ ਗਿਣਤੀ 'ਚ ਸੰਗਤਾਂ ਨੇ ਮੱਥਾ ਟੇਕਿਆ ਅਖੰਡ ਪਾਠ ਸਾਹਿਬ ਦੇ ਪਾਏ ਗਏ ਭੋਗ, ਜਲੌਅ ਦਾ ਸੰਗਤ ਨੇ ਮਾਣਿਆ ਅਨੰਦ
ਅੰਮ੍ਰਿਤਸਰ, 2 ਨਵੰਬਰ (ਸੁਖਵਿੰਦਰਜੀਤ ਸਿੰਘ ਬਹੋੜੂ): ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਸ੍ਰੀ ਦਰਬਾਰ ਸਾਹਿਬ ਵਿਖੇ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ਵਿਚ ਸੰਗਤਾਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ, ਇਸ਼ਨਾਨ ਕਰ ਕੇ ਗੁਰੂ ਸਾਹਿਬ ਦੀਆਂ ਖ਼ੁਸ਼ੀਆਂ ਪ੍ਰਾਪਤ ਕੀਤੀਆਂ। ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਅੱਜ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ।
ਲਗਾਤਾਰ ਸਜਾਏ ਗਏ ਧਾਰਮਕ ਦੀਵਾਨਾਂ ਵਿਚ ਕੌਮ ਦੇ ਮਹਾਨ ਰਾਗੀ, ਢਾਡੀ ਤੇ ਕਵੀਸ਼ਰ ਜਥਿਆਂ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਅਤੇ ਸ੍ਰੀ ਗੁਰੂ ਰਾਮਦਾਸ ਜੀ ਦੇ ਜੀਵਨ ਇਤਿਹਾਸ ਨਾਲ ਜੋੜਿਆ। ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਗੁਰਦਵਾਰਾ ਬਾਬਾ ਅਟੱਲ ਰਾਇ ਸਾਹਿਬ ਵਿਖੇ ਜਲੌਅ ਵੀ ਸੰਗਤ ਲਈ ਆਕਰਸ਼ਣ ਦਾ ਕੇਂਦਰ ਬਣੇ। ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਰਧਾ ਪ੍ਰਗਟਾਈ, ਜਿਨ੍ਹਾਂ ਨੂੰ ਮੁੱਖ ਗ੍ਰੰਥੀ ਗਿ. ਜਗਤਾਰ ਸਿੰਘ ਨੇ ਗੁਰੂ ਬਖ਼ਸ਼ਿਸ਼ ਸਿਰੋਪਾਉ ਦੇ ਕੇ ਸਨਮਾਨਤ ਕੀਤਾ। ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੀ ਸੰਗਤ ਨੂੰ ਵਧਾਈ ਦਿਤੀ। ਪ੍ਰਕਾਸ਼ ਪੁਰਬ ਸਮਾਗਮਾਂ ਸਮੇਂ ਸੇਵਾ ਨਿਭਾਉਣ ਵਾਲੀਆਂ ਸਭਾ-ਸੁਸਾਇਟੀਆਂ ਅਤੇ ਫੁੱਲਾਂ ਦੀ ਸਜਾਵਟ ਦੀ ਸੇਵਾ ਕਰਨ ਵਾਲੀ ਮੁੰਬਈ ਦੀ ਸੰਗਤ ਦਾ ਧਨਵਾਦ ਵੀ ਕੀਤਾ। ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿ ਰਘਬੀਰ ਸਿੰਘ, ਤਖ਼ਤ ਸ੍ਰੀ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਰਣਜੀਤ ਸਿੰਘ ਗੌਹਰ-ਏ-ਮਸਕੀਨ ਸਮੇਤ ਆਦਿ ਸ਼ਖ਼ਸੀਅਤਾਂ ਨੇ ਵੀ ਗੁਰੂ ਸਾਹਿਬ ਦੇ ਪਾਵਨ ਦਰਬਾਰ ਵਿਖੇ ਹਾਜ਼ਰੀ ਭਰੀ। ਇਸ ਮੌਕੇ ਗਿਆਨੀ ਜਸਵੰਤ ਸਿੰਘ, ਕਥਾਵਾਚਕ ਭਾਈ ਪਿੰਦਰਪਾਲ ਸਿੰਘ, ਭਾਈ ਗੁਰਬਖ਼ਸ਼ ਸਿੰਘ ਖਾਲਸਾ, ਸ. ਜਗਸੀਰ ਸਿੰਘ ਮਾਂਗੇਆਣਾ, ਭਾਈ ਮਨਜੀਤ ਸਿੰਘ, ਸ. ਗੁਰਮੇਲ ਸਿੰਘ ਸੰਗਤਪੁਰਾ, ਸ. ਗੁਰਮੀਤ ਸਿੰਘ ਬੂਹ, ਸ. ਭਗਵੰਤ ਸਿੰਘ ਸਿਆਲਕਾ ਤੇ ਮਗਵਿੰਦਰ ਸਿੰਘ ਖਾਪੜਖੇੜੀ ਆਦਿ ਮੌਜੂਦ ਸਨ।