
ਲਗਾਤਾਰ ਕੀਤਾ ਜਾ ਰਿਹਾ ਹੈ ਖੇਤੀ ਕਾਨੂੰਨਾਂ ਦਾ ਵਿਰੋਧ
ਅੰਮ੍ਰਿਤਸਰ: ਜੰਡਿਆਲਾ ਗੁਰੂ ਨਜ਼ਦੀਕ ਰੇਲਵੇ ਸਟੇਸ਼ਨ ਗਹਿਰੀ ਮੰਡੀ ਵਿਖੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋਂ ਲਗਾਇਆ ਗਿਆ ਧਰਨਾ ਅੱਜ 41ਵੇਂ ਦਿਨ ਵਿਚ ਦਾਖਲ ਹੋ ਗਿਆ ਹੈ। ਇਹ ਧਰਨਾ ਕਿਸਾਨਾਂ ਅਤੇ ਮਜ਼ਦੂਰਾਂ ਵੱਲੋਂ ਸਾਂਝੇ ਤੌਰ 'ਤੇ ਲਗਾਇਆ ਗਿਆ ਹੈ।
Farmer Protest
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਆਗੂ ਹਰਪ੍ਰੀਤ ਸਿੰਘ ਸਿਧਵਾਂ ਦੀ ਅਗਵਾਈ ਹੇਠ ਕਿਸਾਨਾਂ ਵੱਲੋਂ ਕਾਰਪੋਰੇਟ ਘਰਾਣਿਆਂ ਤੇ ਕੇਂਦਰ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ ਜਾ ਰਹੀ ਹੈ। ਕਿਸਾਨਾਂ ਵੱਲੋਂ ਲਗਾਤਾਰ ਖੇਤੀ ਕਾਨੂੰਨ ਰੱਦ ਕਰਨ ਦੀ ਮੰਗ ਕੀਤੀ ਜਾ ਰਹੀ ਹੈ। ਬੀਤੇ ਦਿਨ ਕਿਸਾਨਾਂ ਨੇ ਅੰਦੋਲਨ ਦੌਰਾਨ 1984 ਦੇ ਪੀੜਤਾਂ ਨੂੰ ਇਨਸਾਫ਼ ਦਿਵਾਉਣ ਲਈ ਮਤਾ ਪਾਸ ਕੀਤਾ।
Farmer Protest
ਧਰਨੇ ਦੇ 40ਵੇਂ ਦਿਨ ਜੰਡਿਆਲਾ ਗੁਰੂ ਵਿਖੇ ਰੇਲ ਰੋਕੋ ਅੰਦੋਲਨ ਨੂੰ ਸੰਬੋਧਨ ਕਰਦਿਆਂ ਹੋਇਆ ਸੂਬਾ ਜਨ: ਸਕੱਤਰ ਸਰਵਣ ਸਿੰਘ ਪੰਧੇਰ, ਹਰਪ੍ਰੀਤ ਸਿੰਘ ਸਿੱਧਵਾਂ ਨੇ ਕਿਹਾ ਕਿ 6 ਨਵੰਬਰ ਤਕ ਰੇਲ ਰੋਕੋ ਅੰਦੋਲਨ ਜਾਰੀ ਰੱਖਣ ਦਾ ਫ਼ੈਸਲਾ ਪਹਿਲਾਂ ਹੋਇਆ ਹੈ। ਅਗਲਾ ਫ਼ੈਸਲਾ 5 ਨਵੰਬਰ ਵਾਲੀ ਮੀਟਿੰਗ ਵਿਚ ਕੀਤਾ ਜਾਵੇਗਾ।
Sarvan Singh Pandher
ਕਿਸਾਨ ਆਗੂਆਂ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਅਪਣੇ ਜੋਟੀਦਾਰ ਕਾਰਪੋਰੇਟ ਘਰਾਣੇ ਅੰਬਾਨੀਆਂ, ਅਡਾਨੀਆਂ ਦੇ ਦਬਾਅ ਵਿਚ ਦੇਸ਼ ਦੇ ਅੰਨਦਾਤਾ ਕਿਸਾਨਾਂ ਵਿਰੁਧ ਕਿਸਾਨ ਵਿਰੋਧੀ ਆਰਡੀਨੈਂਸ ਲਾਗੂ ਕਰ ਕੇ ਮੰਡੀ, ਬਾਜ਼ਾਰ ਅਤੇ ਜ਼ਮੀਨਾਂ ਉਤੇ ਕਬਜ਼ਾ ਕਰਵਾਉਣ ਲਈ ਤਰਲੋਮੱਛੀ ਹੋ ਰਹੀ ਹੈ। ਇਹ ਬਿਲ ਖੇਤੀਬਾੜੀ ਅਤੇ ਦੇਸ਼ ਦੇ ਫ਼ੈਡਰਲਿਜ਼ਮ ਢਾਂਚੇ ਦੇ 100 ਫ਼ੀ ਸਦੀ ਵਿਰੁਧ ਜਾ ਕੇ ਸਿੱਧਾ ਪੂੰਜੀਪਤੀਆਂ ਦੇ ਹੱਕ ਵਿਚ ਭੁਗਤਦੇ ਹਨ।