
ਚਾਰ ਹੋਰ ਸਰਕਾਰੀ ਸਕੂਲਾਂ ਦੇ ਨਾਮ ਵੀ ਸ਼ਹੀਦ ਫ਼ੌਜੀ ਜਵਾਨਾਂ ਦੇ ਨਾਂ 'ਤੇ ਰੱਖੇ: ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ
ਚੰਡੀਗੜ੍ਹ, :ਪੰਜਾਬ ਸਰਕਾਰ ਨੇ ਜੱਲਿਆਂਵਾਲਾ ਬਾਗ਼ ਦੇ ਸਾਕੇ ਦਾ ਬਦਲਾ ਲੈਣ ਵਾਲੇ ਮਹਾਨ ਕ੍ਰਾਂਤੀਕਾਰੀ ਅਤੇ ਉਘੇ ਆਜ਼ਾਦੀ ਘੁਲਾਟੀਏ ਸ਼ਹੀਦ ਊਧਮ ਸਿੰਘ ਸੁਨਾਮ ਨੂੰ ਸਤਿਕਾਰ ਭੇਟ ਕਰਦਿਆਂ ਸੁਨਾਮ ਊਧਮ ਸਿੰਘ ਵਾਲਾ ਸ਼ਹਿਰ ਦੇ ਦੋ ਸਰਕਾਰੀ ਸਕੂਲਾਂ ਦਾ ਨਾਮ ਬਦਲ ਕੇ ਉਨ੍ਹਾਂ ਦੇ ਨਾਮ 'ਤੇ ਰੱਖਣ ਦਾ ਫ਼ੈਸਲਾ ਕੀਤਾ ਹੈ।
jalewala bagh
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੇਸ਼ ਦੇ ਆਜ਼ਾਦੀ ਸੰਘਰਸ਼ ਵਿੱਚ ਆਪਣੀਆਂ ਜਾਨਾਂ ਵਾਰਨ ਵਾਲੇ ਮਹਾਨ ਕ੍ਰਾਂਤੀਕਾਰੀਆਂ ਦੀ ਸਦਾ ਰਿਣੀ ਰਹੇਗੀ ਅਤੇ ਉਨ੍ਹਾਂ ਦਾ ਬਣਦਾ ਮਾਣ-ਸਤਿਕਾਰ ਕਾਇਮ ਰੱਖਣ ਲਈ ਹਮੇਸ਼ਾ ਵਚਨਬੱਧ ਹੈ। ਇਸੇ ਲੜੀ ਤਹਿਤ ਸੂਬਾ ਸਰਕਾਰ ਨੇ ਸ਼ਹੀਦ ਊਧਮ ਸਿੰਘ ਸੁਨਾਮ ਨੂੰ ਸ਼ਰਧਾ ਭੇਟ ਕਰਦਿਆਂ ਜ਼ਿਲ੍ਹਾ ਸੰਗਰੂਰ ਦੇ ਦੋ ਸਰਕਾਰੀ ਸਕੂਲਾਂ ਦਾ ਨਾਮ ਬਦਲ ਕੇ ਸ਼ਹੀਦ ਦੇ ਨਾਂ 'ਤੇ ਰੱਖਿਆ ਹੈ।
Vijay Inder Singla
ਸਿੱਖਿਆ ਮੰਤਰੀ ਨੇ ਕਿਹਾ ਕਿ ਹੁਣ ਤੋਂ ਸੁਨਾਮ ਊਧਮ ਸਿੰਘ ਵਾਲਾ ਸ਼ਹਿਰ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਨੂੰ ਕ੍ਰਮਵਾਰ ਸ਼ਹੀਦ ਊਧਮ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਅਤੇ ਸ਼ਹੀਦ ਊਧਮ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਵਜੋਂ ਜਾਣਿਆ ਜਾਵੇਗਾ।
Vijay Inder Singla
ਮੰਤਰੀ ਨੇ ਅੱਗੇ ਕਿਹਾ ਕਿ ਗ਼ਦਰ ਪਾਰਟੀ ਦੇ ਮੋਹਰੀ ਕ੍ਰਾਂਤਕਾਰੀ, ਜਿਨ੍ਹਾਂ ਨੇ 13 ਮਾਰਚ 1940 ਨੂੰ ਲੰਡਨ ਵਿਚ ਸਾਬਕਾ ਲੈਫ਼ਟੀਨੈਂਟ ਗਵਰਨਰ ਮਾਈਕਲ ਓ' ਡਵਾਇਅਰ ਦਾ ਕਤਲ ਕਰਕੇ ਜੱਲਿਆਂਵਾਲਾ ਬਾਗ਼ ਕਤਲੇਆਮ ਦਾ ਬਦਲਾ ਲਿਆ, ਦੀਆਂ ਯਾਦਾਂ ਅਤੇ ਹੋਰ ਸਬੰਧਤ ਸਾਜ਼ੋ-ਸਾਮਾਨ ਸਾਂਭਣ ਲਈ ਸੁਨਾਮ ਊਧਮ ਸਿੰਘ ਵਾਲਾ ਵਿਖੇ ਇੱਕ ਯਾਦਗਾਰ ਵੀ ਸਥਾਪਤ ਕੀਤੀ ਜਾ ਰਹੀ ਹੈ।
ਸ੍ਰੀ ਸਿੰਗਲਾ ਨੇ ਦੱਸਿਆ ਕਿ ਇਸ ਤੋਂ ਇਲਾਵਾ ਜ਼ਿਲ੍ਹਾ ਮੋਗਾ ਦੇ ਦੋ ਸਕੂਲਾਂ; ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਸਮਾਧ ਭਾਈ) ਅਤੇ ਸਰਕਾਰੀ ਪ੍ਰਾਇਮਰੀ ਸਕੂਲ (ਖੋਟੇ) ਦਾ ਨਾਂ ਬਦਲ ਕੇ ਕ੍ਰਮਵਾਰ ਸ਼ਹੀਦ ਸੀ.ਐਚ.ਐਮ. ਤੇਜਾ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅਤੇ ਸ਼ਹੀਦ ਗਨਰ ਸੁਰੈਣ ਸਿੰਘ ਸਰਕਾਰੀ ਪ੍ਰਾਇਮਰੀ ਸਕੂਲ ਰੱਖਿਆ ਗਿਆ ਹੈ।
ਇਸੇ ਤਰ੍ਹਾਂ ਜ਼ਿਲ੍ਹਾ ਫ਼ਰੀਦਕੋਟ ਦੇ ਸਰਕਾਰੀ ਮਿਡਲ ਸਕੂਲ, ਝੋਟੀਵਾਲਾ ਦਾ ਨਾਮ ਬਦਲ ਕੇ ਸ਼ਹੀਦ ਹਵਾਲਦਾਰ ਸੁਖਵਿੰਦਰ ਸਿੰਘ ਸਰਕਾਰੀ ਮਿਡਲ ਸਕੂਲ ਅਤੇ ਸਰਕਾਰੀ ਪ੍ਰਾਇਮਰੀ ਸਕੂਲ, ਪਸਨਾਵਾਲ ਜ਼ਿਲ੍ਹਾ ਗੁਰਦਾਸਪੁਰ ਦਾ ਨਾਂ ਬਦਲ ਕੇ ਸ਼ਹੀਦ ਸਿਪਾਹੀ ਗੁਰਦੀਪ ਸਿੰਘ ਸਰਕਾਰੀ ਪ੍ਰਾਇਮਰੀ ਸਕੂਲ ਪਸਨਾਵਾਲ ਰੱਖਿਆ ਗਿਆ ਹੈ।