
ਸੁਖਦੇਵ ਸਿੰਘ ਢੀਂਡਸਾ ਨੂੰ ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾ ਮਾਣ-ਸਨਮਾਨ ਦਿੱਤਾ
ਚੀਮਾ ਮੰਡੀ : ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਿੰਡ ਬੀਰ ਕਲਾਂ (ਸੰਗਰੂਰ) ਵਿਖੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਰੇਲ ਬੰਦ ਕਰਨ ਦੇ ਮਾਮਲੇ 'ਚ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਕੇਂਦਰ ਸਰਕਾਰ ਦੀ ਆਪਸੀ ਮਿਲੀ ਭੁਗਤ ਹੈ ਅਤੇ ਕੇਂਦਰ ਸਰਕਾਰ ਵਲੋਂ ਪਾਸ ਕੀਤੇ ਖੇਤੀਬਾੜੀ ਕਾਨੂੰਨ ਖ਼ਿਲਾਫ਼ ਜੋ ਪੰਜਾਬ ਸਰਕਾਰ ਨੇ ਬਿੱਲ ਪਾਸ ਕੀਤੇ ਹਨ, ਉਹ ਡਰਾਮੇਬਾਜ਼ੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਪੰਜਾਬ ਦੀ ਕਿਸਾਨੀ ਨੂੰ ਤਬਾਹ ਕਰਨ ਲਈ ਕਾਲੇ ਕਾਨੂੰਨ ਲਿਆਂਦੇ ਹਨ ਜਿਸਦੇ ਖਿਲਾਫ ਪੰਜਾਬ ਦੇ ਕਿਸਾਨ ਡਟਕੇ ਲੜ ਰਹੇ ਹਨ । ਕੈਪਟਨ ਸਰਕਾਰ ਦੀ ਮਿਲੀਭੁਗਤ ਨਾਲ ਇਹ ਸਭ ਕੁਝ ਹੋ ਰਿਹਾ ਹੈ । ਉਨ੍ਹਾਂ ਕਿਹਾ ਕਿ ਮੋਦੀ ਦੀ ਸਰਕਾਰ ਕਿਸਾਨਾਂ ਨੂੰ ਬਦਲਾ ਲਊ ਨੀਤੀ ਅਪਣਾ ਰਹੀ ਹੈ। ਰੇਲਾਂ ਦਾ ਆਵਾਜਾਈ ਬੰਦ ਕਰਕੇ ਕਿਸਾਨਾਂ ਦੇ ਸੰਘਰਸ਼ ਨੂੰ ਤਾਰੋਪੀਡੋ ਕਰਨਾ ਚਾਹੁੰਦੀ ਹੈ ਪਰ ਪੰਜਾਬ ਦੇ ਬਹਾਦਰ ਲੋਕ ਸਰਕਾਰ ਦੀਆਂ ਸਾਰੀਆਂ ਚਾਲਾਂ ਤੋਂ ਜਾਣੂ ਹਨ।
ਉਨ੍ਹਾਂ ਕਿਹਾ ਕਿ ਸੁਖਦੇਵ ਸਿੰਘ ਢੀਂਡਸਾ ਨੂੰ ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾ ਮਾਣ-ਸਨਮਾਨ ਦਿੱਤਾ ਪਰ ਉਨ੍ਹਾਂ ਨੇ ਭਾਜਪਾ ਨਾਲ ਗੰਢ-ਤੁਪ ਕਰਕੇ ਪਾਰਟੀ ਨਾਲ ਧਰੋਹ ਕੀਤਾ ਪਰ ਸੰਗਰੂਰ ਜ਼ਿਲ੍ਹੇ 'ਚ ਅੱਜ ਵੀ ਆਗੂ ਅਤੇ ਵਰਕਰ ਅਕਾਲੀ ਦਲ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੇ ਹਨ। ਸ. ਬਾਦਲ ਅੱਜ ਯੂਥ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਖ਼ੁਸ਼ਹਾਲ ਸਿੰਘ ਬੀਰੁ ਕਲਾਂ ਅਤੇ ਸੁਖਵਿੰਦਰ ਸਿੰਘ ਸਾਬਕਾ ਓ. ਐਸ. ਡੀ. ਪਰਮਿੰਦਰ ਸਿੰਘ ਢੀਂਡਸਾ ਵਲੋਂ ਢੀਂਡਸਾ ਪਰਿਵਾਰ ਦਾ ਸਾਥ ਛੱਡ ਕੇ ਆਏ ਵਰਕਰਾਂ ਨੂੰ ਪਾਰਟੀ 'ਚ ਸ਼ਾਮਿਲ ਕਰਨ ਲਈ ਪ੍ਰੋਗਰਾਮ ਕੀਤਾ ਗਿਆ ਸੀ।