
ਉਨ੍ਹਾਂ ਕਿਹਾ ਕਿ ਉਹ ਇਹ ਮਾਮਲਾ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਕੋਲ ਉਠਾਉਣਗੇ। ਉਨ੍ਹਾਂ ਕਿਹਾ ਕਿ ਰਾਜੋਆਣਾ ਦੀ ਸਜ਼ਾ ਮੁਕੰਮਲ ਹੋ ਚੁੱਕੀ ਹੈ
ਚੰਡੀਗੜ੍ਹ- ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜਾ ਨੂੰ ਲੈ ਕੇ ਸੁਖਬੀਰ ਬਾਦਲ ਨੇ ਵੱਡਾ ਬਿਆਨ ਦਿੱਤਾ ਹੈ। ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਕੇਸ ਦੇ ਮੁੱਖ ਦੋਸ਼ੀ ਬਲਵੰਤ ਸਿੰਘ ਰਾਜੋਆਣਾ ਦੀ ਮੌਤ ਦੀ ਸਜ਼ਾ ਮੁਆਫ਼ ਨਾ ਕਰਨ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ‘ਮੰਦਭਾਗਾ’ ਦੱਸਿਆ ਹੈ। ਸੁਖਬੀਰ ਬਾਦਲ ਨੇ ਕਿਹਾ ਕਿ ਜੇ ਇਹ ਸੱਚ ਹੈ ਤਾਂ ਇਹ ਬਹੁਤ ਮੰਦਭਾਗੀ ਗੱਲ ਹੈ।
Amit Shah
ਉਨ੍ਹਾਂ ਕਿਹਾ ਕਿ ਉਹ ਇਹ ਮਾਮਲਾ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਕੋਲ ਉਠਾਉਣਗੇ। ਉਨ੍ਹਾਂ ਕਿਹਾ ਕਿ ਰਾਜੋਆਣਾ ਦੀ ਸਜ਼ਾ ਮੁਕੰਮਲ ਹੋ ਚੁੱਕੀ ਹੈ। ਇਸ ਤੋਂ ਪਹਿਲਾਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਪ੍ਰਸ਼ਨ ਕਾਲ ਦੌਰਾਨ ਲੋਕ ਸਭਾ ਨੂੰ ਦੱਸਿਆ ਸੀ ਕਿ ਬੱਬਰ ਖ਼ਾਲਸਾ ਕਾਰਕੁੰਨ ਬਲਵੰਤ ਸਿੰਘ ਰਾਜੋਆਣਾ ਦੀ ਮੌਤ ਦੀ ਸਜ਼ਾ ਨੂੰ ਉਮਰ ਕੈਦ ਵਿਚ ਤਬਦੀਲ ਨਹੀਂ ਕੀਤਾ ਗਿਆ ਹੈ।
Sukhbir Badal
ਪਿਛਲੇ ਕੁਝ ਸਮੇਂ ਦੌਰਾਨ ਮੀਡੀਆ ’ਚ ਅਜਿਹੀਆਂ ਕੁਝ ਖ਼ਬਰਾਂ ਪ੍ਰਕਾਸ਼ਿਤ ਤੇ ਪ੍ਰਸਾਰਿਤ ਹੋਈਆਂ ਸਨ ਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ‘ਕਾਤਲ’ ਬਲਵੰਤ ਸਿੰਘ ਰਾਜੋਆਣਾ ਦੀ ਮੌਤ ਦੀ ਸਜ਼ਾ ਨੂੰ ਉਮਰ ਕੈਦ ਵਿਚ ਬਦਲ ਦਿੱਤਾ ਗਿਆ ਹੈ। ਦਰਅਸਲ, ਪੰਜਾਬ ਤੋਂ ਕਾਂਗਰਸ ਦੇ ਸੰਸਦ ਮੈਂਬਰ ਵੱਲੋਂ ਸੁਆਲ ਕੀਤਾ ਗਿਆ ਸੀ ਕਿ ਬਲਵੰਤ ਸਿੰਘ ਰਾਜੋਆਣਾ ਦੀ ਮੌਤ ਦੀ ਸਜ਼ਾ ਤਬਦੀਲ ਕਿਉਂ ਕੀਤੀ ਗਈ ਹੈ।
Ravneet Singh Bittu
ਤਦ ਅਮਿਤ ਸ਼ਾਹ ਨੇ ਰਵਨੀਤ ਸਿੰਘ ਬਿੱਟੂ ਸਮੇਤ ਸਮੁੱਚੇ ਸਦਨ ਨੂੰ ਹਿੰਦੀ ’ਚ ਜਵਾਬ ਦਿੱਤਾ ਕਿ ਮੀਡੀਆ ਰਿਪੋਰਟਾਂ ’ਤੇ ਯਕੀਨ ਨਾ ਕਰੋ। ਕੋਈ ਮਾਫ਼ੀ ਨਹੀਂ ਦਿੱਤੀ ਗਈ ਹੈ। ਪਿਛਲੇ ਮਹੀਨੇ ਦੀਆਂ ਮੀਡੀਆ ਰਿਪੋਰਟਾਂ ਵਿਚ ਅਜਿਹਾ ਦਾਅਵਾ ਕੀਤਾ ਗਿਆ ਸੀ ਕਿ ਕੇਂਦਰੀ ਗ੍ਰਹਿ ਮੰਤਰਾਲੇ ਨੇ ਬਲਵੰਤ ਸਿੰਘ ਰਾਜੋਆਣਾ ਦੀ ਮੌਤ ਦੀ ਸਜ਼ਾ ਉਮਰ ਕੈਦ ਵਿਚ ਤਬਦੀਲ ਕਰ ਦਿੱਤੀ ਹੈ।
Bhai Balwant Singh Rajoana
52 ਸਾਲਾ ਬਲਵੰਤ ਸਿੰਘ ਰਾਜੋਆਣਾ ਇਸ ਵੇਲੇ ਪਟਿਆਲਾ ਦੀ ਕੇਂਦਰੀ ਜੇਲ੍ਹ ਵਿਚ ਕੈਦ ਹਨ ਤੇ ਬੇਅੰਤ ਸਿੰਘ ਕਤਲ ਕੇਸ ਵਿਚ ਉਹ ਮੁੱਖ ਦੋਸ਼ੀ ਹਨ। ਰਾਜੋਆਣਾ ਪਹਿਲਾਂ ਪੰਜਾਬ ਪੁਲਿਸ ਦੇ ਕਾਂਸਟੇਬਲ ਸਨ ਤੇ ਸੀਬੀਆਈ ਦੀ ਚੰਡੀਗੜ੍ਹ ਸਥਿਤ ਵਿਸ਼ੇਸ਼ ਅਦਾਲਤ ਵੱਲੋਂ ਉਨ੍ਹਾਂ ਨੂੰ 1 ਅਗਸਤ, 2007 ਨੂੰ ਮੌਤ ਦੀ ਸਜ਼ਾ ਸੁਣਾਈ ਗਈ ਸੀ।
Beant Singh
ਇਸ ਦੇ ਨਾਲ ਹੀ 31 ਮਾਰਚ, 2012 ਨੂੰ ਫਾਂਸੀ ਦੇਣ ਤੱਕ ਦੇ ਹੁਕਮ ਜਾਰੀ ਹੋ ਗਏ ਸਨ। ਜਦੋਂ ਬੀਤੇ ਸਤੰਬਰ ਮਹੀਨੇ ਹਾਲੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਮਨਾਉਣ ਦੀਆਂ ਤਿਆਰੀਆਂ ਵੱਡੇ ਪੱਧਰ ’ਤੇ ਚੱਲ ਰਹੀਆਂ ਸਨ, ਤਦ ਮੀਡੀਆ ਰਿਪੋਰਟਾਂ ਆਈਆਂ ਸਨ ਕਿ ਕੇਂਦਰੀ ਗ੍ਰਹਿ ਮੰਤਰਾਲੇ ਨੇ ਬਲਵੰਤ ਸਿੰਘ ਰਾਜੋਆਣਾ ਦੀ ਮੌਤ ਦੀ ਸਜ਼ਾ ਮਾਫ਼ ਕਰ ਦਿੱਤੀ ਹੈ।