
ਸੂਬਾ ਸਰਕਾਰ ਦਿਵਿਆਂਗ ਵਿਅਕਤੀਆਂ ਦੇ ਸ਼ਕਤੀਕਰਨ ਲਈ ‘ਪੰਜਾਬ ਦਿਵਿਆਂਗਜਨ ਸ਼ਕਤੀਕਰਨ’ ਯੋਜਨਾ ਸ਼ੁਰੂ ਕਰੇਗੀ
ਚੰਡੀਗੜ - ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਸ੍ਰੀਮਤੀ ਅਰੁਨਾ ਚੌਧਰੀ ਨੇ ਅੱਜ ‘ਅੰਤਰਰਾਸ਼ਟਰੀ ਦਿਵਿਆਂਗ ਦਿਵਸ’ ਮੌਕੇ ਕਰਵਾਏ ਪ੍ਰੋਗਰਾਮ ਦੌਰਾਨ ਆਖਿਆ ਕਿ ਦਿਵਿਆਂਗ ਸਮਾਜ ਦਾ ਅਹਿਮ ਹਿੱਸਾ ਹਨ ਅਤੇ ਉਨਾਂ ਦੇ ਸ਼ਕਤੀਕਰਨ ਲਈ ਰਾਜ ਸਰਕਾਰ ਵੱਲੋਂ ਵਿਸ਼ੇਸ਼ ਉਪਰਾਲੇ ਕੀਤੇ ਗਏ ਹਨ।
ਆਨਲਾਈਨ ਮਾਧਿਅਮ ਰਾਹੀਂ ਕਰਵਾਏ ਗਏ ਇਸ ਪ੍ਰੋਗਰਾਮ ਦੌਰਾਨ ਉਨਾਂ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਦਿਵਿਆਂਗ ਵਿਅਕਤੀਆਂ ਦੇ ਸ਼ਕਤੀਕਰਨ ਲਈ ਇਕ ਨਵੀਂ ਯੋਜਨਾ-‘ਪੰਜਾਬ ਦਿਵਿਆਂਗਜਨ ਸ਼ਕਤੀਕਰਨ’ ਯੋਜਨਾ (ਪੀ.ਡੀ.ਐਸ.ਵਾਈ.) ਸੂਬੇ ਭਰ ਵਿੱਚ ਪੜਾਅਵਾਰ ਢੰਗ ਨਾਲ ਲਾਗੂ ਕੀਤੀ ਜਾਵੇਗੀ। ਮੀਟਿੰਗ ਦੌਰਾਨ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਉੱਚ ਅਧਿਕਾਰੀ, ਵੱਖ-ਵੱਖ ਜ਼ਿਲਿਆਂ ਦੇ ਅਧਿਕਾਰੀ ਅਤੇ ਐਨ.ਜੀ.ਓ ਆਦਿ ਹਾਜ਼ਰ ਸਨ।
Divyang people are an important part of our society: Aruna Chaudhary
ਮੀਟਿੰਗ ਵਿੱਚ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀਮਤੀ ਰਾਜੀ ਪੀ ਸ੍ਰੀਵਾਸਤਵਾ, ਡਾਇਰੈਕਟਰ ਵਿਪੁਲ ਉੱਜਵਲ ਅਤੇ ਰਾਜ ਭਰ ਦੇ ਜ਼ਿਲਾ ਸਮਾਜਿਕ ਸੁਰੱਖਿਆ ਅਫ਼ਸਰ, ਐਨ.ਜੀ.ਓਜ਼. ਤੇ ਵਿਦਿਆਰਥੀ ਮੌਜੂਦ ਸਨ। ਕੈਬਨਿਟ ਮੰਤਰੀ ਨੇ ਅੱਗੇ ਕਿਹਾ ਕਿ ‘ਪੰਜਾਬ ਦਿਵਿਆਂਗਜਨ ਸ਼ਕਤੀਕਰਨ’ ਯੋਜਨਾ ਦੇ ਪਹਿਲੇ ਪੜਾਅ ਵਿੱਚ ਮੌਜੂਦਾ ਪ੍ਰੋਗਰਾਮਾਂ ਨੂੰ ਮਜ਼ਬੂਤੀ ਦੇਣਾ ਸ਼ਾਮਲ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਇਸ ਯੋਜਨਾ ਦੇ ਲਾਭ ਦਿਵਿਆਂਗਾਂ ਤੱਕ ਵਧੇਰੇ ਪ੍ਰਭਾਵਸ਼ਾਲੀ ਢੰਗ ਨਾਲ ਪਹੁੰਚਾਏ ਜਾ ਸਕਣ।
ਇਸ ਤੋਂ ਇਲਾਵਾ ਦੂਜੇ ਪੜਾਅ ਵਿੱਚ ਅਜਿਹੇ ਵਿਅਕਤੀਆਂ ਦੇ ਸ਼ਕਤੀਕਰਨ ਲਈ 13 ਹੋਰ ਨਵੀਆਂ ਯੋਜਨਾਵਾਂ ਉਲੀਕਣ ਦੀ ਤਜਵੀਜ਼ ਹੈ। ਇਸ ਯੋਜਨਾ ਦਾ ਉਦੇਸ਼ ਸਰਕਾਰੀ ਅਤੇ ਜਨਤਕ ਇਮਾਰਤਾਂ, ਜਨਤਕ ਆਵਾਜਾਈ ਅਤੇ ਵੈਬਸਾਈਟਾਂ ਤੱਕ ਪਹੁੰਚ ਬਣਾ ਕੇ ਦਿਵਿਆਂਗ ਵਿਅਕਤੀਆਂ ਨੂੰ ਪੜਾਅਵਾਰ ਢੰਗ ਨਾਲ ਰੁਕਾਵਟ ਰਹਿਤ ਮਾਹੌਲ ਮੁਹੱਈਆ ਕਰਵਾਉਣਾ ਹੈ।
Aruna Chaudhary
ਚੌਧਰੀ ਨੇ ਅੱਗੇ ਕਿਹਾ ਕਿ ਇਸ ਦੇ ਨਾਲ ਹੀ ਪੀ.ਡੀ.ਐਸ.ਵਾਈ. ਦਾ ਟੀਚਾ ਸਰਕਾਰੀ ਨੌਕਰੀਆਂ ਵਿੱਚ ਦਿਵਿਆਂਗ ਵਿਅਕਤੀਆਂ ਦੀਆਂ ਅਸਾਮੀਆਂ ਦੇ ਬੈਕਲਾਗ ਨੂੰ ਭਰਨਾ ਹੈ, ਜਿਸ ਨੂੰ ਰਾਜ ਦੀ ਰੋਜ਼ਗਾਰ ਉਤਪਤੀ ਯੋਜਨਾ ਨੂੰ ਮਨਜ਼ੂਰੀ ਦਿੰਦੇ ਹੋਏ ਮੰਤਰੀ ਮੰਡਲ ਵੱਲੋਂ ਪਹਿਲਾਂ ਹੀ ਪ੍ਰਵਾਨ ਕਰ ਲਿਆ ਗਿਆ ਹੈ। ਰੋਜ਼ਗਾਰ ਉਤਪਤੀ ਵਿਭਾਗ ਰਾਹੀਂ ਅਗਲੇ ਛੇ ਮਹੀਨਿਆਂ ਦੌਰਾਨ ਦਿਵਿਆਂਗ ਵਿਅਕਤੀਆਂ ਦੀਆਂ ਖਾਲੀ ਅਸਾਮੀਆਂ ਨੂੰ ਭਰਨ ’ਤੇ ਵਧੇਰੇ ਜ਼ੋਰ ਦੇਵੇਗਾ।ਉਨਾਂ ਕਿਹਾ ਕਿ ਦਿਵਿਆਂਗ ਵਿਅਕਤੀਆਂ ਨੂੰ ਪਹਿਲ ਦੇ ਆਧਾਰ ਉਤੇ ਮਿਲਕ ਬੂਥ ਦਿੱਤੇ ਜਾਣਗੇ ਤਾਂ ਜੋ ਉਹ ਆਤਮ ਨਿਰਭਰ ਹੋਣ।
ਸਕੂਲ ਜਾਣ ਵਾਲੇ ਦਿਵਿਆਂਗ ਵਿਦਿਆਰਥੀਆਂ ਨੂੰ ਟਰਾਈ ਸਾਈਕਲ ਮੁਹੱਈਆ ਕਰਵਾਏ ਜਾਣਗੇ ਤਾਂ ਜੋ ਉਨਾਂ ਨੂੰ ਸਿੱਖਿਆ ਪ੍ਰਾਪਤ ਕਰਨ ਵਿੱਚ ਕੋਈ ਦਿੱਕਤ ਪੇਸ਼ ਨਾ ਆਵੇ। ਕੈਬਨਿਟ ਮੰਤਰੀ ਸ੍ਰੀਮਤੀ ਚੌਧਰੀ ਨੇ ਅੱਗੇ ਕਿਹਾ ਕਿ ਇਸ ਯੋਜਨਾ ਦੇ ਦੂਜੇ ਪੜਾਅ ਤਹਿਤ ਉਨਾਂ ਪਹਿਲੂਆਂ ਅਤੇ ਜ਼ਰੂਰਤਾਂ ਨੂੰ ਕਵਰ ਕਰਨ ਲਈ ਨਵੇਂ ਉਪਰਾਲੇ/ਪ੍ਰੋਗਰਾਮ ਹੋਣਗੇ।
Captain Amarinder Singh
ਉਨਾਂ ਦੁਹਰਾਇਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਸੂਬਾ ਸਰਕਾਰ ਦਿਵਿਆਂਗ ਵਿਅਕਤੀਆਂ ਦੇ ਸਰਬਪੱਖੀ ਵਿਕਾਸ ਲਈ ਦਿ੍ਰੜ ਹੈ ਅਤੇ ਸਰਕਾਰ ਵੱਲੋਂ ਵਿਸ਼ੇਸ਼ ਯੋਜਵਾਨਾਂ ਉਲੀਕੀਆਂ ਗਈਆਂ ਹਨ।ਉਨਾਂ ਕਿਹਾ ਕਿ ਦਿਵਿਆਂਗ ਵਿਅਕਤੀਆਂ ਨੂੰ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਬਾਰੇ ਅਤੇ ਉਨਾਂ ਨੂੰ ਦਰਪੇਸ਼ ਮੁਸ਼ਕਿਲਾਂ ਹੱਲ ਕਰਨ ਲਈ ਵਿਸ਼ੇਸ਼ ਕੈਂਪ ਤੇ ਮੈਡੀਕਲ ਕੈਂਪ ਲਾਏ ਜਾਣਗੇ ਅਤੇ ਕੌਂਸਲਿੰਗ ਕੀਤੀ ਜਾਵੇਗੀ ਤੇ ਸਮਾਜ ਦੀ ਮੁੱਖ ਧਾਰਾ ਵਿੱਚ ਸ਼ਾਮਲ ਕਰਨ ਲਈ ਕੋਈ ਕਸਰ ਬਾਕੀ ਨਹੀਂ ਰਹਿਣ ਦਿੱਤੀ ਜਾਵੇਗੀ।